Latest News
ਕੈਪਟਨ ਵੱਲੋਂ 10 ਕਰੋੜ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ

Published on 12 Jul, 2019 10:33 AM.

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ 'ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪਰੇਖਾ ਤਿਆਰ ਕੀਤੀ। ਜੇਲ੍ਹਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਦੇ ਸੰਬੰਧ ਵਿੱਚ ਤਸੱਲੀ ਦਾ ਪ੍ਰਗਟਾਵਾ ਕੀਤਾ, ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰੋਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ 'ਤੇ ਆ ਗਏ ਹਨ। ਮੁੱਖ ਮੰਤਰੀ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ 'ਤੇ ਹੋਰ ਜ਼ੋਰ ਦੇਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੇ ਸਮਗਲਰ ਸੌਖੇ ਢੰਗ ਨਾਲ ਜ਼ਮਾਨਤ ਪ੍ਰਾਪਤ ਨਾ ਕਰ ਸਕਣ। ਉਨ੍ਹਾ ਨਸ਼ਿਆਂ ਦੇ ਤਸਕਰਾਂ 'ਤੇ ਕਾਨੂੰਨ ਦਾ ਸ਼ਿਕੰਜਾ ਸਖ਼ਤੀ ਨਾਲ ਕੱਸਣ ਵਾਸਤੇ ਜ਼ਿਲ੍ਹਾ ਪੁਲਸ ਨੂੰ ਨਿਰਦੇਸ਼ ਦਿੱਤੇ। ਉਨ੍ਹਾ ਕਿਹਾ ਕਿ ਇਸ ਵਿਸ਼ਾਲ ਕਾਰਜ ਨਾਲ ਇਕੱਲੀ ਐੱਸ ਟੀ ਐੱਫ ਨਹੀ ਨਿਪਟ ਸਕਦੀ।
ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਦਿੱਲੀ ਦੀ ਤਿਹਾੜ ਜੇਲ੍ਹ ਦੀ ਤਰਜ਼ 'ਤੇ ਦੱਖਣੀ ਸੂਬਿਆਂ ਤੋਂ ਸੁਰੱਖਿਆ ਬਟਾਲੀਅਨ ਪ੍ਰਾਪਤ ਕਰਨ ਲਈ ਵਿਚਾਰ ਕਰ ਰਹੀ ਹੈ, ਤਾਂ ਜੋ ਸੁਰੱਖਿਆ ਮੁਲਾਜ਼ਮਾਂ ਅਤੇ ਕੈਦੀਆਂ ਤੇ ਉਨ੍ਹਾਂ ਦੇ ਪਰਵਾਰਾਂ ਵਿਚਕਾਰ ਭਾਸ਼ਾਈ ਅੜਚਨਾਂ ਪੈਦਾ ਕੀਤੀਆਂ ਜਾ ਸਕਣ। ਇਸ ਨਾਲ ਸੁਰੱਖਿਆ ਮੁਲਾਜ਼ਮਾਂ ਦੇ ਕੈਦੀਆਂ ਦੇ ਨੇੜੇ ਜਾਣ 'ਤੇ ਰੋਕ ਲੱਗੇਗੀ।
ਉਹਨਾ ਜੇਲ੍ਹਾਂ ਦੀ ਨਿਯਮਿਤ ਆਧਾਰ 'ਤੇ ਨਿੱਜੀ ਜਾਂਚ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ, ਤਾਂ ਜੋ ਕੈਦੀਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਕੈਦੀਆਂ ਦੀ ਭਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਕੋਈ ਬੁੱਚੜਖਾਨੇ ਨਹੀਂ ਹਨ, ਜਿੱਥੇ ਕੈਦੀਆਂ ਨੂੰ ਵਾੜ ਕੇ ਭੁਲਾ ਦਿੱਤਾ ਜਾਵੇ।
ਸੂਬੇ ਵਿੱਚ ਪਾਣੀ ਦੀ ਨਾਜ਼ੁਕ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸੰਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹੇ ਵਿੱਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ। ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਘਰ ਪੱਧਰ 'ਤੇ ਕੂੜਾ-ਕਰਕਟ ਅੱਡ ਕਰਨ ਦੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ, ਤਾਂ ਜੋ ਸੁੱਕੇ ਅਤੇ ਗਿੱਲੇ ਕੂੜੇ ਨੂੰ ਇਕੱਠਾ ਕਰ ਕੇ ਇਸ ਦਾ ਵੱਖਰੇ-ਵੱਖਰੇ ਤੌਰ 'ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਆਇਨਾ ਕਰਨ ਲਈ ਆਖਿਆ, ਤਾਂ ਜੋ ਇਨ੍ਹਾਂ ਕਾਰਜਾਂ ਦੇ ਉੱਚ ਮਿਆਰ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਤ ਪਿੰਡਾਂ ਦੇ ਸੁਧਾਰ ਅਤੇ ਸਾਫ਼-ਸਫ਼ਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾ ਹਰ ਘਰ ਵਿੱਚ ਫਲਦਾਰ ਬੂਟੇ ਲਾਉਣ ਲਈ ਵੀ ਕਿਹਾ।
ਸਿੱਖਿਆ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਤੀਜਿਆਂ 'ਚ ਸੁਧਾਰ ਹੋਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਪੱਧਰ ਨੂੰ ਉੱਚਾ ਚੁੱਕਣ 'ਤੇ ਸਿੱਖਿਆ ਸਕੱਤਰ ਨੂੰ ਵਧਾਈ ਦਿੱਤੀ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਏ ਸੀ ਐੱਸ ਜੰਗਲਾਤ ਅਤੇ ਜੰਗਲੀ ਜੀਵ ਰੋਸ਼ਨ ਸੁੰਕਾਰੀਆ, ਏ ਸੀ ਅੱੈਸ ਸਿਹਤ ਸਤੀਸ਼ ਚੰਦਰਾ, ਵਿੱਤ ਕਮਿਸ਼ਨਰ ਮਾਲ ਕੇ ਬੀ ਅੱੈਸ ਸਿੱਧੂ, ਵਿੱਤ ਕਮਿਸ਼ਨਰ ਕਰ ਐੱਮ ਪੀ ਸਿੰਘ, ਵਿੱਤ ਕਮਿਸ਼ਨਰ ਵਿਕਾਸ ਵਿਸ਼ਵਾਜੀਤ ਖੰਨਾ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ ਵੇਨੂੰ ਪ੍ਰਸਾਦ, ਡੀ ਜੀ ਪੀ ਦਿਨਕਰ ਗੁਪਤਾ, ਸਕੱਤਰ ਰੁਜ਼ਗਾਰ ਉਤਪਤੀ ਰਾਹੁਲ ਤਿਵਾੜੀ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਏ ਡੀ ਜੀ ਪੀ/ ਐੱਸ ਟੀ ਐੱਫ ਗੁਰਪ੍ਰੀਤ ਦਿਓ ਸ਼ਾਮਲ ਸਨ।

124 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper