Latest News
ਕੈਪਟਨ ਵੱਲੋਂ ਬੀ ਐੱਸ ਬੀਰ ਦੀ ਮੌਤ 'ਤੇ ਦੁੱਖ ਪ੍ਰਗਟ

Published on 11 Jan, 2019 11:36 AM.


ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐੱਸ. ਬੀਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਦੇ ਵਿਛੋੜੇ ਨਾਲ ਪੱਤਰਕਾਰੀ ਅਤੇ ਸਾਹਿਤਕ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਐੱਸ. ਬੀਰ ਇੱਕ ਬਹੁ-ਪੱਖੀ ਸ਼ਖਸੀਅਤ ਹੋਣ ਦੇ ਨਾਲ-ਨਾਲ ਬਹੁਤ ਵਧੀਆ ਵਿਅਕਤੀ ਸਨ, ਜਿਨ੍ਹਾਂ ਨੇ ਪੰਜਾਬੀਆਂ ਦੇ ਦਿਲ ਅਤੇ ਦਿਮਾਗ 'ਤੇ ਆਪਣੀ ਡੂੰਘੀ ਛਾਪ ਛੱਡੀ ਹੈ। ਮੁੱਖ ਮੰਤਰੀ ਨੇ ਪੀੜਤ ਪਰਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਬੀਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਪੰਜਾਬੀ ਪੱਤਰਕਾਰੀ ਵਿੱਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ।

232 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper