Latest News
ਚਾਰ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨ ਨਿਯੁਕਤ

Published on 08 Jul, 2019 11:13 AM.


ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਚਾਰ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨਾਂ ਦੇ ਨਾਂਅ ਕਲੀਅਰ ਕਰ ਦਿੱਤੇ। ਦਲਜੀਤ ਸਿੰਘ ਆਹਲੂਵਾਲੀਆ ਜਲੰਧਰ, ਦਿਨੇਸ ਬੱਸੀ ਅੰਮ੍ਰਿਤਸਰ, ਰਮਨ ਬਾਲਾਸੁਬਰਾਮਨੀਅਮ ਲੁਧਿਆਣਾ ਤੇ ਸੰਤ ਬੰਗਾ ਪਟਿਆਲਾ ਦੇ ਚੇਅਰਮੈਨ ਬਣਾਏ ਗਏ ਹਨ। 26 ਹੋਰ ਟਰੱਸਟਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਵੀ ਆਉਂਦੇ ਦਿਨਾਂ ਵਿੱਚ ਕਰ ਦਿੱਤੀ ਜਾਵੇਗੀ।
ਕੈਪਟਨ ਨੇ ਫੌਰੀ ਆਧਾਰ 'ਤੇ ਪੁਰ ਕਰਨ ਵਾਲੀਆਂ ਅਤਿ-ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨ੍ਹਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾ ਸਿੱਖਿਆ ਵਿਭਾਗ ਦੀ ਤਰਜ਼ 'ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ ਹੁਕਮ ਦਿੱਤੇ।
ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 9ਵੀਂ, 11ਵੀਂ ਅਤੇ ਕਾਲਜ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐੱਨ ਸੀ ਸੀ ਦੀ ਲਾਜ਼ਮੀ ਸਿਖਲਾਈ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਨ੍ਹਾਂ ਜ਼ਿਲ੍ਹਿਆਂ ਵਿੱਚ 365 ਹਾਈ ਸਕੂਲ ਅਤੇ 365 ਸੀਨੀਅਰ ਸੈਕੰਡਰੀ ਸਕੂਲ ਹਨ। ਇਹ ਫੈਸਲਾ ਡੀ.ਈ.ਓਜ਼ ਵੱਲੋਂ ਵਿੱਤ ਵਿਭਾਗ ਨੂੰ ਪੇਸ਼ ਕੀਤੇ ਰਸਮੀ ਪ੍ਰਸਤਾਵ ਦੇ ਆਧਾਰ 'ਤੇ ਲਿਆ ਗਿਆ ਹੈ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਪ੍ਰਵਾਨ ਕਰਦੇ ਹੋਏ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਅਤੇ ਨੀਮ ਫੌਜੀ ਬਲਾਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਅਨੁਸ਼ਾਸਨ ਦੀ ਸਖਤ ਭਾਵਨਾ ਵੀ ਪੈਦਾ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਇਹ ਸਿਖਲਾਈ ਸੂਬੇ ਦੇ ਸਾਰੇ ਸਕੂਲਾਂ ਵਿੱਚ ਲਾਜ਼ਮੀ ਬਣਾਈ ਜਾਵੇਗੀ। ਇਸ ਸੰਬੰਧ ਵਿੱਚ ਜ਼ਰੂਰੀ ਵਿਧੀ-ਵਿਧਾਨ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਭਰਤੀ ਅਤੇ ਹੋਰ ਅਹਿਮ ਮੁੱਦਿਆਂ ਬਾਰੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਤਕਰੀਬਨ 29 ਹਜ਼ਾਰ ਅਸਾਮੀਆਂ ਪਹਿਲੇ ਪੜਾਅ ਦੌਰਾਨ ਅਤੇ ਹੋਰ 15000 ਦੂਜੇ ਪੜਾਅ ਵਿੱਚ ਪੁਰ ਕੀਤੀਆਂ ਜਾਣ।
ਇਨ੍ਹਾਂ ਪੜਾਵਾਂ ਵਿੱਚ ਅਤਿ-ਲੋੜੀਂਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਡਾਕਟਰਾਂ, ਨਰਸਾਂ, ਅਧਿਆਪਕਾਂ ਆਦਿ ਵਰਗੀਆਂ ਤਕਨੀਕੀ/ ਹੁਨਰਮੰਦ ਕਾਡਰ ਦੀਆਂ ਅਸਾਮੀਆਂ ਨੂੰ ਘੋਖਣ ਲਈ ਆਖਿਆ ਹੈ, ਜਿੱਥੇ ਹਰ ਸਾਲ ਦੋ ਫੀਸਦੀ ਸੇਵਾ-ਮੁਕਤੀ ਹੁੰਦੀ ਹੈ।
ਮੀਟਿੰਗ ਦੌਰਾਨ ਵੱਖ-ਵੱਖ ਢੰਗ-ਤਰੀਕਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਵਿੱਚ ਪੁਨਰਗਠਨ, ਵਿਭਾਗਾਂ ਦੇ ਕੰਮਕਾਜ ਨੂੰ ਸਰਲ ਬਣਾਉਣ ਅਤੇ ਹੋਰ ਕੁਸ਼ਲਤਾ ਲਿਆ ਕੇ ਖਰਚੇ ਘਟਾਉਣ ਵਰਗੇ ਕਦਮ ਸ਼ਾਮਲ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪ੍ਰਸੋਨਲ ਵਿਭਾਗ ਨੂੰ ਛੇ ਹਫ਼ਤਿਆਂ ਦੇ ਅੰਦਰ ਪ੍ਰਸਤਾਵ ਲਿਆਉਣ ਲਈ ਆਖਿਆ। ਉਨ੍ਹਾ ਵਿਭਾਗ ਦੇ ਸਕੱਤਰ ਨੂੰ ਇਸ ਸੰਬੰਧ ਵਿੱਚ ਮੁੱਖ ਸਕੱਤਰ ਨਾਲ ਵਿਚਾਰ ਕਰਨ ਤੋਂ ਬਾਅਦ ਅੰਤਮ ਪ੍ਰਸਤਾਵ ਤਿਆਰ ਕਰਨ ਲਈ ਆਖਿਆ।
ਮੁਲਾਜ਼ਮਾਂ ਦੇ ਤਬਾਦਲਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਗਿਆ ਹੈ, ਇਸੇ ਤਰ੍ਹਾਂ ਬਾਕੀ ਸਾਰੇ ਵਿਭਾਗਾਂ ਵਿੱਚ ਵੀ ਇਹੋ ਨੀਤੀ ਲਾਜ਼ਮੀ ਹੋਣੀ ਚਾਹੀਦੀ ਹੈ, ਤਾਂ ਕਿ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ।

235 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper