Latest News
10 ਸਾਲਾਂ ਦੀ ਵਿਨਾਸ਼ਕਾਰੀ ਵਿਰਾਸਤ ਨੂੰ ਖਤਮ ਕਰਨ ਲਈ ਛੇ ਮਹੀਨੇ ਕਾਫੀ ਨਹੀਂ : ਮੁੱਖ ਮੰਤਰੀ

Published on 16 Sep, 2017 11:42 AM.


ਲੰਡਨ/ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਆਲੋਚਕਾਂ ਉੱਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਅਜੇ ਸੱਤਾ ਸੰਭਾਲੇ ਮੁਸ਼ਕਲ ਨਾਲ ਛੇ ਮਹੀਨੇ ਹੀ ਹੋਏ ਹਨ ਪਰ ਉਨ੍ਹਾਂ ਦੀ ਸਰਕਾਰ ਨੇ ਨਾ ਕੇਵਲ ਆਪਣੇ ਬਹੁਤ ਸਾਰੇ ਚੋਣ ਵਾਅਦਿਆਂ ਨੂੰ ਲਾਗੂ ਕਰ ਦਿੱਤਾ ਹੈ, ਸਗੋਂ ਸੂਬੇ ਦੀ ਡਾਵਾਂਡੋਲ ਹੋਈ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਵੀ ਤੇਜ਼ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਜਾਰੀ ਇੱਕ ਬਿਆਨ ਵਿਚ ਕਿਹਾ ਹੈ ਕਿ ਸੂਬੇ ਨੂੰ ਗੰਭੀਰ ਵਿੱਤੀ ਸੰਕਟ ਵਿਚ ਸੁੱਟ ਦੇਣ ਤੋਂ ਬਾਅਦ ਹੁਣ ਅਕਾਲੀ ਆਗੂ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਵਜੋਂ ਘਟੀਆ ਸਿਆਸਤ ਉੱਤੇ ਉਤਰ ਆਏ ਹਨ। ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਦੀ ਸਿਆਸੀ ਫਿਲਾਸਫੀ ਹਮੇਸ਼ਾ ਹੀ ਨਾਕਾਰਾਤਮਿਕ ਰਹੀ ਹੈ ਅਤੇ ਇਹ ਪੰਜਾਬ ਚੋਣਾਂ ਵਿਚ ਵੱਡੀ ਢਾਹ ਲੱਗਣ ਦੇ ਬਾਵਜੂਦ ਲਗਾਤਾਰ ਇਸੇ ਸਿਆਸਤ ਵਿਚ ਗਲਤਾਨ ਹੋਈ ਪਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਜਾਦੂ ਦੀ ਛੜੀ ਨਹੀਂ ਹੈ, ਜੋ ਕਿ ਇਸ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ 10 ਸਾਲ ਦੇ ਕੁਸ਼ਾਸਨ ਦੌਰਾਨ ਵਿਰਾਸਤ ਵਿਚ ਮਿਲੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਇਸ ਨੇ ਨਾ ਕੇਵਲ ਸੂਬੇ ਵਿਚ ਵਿਕਾਸ ਦੇ ਮੰਚ ਨੂੰ ਸਥਾਪਤ ਕੀਤਾ ਹੈ, ਸਗੋਂ ਇਸ ਨੇ ਸੂਬੇ ਦੀ ਪ੍ਰਗਤੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਆਪਣੀ ਵਚਨਬੱਧਤਾ ਅਤੇ ਇੱਛਾ ਨੂੰ ਪ੍ਰਗਟਾਇਆ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪਹਿਲਾਂ ਹੀ ਸ਼ੁਰੂ ਕੀਤੀ ਪ੍ਰਕ੍ਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਜ਼ਿੰਮੇਵਾਰੀ ਅਤੇ ਬੱਜਟ ਪ੍ਰਬੰਧ (ਐੱਫ.ਆਰ.ਬੀ.ਐੱਮ) ਐਕਟ, 2003 ਵਿਚ ਢਿੱਲ ਦਿੱਤੇ ਜਾਣ ਅਤੇ ਕਰਜ਼ੇ ਦੀ ਹੱਦ ਵਿਚ ਵਾਧਾ ਕੀਤੇ ਜਾਣ ਦੇ ਸੰਬੰਧ ਵਿਚ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਸਹਾਇਤਾ ਦਾ ਇੰਤਜ਼ਾਰ ਕਰ ਰਹੀ ਹੈ ਤਾਂ ਜੋ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਕੀਤਾ ਵਾਅਦਾ ਪੂਰਾ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਹੈ। ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਹੋਈ ਦੇਰੀ ਉੱਤੇ ਦੁੱਖ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੀ.ਐੱਸ.ਟੀ ਦੇ ਬਾਰੇ ਕੇਂਦਰ ਸਰਕਾਰ ਦਾ ਯੋਗਦਾਨ ਜੋ ਜੂਨ ਵਿਚ ਪ੍ਰਾਪਤ ਹੋਣਾ ਸੀ, ਨੂੰ ਸਤੰਬਰ ਤੱਕ ਪਿੱਛੇ ਪਾ ਦਿੱਤਾ ਗਿਆ ਹੈ, ਜਿਸ ਦੇ ਕਾਰਨ ਤਨਖਾਹਾਂ ਦਾ ਭੁਗਤਾਨ ਕਰਨ ਨੂੰ ਵੀ ਅੱਗੇ ਪਾਉਣਾ ਪਿਆ ਹੈ। ਉਨ੍ਹਾ ਕਿਹਾ ਕਿ ਬਦਕਿਸਮਤੀ ਨਾਲ ਸੂਬੇ ਦਾ ਖਜ਼ਾਨਾ ਖਾਲੀ ਹੈ ਅਤੇ ਸੂਬਾ ਸਰਕਾਰ ਮੌਜੂਦਾ ਪ੍ਰਸਥਿਤੀਆਂ ਵਿਚ ਸਰਕਾਰੀ ਖਜ਼ਾਨੇ ਤੋਂ ਤਨਖਾਹਾਂ ਦੇਣ ਦੀ ਸਥਿਤੀ ਵਿਚ ਨਹੀਂ ਹੈ। ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਸੂਬੇ ਵਿਚ ਇਨ੍ਹਾਂ ਛੇ ਮਹੀਨਿਆਂ ਦੌਰਾਨ ਨਸ਼ੇ ਮਾਫੀਆ ਦਾ ਲੱਕ ਤੋੜਨ ਵਿਚ ਸਫਲਤਾ ਹਾਸਲ ਹੋਈ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਪਹਿਲਾਂ ਹੀ ਤਿੰਨ ਲੱਖ ਦੇ ਕਰੀਬ ਨੌਕਰੀਆਂ ਪੈਦਾ ਕਰ ਦਿੱਤੀਆਂ ਹਨ।

1145 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper