Latest News
ਲੋਕ ਸਭਾ ਚੋਣਾਂ ਲਈ ਪਹਿਲੇ ਦਿਨ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ
ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੋਟੀਫੀਕੇਸ਼ਨ ਜਾਰੀ ਹੋਣ ਪਿੱਛੋਂ ਪਹਿਲੇ ਦਿਨ 6 ਉਮੀਦਵਾਰਾਂ ਵੱਲੋਂ ਵੱਖ-ਵੱਖ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀ ਸੁਪ੍ਰੀਤ ਸਿੰਘ ਗੁਲਾਟੀ ਨੇ ਕਿਹਾ ਕਿ ਸੀ.ਪੀ.ਆਈ. (ਐੱਮ) ਦੇ ਉਮੀਦਵਾਰ ਸ੍ਰੀ ਬਲਬੀਰ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਗਜ਼ ਦਾਖਲ ਕੀਤੇ ਗਏ ਹਨ, ਜਦਕਿ ਰਘੂਨਾਥ ਸਿੰਘ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਤੋਂ ਇਲਾਵਾ ਰਜਿੰਦਰ ਸਿੰਘ ਪਵਾਰ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਪਟਿਆਲਾ ਹਲਕੇ ਤੋਂ, ਮਨੋਜ ਕੁਮਾਰ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ \'ਤੇ ਹਲਕਾ ਸੰਗਰੂਰ ਤੋਂ, ਮਨਪ੍ਰੀਤ ਸਿੰਘ ਆਜ਼ਾਦ ਉਮੀਦਵਾਰ ਹਲਕਾ ਬਠਿੰਡਾ, ਬਾਦਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਹਲਕਾ ਫਰੀਦਕੋਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਤੋਂ ਸੁਖਚੈਨ ਚੰਦ ਨੇ ਡੈਮੋਕਰੇਟਿਕ ਭਾਰਤੀਯ ਸਮਾਜ ਪਾਰਟੀ ਵੱਲੋਂ ਕਾਗਜ਼ ਦਾਖਲ ਕੀਤੇ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਿਨਾਂ ਪ੍ਰਵਾਨਗੀ ਰੈਲੀ ਕਰਨ \'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਨੋਟਿਸ ਜਾਰੀ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀ ਬੀ. ਪੁਰੂਸ਼ਾਰਥਾ ਨੇ ਦੱਸਿਆ ਕਿ ਜਲੰਧਰ ਪੁਲਸ ਵੱਲੋਂ ਅੱਜ ਇੱਕ ਹਾਲ ਵਿੱਚੋਂ 30 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ ਹੈ, ਜੋ ਕਿ ਇੰਦੌਰ ਤੋਂ ਲਿਆਂਦੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 31.62 ਕੁਇੰਟਲ ਭੁੱਕੀ ਬਰਾਮਦ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਇਲੈਕਟ੍ਰਾਨਿਕ ਮੀਡੀਆ, ਐੱਫ ਐੱਮ ਚੈਨਲਾਂ, ਕੇਬਲ ਨੈੱਟਵਰਕ ਆਦਿ \'ਤੇ ਇਸ਼ਤਿਹਾਰਬਾਜ਼ੀ ਦੀ ਮਨਜ਼ੂਰੀ ਲੈਣ ਦੀ ਪ੍ਰਕਿਰਿਆ ਵਿਚ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਦੀ ਸਹੂਲਤ ਲਈ ਫਾਈਨਲ ਇਸ਼ਤਿਹਾਰ ਦੀ ਵੀਡੀਓ ਦੀ ਥਾਂ ਪ੍ਰਸਤਾਵਿਤ ਇਸ਼ਤਿਹਾਰ ਦਾ ਮੁਕੰਮਲ ਵੇਰਵਾ ਵੀ ਮੀਡੀਆ ਸਰਟੀਫੀਕੇਸ਼ਨ ਤੇ ਮੌਨੀਟਰਿੰਗ ਕਮੇਟੀ ਨੂੰ ਮਨਜ਼ੂਰੀ ਲਈ ਪੇਸ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕਮੇਟੀ ਵੱਲੋਂ ਪ੍ਰਸਤਾਵਿਤ ਇਸ਼ਤਿਹਾਰ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਸਿਆਸੀ ਪਾਰਟੀ ਜਾਂ ਉਮੀਦਵਾਰ ਫਾਈਨਲ ਵੀਡੀਓ ਬਾਅਦ ਵਿਚ ਵੀ ਜਮ੍ਹਾ ਕਰਵਾ ਸਕਦੇ ਹਨ।

521 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper