Latest News
ਕੈਪਟਨ ਹਰਿਆਣਾ ਨਾਲ ਗੱਲਬਾਤ ਜ਼ਰੀਏ ਸਤਲੁਜ-ਯਮਨਾ ਲਿੰਕ ਨਹਿਰ ਦੇ ਸੁਖਾਵੇਂ ਹੱਲ ਲਈ ਆਸਵੰਦ

Published on 09 Sep, 2019 09:44 AM.

ਐੱਸ ਏ ਐੱਸ ਨਗਰ (ਮੁਹਾਲੀ) (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਗੱਲ ਉਤੇ ਪੂਰਨ ਆਸ ਪ੍ਰਗਟਾਈ ਕਿ ਸਤਲੁਜ-ਯਮਨਾ ਲਿੰਕ (ਐੱਸ ਵਾਈ ਐੱਲ) ਨਹਿਰ ਮਸਲੇ ਦਾ ਸੁਖਾਵਾਂ ਹੱਲ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਜ਼ਰੀਏ ਨਿਕਲ ਆਵੇਗਾ।
ਅੱਜ ਇਥੇ ਡਿਜੀਟਲ ਜਾਂਚ ਸਿਖਲਾਈ ਅਤੇ ਅਧਿਐਨ ਕੇਂਦਰ (ਡੀ ਆਈ ਟੀ ਏ ਸੀ) ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਅਗਵਾਈ ਹੇਠਲੀਆਂ ਟੀਮਾਂ ਪਹਿਲਾਂ ਹੀ ਆਪਸੀ ਗੱਲਬਾਤ ਵਿੱਚ ਲੱਗੀਆਂ ਹੋਈਆਂ ਹਨ ਅਤੇ ਇਸ ਸੰਬੰਧੀ ਤਿੰਨ-ਚਾਰ ਵਾਰ ਗੱਲਬਾਤ ਹੋ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾ ਨੂੰ ਪੂਰਨ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਚਾਰ ਮਹੀਨਿਆਂ ਦੇ ਸਮੇਂ ਅੰਦਰ ਦੋਵੇਂ ਸੂਬੇ ਗੱਲਬਾਤ ਜ਼ਰੀਏ ਇਸ ਮਾਮਲੇ ਦਾ ਹੱਲ ਕੱਢ ਲੈਣਗੇ। ਇਹ ਸਾਰਿਆਂ ਲਈ ਬਿਹਤਰ ਹੋਵੇਗਾ ਕਿ ਜੇ ਇਹ ਮਾਮਲਾ ਗੱਲਬਾਤ ਜ਼ਰੀਏ ਹੱਲ ਹੋ ਜਾਵੇ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਾਫ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਨਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾ ਕਿਹਾ ਕਿ ਸੂਬਾ ਸਰਕਾਰ 'ਤੇ ਸਹਿਯੋਗ ਨਾ ਕਰਨ ਦੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਧਾਰਮਿਕ ਸੰਸਥਾ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸਮਾਗਮ ਕਰਵਾਉਣ ਲਈ ਉਨ੍ਹਾ ਦੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ, ਜਦੋਂ ਕਿ ਸੂਬਾ ਸਰਕਾਰ ਵੱਲੋਂ ਮੁੱਖ ਸਮਾਗਮ ਗੁਰਦੁਆਰਾ ਸਾਹਿਬ ਤੋਂ ਬਾਹਰ ਕਰਵਾਇਆ ਜਾ ਰਿਹਾ ਹੈ, ਜਿਵੇਂ ਕਿ ਪਹਿਲਾਂ ਹੁੰਦੇ ਰਹੇ ਹਨ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਧਾਰਮਿਕ ਸੰਸਥਾ ਹੈ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸਮਾਗਮ ਕਰਵਾਉਣ ਦਾ ਪੂਰਾ ਅਧਿਕਾਰ ਹੈ। ਉਹ ਇਕ ਵਾਰ ਫੇਰ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰਦੇ ਹਨ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਸਾਂਝਾ ਰਾਜ ਪੱਧਰੀ ਸਮਾਗਮ ਕਰਵਾਉਣ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਵੇ।
ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲ ਪੁੱਛੇ ਜਾਣ 'ਤੇ ਕੈਪਟਨ ਨੇ ਕਿਹਾ ਕਿ ਇਹ ਬਹੁਤ ਜਲਦੀ ਹੋਵੇਗਾ ਕਿ ਇਸ ਵੇਲੇ ਮੁਲਾਂਕਣ ਕੀਤਾ ਜਾਵੇ ਅਤੇ ਇਸ ਬਾਰੇ ਮੁਲਾਂਕਣ ਲਈ ਹਾਲੇ ਇੰਤਜ਼ਾਰ ਕਰਨਾ ਪਵੇਗਾ। ਉਨ੍ਹਾ ਕਿਹਾ ਕਿ ਭਾਰਤ ਨੂੰ ਇਸ ਵੇਲੇ ਸਥਿਰਤਾ ਦੀ ਲੋੜ ਹੈ ਅਤੇ ਇਕ ਧਰਮ ਨਿਰਪੱਖ ਰਾਸ਼ਟਰ ਹੋਣ ਦੇ ਨਾਤੇ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦੇ ਵਿਕਾਸ ਅਤੇ ਧਰਮ ਨਿਰਪੱਖ ਸਮਾਜ ਦਾ ਨਿਰਮਾਣ ਕਰਨ ਲਈ ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲੇ।
ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪੁਲਸ ਵੱਲੋਂ ਕੇਸ ਦਰਜ ਦੇ ਮਾਮਲੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਵਹਾਰ ਵਾਲੀ ਵੀਡਿਓ ਖੁਦ ਦੇਖ ਕੇ ਉਨ੍ਹਾ ਹੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਉਨ੍ਹਾ ਕਿਹਾ ਕਿ ਕਿਸੇ ਨੂੰ ਵੀ ਕਿਸੇ ਵੀ ਸਰਕਾਰੀ ਅਧਿਕਾਰੀ ਦੇ ਦਫਤਰ ਜਾ ਕੇ ਇਸ ਤਰ੍ਹਾਂ ਬਦਤਮੀਜ਼ੀ ਕਰਨ ਦਾ ਅਧਿਕਾਰ ਨਹੀਂ।
ਇਸ ਦੇ ਨਾਲ ਹੀ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਆਮ ਲੋਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਨ।
ਉਹਨਾ ਆਪਣੀ ਸਰਕਾਰ ਉਪਰ ਅਕਾਲੀ ਦਲ ਤੇ ਆਪ ਵੱਲੋਂ ਸਕੂਲੀ ਕੁੜੀਆਂ ਨੂੰ ਸਾਈਕਲ ਦੇਣ ਦਾ ਵਾਅਦਾ ਨਾ ਪੂਰਾ ਕਰਨ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਇਸ ਕੰਮ ਲਈ ਬਜਟ ਤੈਅ ਕੀਤਾ ਹੋਇਆ ਹੈ।
ਪਿਛਲੇ ਸਾਲ ਵੀ ਸਾਈਕਲ ਵੰਡੇ ਗਏ ਸਨ ਅਤੇ ਇਸ ਵਾਰ ਫੇਰ ਵੰਡੇ ਜਾਣਗੇ, ਪਰ ਫਰਕ ਸਿਰਫ ਇਹ ਹੈ ਕਿ ਉਨ੍ਹਾ ਦੀ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਸਾਈਕਲਾਂ ਉਪਰ ਨਹੀਂ ਲਗਾਈ ਗਈ, ਜਿਵੇਂ ਕਿ ਪਿਛਲੀ ਸਰਕਾਰ ਨੇ ਤੱਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਫੋਟੋ ਸਾਈਕਲਾਂ ਉਪਰ ਲਾਈ ਸੀ।
ਪੰਜਾਬ ਕੈਬਨਿਟ ਦੀ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਚੰਡੀਗੜ੍ਹ ਦੀ ਬਜਾਏ ਸੁਲਤਾਨਪੁਰ ਲੋਧੀ ਕਰਨ ਦਾ ਕਾਰਨ ਪੁੱਛੇ ਜਾਣ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਅਤੇ ਉਨ੍ਹਾ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਹੀ ਉਥੇ ਜਾਣ ਦਾ ਫੈਸਲਾ ਕੀਤਾ ਹੈ ਅਤੇ ਉਥੇ ਮੀਟਿੰਗ ਵੀ ਕਰਨਗੇ।
ਸੂਬੇ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਖਤਰੇ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਉਨ੍ਹਾ ਪਹਿਲਾਂ ਹੀ ਸੂਬੇ ਵਿੱਚ ਰਾਜ ਪੱਧਰੀ ਨਸਬੰਦੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ 4,25,000 ਅਵਾਰਾ ਕੁੱਤੇ ਹਨ ਅਤੇ ਸਵਾ ਲੱਖ ਦੇ ਕਰੀਬ ਕੁੱਤਿਆਂ ਵੱਲੋਂ ਵੱਢਣ ਦੇ ਮਾਮਲੇ ਸਾਹਮਣੇ ਆਏ ਹਨ।
ਮੁਹਾਲੀ ਵਿੱਚ ਇਕ ਸ਼ੈਲਟਰ ਹਾਊਸ ਵਿੱਚ 200 ਗਾਵਾਂ ਦੀ ਕਥਿਤ ਮੌਤ ਜਾਂ ਗੁੰਮ ਹੋਣ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਇਸ ਸੰਬੰਧੀ ਜਾਂਚ ਕਰ ਕੇ ਅਗਲੇਰੀ ਕਾਰਵਾਈ ਲਈ ਵਿਸਥਾਰਤ ਰਿਪੋਰਟ ਪੇਸ਼ ਕਰਨ।
ਸਾਰਾਗੜ੍ਹੀ ਯਾਦਗਾਰ ਦੀ ਪ੍ਰਗਤੀ ਬਾਰੇ ਪੁੱਛੇ ਜਾਣ 'ਤੇ ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਇਸ ਸੰਬੰਧੀ ਇਕ ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਇਸ ਨੂੰ ਤੈਅ ਸਮੇਂ ਮੁਕੰਮਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਹੈ।
ਉਨ੍ਹਾ ਕਿਹਾ ਇਹ ਉਹ ਪ੍ਰਾਜੈਕਟ ਹੈ, ਜਿਹੜਾ ਉਨ੍ਹਾ ਦੇ ਦਿਲ ਦੇ ਬਹੁਤ ਨੇੜੇ ਹੈ ਅਤੇ ਇਸ ਇਤਿਹਾਸਕ ਲੜਾਈ ਉਪਰ ਉਨ੍ਹਾ ਇਕ ਕਿਤਾਬ ਵੀ ਲਿਖੀ ਹੈ। ਸੋਧੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ ਬਾਰੇ ਸੁਪਰੀਮ ਕੋਰਟ ਦੇ ਵਿਚਾਰਾਂ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਸਰਵਉੱਚ ਅਦਾਲਤ ਦੇ ਹੁਕਮਾਂ ਤੇ ਨਿਰਦੇਸ਼ਾਂ ਦੀ ਪਾਲਣਾ ਕਰੇਗੀ।

645 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper