Latest News
ਵੋਟ ਪਾ ਕੇ ਆ ਰਿਹਾ ਕਾਂਗਰਸ ਹਮਾਇਤੀ ਕਤਲ

Published on 19 May, 2019 10:56 AM.


ਅੰਮ੍ਰਿਤਸਰ/ਤਰਨ ਤਾਰਨ/ਜੰਡਿਆਲਾ ਗੁਰੂ, ਫਤਿਆਬਾਦ (ਅਵਤਾਰ ਆਨੰਦ, ਬਲਦੇਵ ਪਨੂੰ, ਸਾਗਰਦੀਪ ਸਿੰਘ ਅਰੋੜਾ, ਹਰਜਿੰਦਰ ਪਾਲ ਸਿੰਘ, ਸਰਬਜੋਤ ਸਿੰਘ)
ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਸਰਲੀ ਜ਼ਿਲ੍ਹਾ ਤਰਨ ਤਾਰਨ ਵਿਖੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਵੋਟਾਂ ਦੀ ਰੰਜਿਸ਼ ਕਾਰਨ ਬੰਟੀ ਪੁੱਤਰ ਚਰਨਜੀਤ ਸਿੰਘ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਗਿਆ। ਬੰਟੀ ਦੇ ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਬੰਟੀ ਵੋਟ ਪਾਉਣ ਤੋਂ ਬਾਅਦ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਨੌਜਵਾਨ ਆਏ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਬੇਰਹਿਮੀ ਨਾਲ ਦਾਤਰ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਦੱਸਿਆ ਗਿਆ ਹੈ ਕਿ ਬੰਟੀ ਕਾਂਗਰਸ ਨਾਲ ਸੰਬੰਧ ਰੱਖਦਾ ਸੀ। ਐੱਸ ਐੱਸ ਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਹ ਝਗੜਾ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਨਹੀਂ ਹੋਇਆ, ਇਨ੍ਹਾਂ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਜਦ ਕਿ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਘਟਨਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੀ ਵਾਪਰੀ ਹੈ।

209 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper