Latest News
ਜੇਲ੍ਹਾਂ 'ਚ ਨਸ਼ਾ ਤੇ ਗੁੰਡਾਗਰਦੀ ਬਰਦਾਸ਼ਤ ਨਹੀਂ : ਰੰਧਾਵਾ

Published on 04 May, 2018 11:52 AM.


ਹੁਸ਼ਿਆਰਪੁਰ (ਜਗਤਾਰ ਬ੍ਰਹਮੀ/ ਬਲਬੀਰ ਸੈਣੀ)
ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜ ਦੀਆਂ ਜੇਲ੍ਹਾਂ ਵਿੱਚ ਨਸ਼ਾ ਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖਿਲਾਫ਼ ਸਖਤੀ ਨਾਲ ਨਜਿੱਠਿਆ ਜਾਵੇਗਾ। ਉਹ ਅੱਜ ਮੁਕੇਰੀਆਂ ਵਿਖੇ ਪਹੁੰਚੇ ਹੋਏ ਸਨ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਐੱਮ.ਪੀ. ਗੁਰਦਾਸਪੁਰ ਸ੍ਰੀ ਸੁਨੀਲ ਕੁਮਾਰ ਜਾਖੜ, ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ, ਹਲਕਾ ਵਿਧਾਇਕ ਗੁਰਦਾਸਪੁਰ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐੱਸ.ਐੱਸ.ਪੀ. ਸ੍ਰੀ ਜੇ. ਏਲਨਚੇਲੀਅਨ ਅਤੇ ਐੱਸ.ਡੀ.ਐੱਮ. ਮੁਕੇਰੀਆਂ ਸ੍ਰੀ ਹਰਚਰਨ ਸਿੰਘ ਵੀ ਮੌਜੂਦ ਸਨ। ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ ਦੀ ਅਗਵਾਈ ਵਿੱਚ ਕਰਵਾਏ ਗਏ ਸਵਾਗਤੀ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ ਦੇ ਸਵਰਗਵਾਸੀ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਕੇਵਲ ਕ੍ਰਿਸ਼ਨ ਨੇ ਕਈ ਸਾਲ ਇਸ ਖੇਤਰ ਦੀ ਨੁਮਾਇੰਦਗੀ ਕੀਤੀ ਹੈ ਅਤੇ ਭਾਰੀ ਸੰਖਿਆ ਵਿੱਚ ਲੋਕਾਂ ਨੇ ਪਹੁੰਚ ਕੇ ਇਹ ਸਾਬਤ ਕੀਤਾ ਹੈ ਕਿ ਉਹ ਇਸ ਪਰਵਾਰ ਨਾਲ ਜ਼ਮੀਨੀ ਪੱਧਰ 'ਤੇ ਜੁੜੇ ਹੋਏ ਹਨ। ਇਸ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਆ ਅਤੇ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਸੈਂਟਰਲ ਇੰਡਸਟਰੀਅਲ ਸਕਿਉਰਟੀ ਫੋਰਸ (ਸੀ.ਆਈ.ਐੱਸ.ਐੱਫ) ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਦੋ ਕੰਪਨੀਆਂ ਦੇ 186 ਜਵਾਨਾਂ ਨੂੰ ਰਾਜ ਦੀਆਂ 6 ਜੇਲ੍ਹਾਂ ਵਿੱਚ ਬਣਾਏ ਸਕਿਉਰਟੀ ਜ਼ੋਨਾਂ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕਰਨ ਲਈ ਜੇਲ੍ਹ ਸੁਪਰਡੈਂਟਾਂ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸੇ ਕੜੀ ਦੇ ਮੱਦੇਨਜ਼ਰ ਬੀਤੇ ਦਿਨੀਂ ਗੁਰਦਾਸਪੁਰ ਜੇਲ੍ਹ ਅੰਦਰ ਅਣਗਹਿਲੀ ਕਾਰਨ 9 ਮੋਬਾਇਲ ਮਿਲਣ 'ਤੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨੂੰ ਮੁਅੱਤਲ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਵੀ ਅੱਤਵਾਦੀਆਂ ਦਾ ਸਖਤੀ ਨਾਲ ਮੁਕਾਬਲਾ ਕੀਤਾ ਸੀ ਅਤੇ ਹੁਣ ਵੀ ਗੈਂਗਸਟਰਾਂ ਖਿਲਾਫ਼ ਸਖਤੀ ਨਾਲ ਨਜਿੱਠ ਕੇ ਰਾਜ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇਗਾ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੋਟਲੀ ਖਾਸ ਤੇ ਹਰਦੋਖੁੰਦਪੁਰ ਸੁਸਾਇਟੀ ਵਿਖੇ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਸੰਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਉਕਤ ਸੁਸਾਇਟੀ ਨਾਲ ਸੰਬੰਧਤ ਦੋਸ਼ੀਆਂ ਖਿਲਾਫ਼ ਮਿੱਥੇ ਸਮੇਂ ਦੌਰਾਨ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3590 ਕੋਆਪਰੇਟਿਵ ਸੁਸਾਇਟੀਆਂ ਹਨ, ਜਿਨ੍ਹਾਂ ਵਿੱਚੋਂ 1900 ਦੇ ਕਰੀਬ ਸੁਸਾਇਟੀਆਂ ਲਾਭ ਵਿੱਚ ਹਨ ਅਤੇ ਬਾਕੀ ਘਾਟੇ ਵਿੱਚ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਘਾਟੇ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੀ ਜਾਂਚ ਕੀਤੀ ਜਾਵੇਗੀ, ਉਥੇ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਦੀਆਂ ਕੋਆਪਰੇਟਿਵ ਸੁਸਾਇਟੀਆਂ ਵਿੱਚ ਹੋਏ ਬਹੁ-ਕਰੋੜੀ ਘੁਟਾਲਿਆਂ ਦੀ ਸੂਬਾ ਸਰਕਾਰ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸੁਸਾਇਟੀਆਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਘੁਟਾਲੇ ਦਾ ਕੇਸ ਸਾਹਮਣੇ ਆਵੇਗਾ, ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਐੱਮ.ਪੀ. ਗੁਰਦਾਸਪੁਰ ਸ੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਰਾਜ ਨੂੰ ਬੇਹੱਦ ਪਿੱਛੇ ਧਕੇਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਪੈਰਾਂ ਸਿਰ ਕਰਨ ਲਈ ਅਜੇ ਕੁਝ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਰਾਜ ਵਿੱਚ ਬਹੁਤ ਤਾਕਤ ਹੁੰਦੀ ਹੈ ਅਤੇ ਲੋਕਾਂ ਦੁਆਰਾ ਚੁਣੀ ਗਈ ਕਾਂਗਰਸ ਸਰਕਾਰ ਲੋਕਾਂ ਲਈ ਕੰਮ ਕਰੇਗੀ ਅਤੇ ਰਾਜ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਸਭ ਧਿਰਾਂ ਨੂੰ ਨਾਲ ਲੈ ਕੇ ਅੱਗੇ ਵਧੇਗੀ। ਹਲਕਾ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਕੇਰੀਆਂ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਯੋਗ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੂੰ ਵਧਾਈਆਂ ਦੇਣ ਲਈ ਭਾਰੀ ਸੰਖਿਆ ਵਿੱਚ ਹਲਕਾ ਨਿਵਾਸੀ ਪਹੁੰਚੇ ਹੋਏ ਸਨ।

2658 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper