Latest News
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ 6 ਮਈ ਨੂੰ ਕਾਂਗਰਸੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਕੀਤੀ ਜਾਵੇਗੀ ਭੁੱਖ ਹੜਤਾਲ

Published on 18 Apr, 2018 11:50 AM.


ਜਲੰਧਰ (ਨ ਜ਼ ਸ)
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸੰਬੰਧਤ ਦੁਆਬਾ ਅਤੇ ਮਾਝਾ ਖੇਤਰ ਦੇ ਜ਼ਿਲ੍ਹਿਆਂ ਜਲੰਧਰ, ਨਵਾਂ ਸ਼ਹਿਰ, ਕਪੂਰਥਲਾ, ਰੋਪੜ, ਮੋਹਾਲੀ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ ਦੇ ਆਗੂਆਂ ਦੀ ਇਕ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਆਗੂਆਂ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਪ੍ਰਤੀ ਸਰਕਾਰ ਦੇ ਦੋਖੀ ਰਵੱਈਏ ਦੀ ਕਰੜੀ ਨਿੰਦਾ ਕੀਤੀ ਤੇ ਸਰਕਾਰ ਖਿਲਾਫ਼ ਸੰਘਰਸ਼ ਦੀ ਕਰੜੀ ਰੂਪ-ਰੇਖਾ ਤਿਆਰ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਮਜ਼ਦੂਰ ਦਿਵਸ ਵਾਲੇ ਦਿਨ 1 ਮਈ ਨੂੰ ਪੰਜਾਬ ਭਰ ਵਿਚ ਬਲਾਕ ਪੱਧਰ 'ਤੇ ਕਾਲੇ ਝੰਡੇ ਹੱਥਾਂ ਵਿਚ ਫੜ ਕੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਸੜਕਾਂ 'ਤੇ ਉੱਤਰ ਕੇ ਰੋਸ ਪ੍ਰਦਰਸ਼ਨ ਕਰਨਗੀਆਂ, ਜਦ ਕਿ 6 ਮਈ ਨੂੰ ਸੂਬੇ ਦੇ 77 ਕਾਂਗਰਸੀ ਵਿਧਾਇਕਾਂ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਤ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਆਪਣੇ ਬੱਚਿਆਂ ਸਮੇਤ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ 14 ਮਈ ਤੋਂ 19 ਮਈ ਤੱਕ ਲਗਾਤਾਰ 5 ਦਿਨ ਯੂਨੀਅਨ ਵੱਲੋਂ ਕਾਂਗਰਸੀ ਮੰਤਰੀਆਂ ਦੇ ਬੂਹਿਆਂ ਅੱਗੇ ਭੁੱਖ ਹੜਤਾਲ ਰੱਖੀ ਜਾਵੇਗੀ। ਸੂਬਾ ਪ੍ਰਧਾਨ ਨੇ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਉਹਨਾਂ ਦਾ ਬਣਦਾ ਹੱਕ ਦਿਵਾਉਣ ਲਈ ਸਰਕਾਰ ਨਾਲ ਲੰਮੇ ਸਮੇਂ ਤੋਂ ਲੜਾਈ ਲੜੀ ਜਾ ਰਹੀ ਹੈ, ਪਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਾਂ ਤਾਂ ਕੀ ਮੰਨਣੀਆਂ ਸਨ, ਸਗੋਂ ਅਜੇ ਤੱਕ ਮੀਟਿੰਗ ਕਰਨ ਦਾ ਸਮਾਂ ਵੀ ਨਹੀਂ ਦਿੱਤਾ। ਜੋ ਸਮਝੌਤੇ ਜਥੇਬੰਦੀ ਨਾਲ ਕਾਂਗਰਸੀ ਮੰਤਰੀਆਂ ਨੇ ਕੀਤੇ ਸਨ, ਉਹਨਾਂ ਨੂੰ ਵੀ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਜਿਸ ਕਰਕੇ ਸੂਬੇ ਦੀਆਂ 54 ਹਜ਼ਾਰ ਵਰਕਰਾਂ ਅਤੇ ਹੈਲਪਰਾਂ ਵਿਚ ਭਾਰੀ ਬੇਚੈਨੀ ਤੇ ਰੋਹ ਫੈਲਿਆ ਹੋਇਆ ਹੈ। ਜੋ ਕਦੇ ਵੀ ਅੱਗ ਦਾ ਭਾਂਬੜ ਬਣ ਕੇ ਮਚ ਸਕਦਾ ਹੈ। ਮੀਟਿੰਗ ਵਿਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਵਰਕਰਾਂ/ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ। ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ ਕਲਾਸਾਂ ਵਿਚ ਦਾਖਲ ਕੀਤੇ ਗਏ 3 ਤੋਂ 6 ਸਾਲ ਤੱਕ ਦੇ ਬੱਚੇ 26 ਨਵੰਬਰ 2017 ਦੇ ਨੋਟੀਫਿਕੇਸ਼ਨ ਅਨੁਸਾਰ ਵਾਪਸ ਆਂਗਨਵਾੜੀ ਕੇਂਦਰਾਂ ਵਿਚ ਭੇਜੇ ਜਾਣ ਅਤੇ ਅੱਗੇ ਤੋਂ ਇਸ ਉਮਰ ਵਰਗ ਦੇ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕਰਨਾ ਬੰਦ ਕੀਤਾ ਜਾਵੇ।
ਐੱਨ ਜੀ ਓ ਨੂੰ ਦਿੱਤੇ ਹੋਏ ਬਲਾਕ ਨੋਟੀਫਿਕੇਸ਼ਨ ਅਨੁਸਾਰ ਮੁੱਖ ਵਿਭਾਗ ਵਿਚ ਤਬਦੀਲ ਕੀਤੇ ਜਾਣ। ਇਸੇ ਦੌਰਾਨ ਆਂਗਨਵਾੜੀ ਵਰਕਰਾਂ/ਹੈਲਪਰਾਂ ਦੇ ਸੰਘਰਸ਼ ਨੂੰ ਹੋਰ ਬਲ ਮਿਲਿਆ। ਜਦ ਅਸੂਲ ਮੰਚ ਪੰਜਾਬ ਦੇ ਕਨਵੀਨਰ ਬਲਵਿੰਦਰ ਸਿੰਘ, ਆਗੂ ਹਮੀਰ ਸਿੰਘ ਅਤੇ ਪ੍ਰੋ : ਜਗਮੋਹਨ ਸਿੰਘ ਨੇ ਮੀਟਿੰਗ ਵਿਚ ਪੁੱਜ ਕੇ ਵਰਕਰਾਂ ਤੇ ਹੈਲਪਰਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ, ਜਦ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਵੀ ਅਸੂਲ ਮੰਚ ਪੰਜਾਬ ਦਾ ਹਰ ਥਾਂ ਸਾਥ ਦੇਵੇਗੀ।
ਇਸ ਮੌਕੇ ਜਸਵੀਰ ਕੌਰ ਦਸੂਹਾ, ਸ਼ਿੰਦਰਪਾਲ ਕੌਰ ਥਾਂਦੇਵਾਲਾ, ਸਤਵੰਤ ਕੌਰ ਭੋਗਪੁਰ, ਰੀਮਾ ਰਾਣੀ ਰੋਪੜ, ਬਲਜੀਤ ਕੌਰ ਕੁਰਾਲੀ, ਮਨਜੀਤ ਕੌਰ ਸੁਲਤਾਨਪੁਰ ਲੋਧੀ, ਬਿਮਲਾ ਦੇਵੀ ਫਗਵਾੜਾ, ਜਤਿੰਦਰ ਕੌਰ ਚੋਹਲਾ ਸਾਹਿਬ, ਸੁਖਵਿੰਦਰ ਕੌਰ ਵਲਟੋਹਾ, ਗੁਰਪਿੰਦਰ ਕੌਰ ਵੇਰਕਾ, ਸੁਨੀਤਾ ਲੋਹੀਆਂ, ਸੁਮਨ ਨਰੋਟ ਆਦਿ ਆਗੂ ਮੌਜੂਦ ਸਨ।

1000 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper