ਲੁਧਿਆਣਾ (ਸਚਦੇਵਾ, ਭਾਟੀਆ, ਕਥੂਰੀਆ)
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਅਗਾਮੀ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜਿੱਤ ਦਰਜ ਕਰੇਗੀ। ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਕ੍ਰਮਵਾਰ ਦੋ ਰੋਜ਼ਾ ਕਿਸਾਨ ਮੇਲਾ ਅਤੇ ਪਸ਼ੂ ਪਾਲਣ ਮੇਲਾ ਦੇ ਉਦਘਾਟਨੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਪ੍ਰਗਤੀਸ਼ੀਲ ਅਤੇ ਭਲਾਈ ਯੋਜਨਾਵਾਂ ਦੇ ਸਿਰ 'ਤੇ ਅਗਾਮੀ ਜ਼ਿਮਨੀ ਚੋਣਾਂ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸੂਬੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਵੋਟ ਦਾ ਇਸਤੇਮਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ 'ਤੇ ਪਾਕਿਸਤਾਨ ਵੱਲੋਂ ਲਗਾਏ ਜਾਣ ਵਾਲੇ 20 ਅਮਰੀਕੀ ਡਾਲਰ ਜਜ਼ੀਆ ਕਰ ਬਾਰੇ ਉਨ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਕਰ ਨੂੰ ਖ਼ਤਮ ਕਰਵਾਇਆ ਜਾਵੇ, ਤਾਂ ਜੋ ਸਿੱਖ ਸੰਗਤ ਨੂੰ ਇਸ ਪਵਿੱਤਰ ਧਾਰਮਿਕ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣ। ਇਸ ਤੋਂ ਪਹਿਲਾਂ ਕਿਸਾਨ ਮੇਲੇ ਵਿੱਚ ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਨਾਲ ਨਾ ਕੇਵਲ ਪਰਾਲੀ ਨੂੰ ਸਾੜਨ ਤੋਂ ਰੋਕਣ ਵਿੱਚ ਮਦਦ ਮਿਲੇਗੀ, ਉਥੇ ਹੀ ਉਤਪਾਦਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਵਿਕਸਤ ਕਰਨ ਦੇ ਨਾਲ-ਨਾਲ ਮੋਹਾਲੀ ਵਿਖੇ ਐਗਰੀਕਲਚਰਲ ਮਾਰਕੀਟ ਇਨੋਵੇਸ਼ਨ ਰਿਸਰਚ ਐਂਡ ਇੰਟੈਲੀਜੈਂਸ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਉਹਨਾ ਕਿਹਾ ਕਿ ਮੋਹਾਲੀ ਸੈਂਟਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਉਤਪਾਦਨ ਕੀਤੀਆਂ ਫ਼ਸਲਾਂ ਦੇ ਮੰਡੀਕਰਨ ਵਿੱਚ ਸਹਾਇਕ ਸਿੱਧ ਹੋਵੇਗਾ।
ਕੈਪਟਨ ਨੇ ਖੋਜ ਅਤੇ ਪਸਾਰ ਗਤੀਵਿਧੀਆਂ ਵਿੱਚ ਦੂਜੀ ਵਾਰ ਮਾਰਚ 2019 ਵਿੱਚ ਆਈ ਸੀ ਏ ਆਰ ਬੈੱਸਟ ਇੰਸਟੀਚਿਊਸ਼ਨ ਅਵਾਰਡ ਜਿੱਤਣ ਵਾਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਖੇਤੀ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਨ੍ਹਾ ਪੀ ਏ ਯੂ ਅਤੇ ਗਡਵਾਸੂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾ ਅਗਾਂਹਵਧੂ ਕਿਸਾਨਾਂ ਦਲੀਪ ਸਿੰਘ ਨੂੰ 'ਉਜਾਗਰ ਸਿੰਘ ਧਾਲੀਵਾਲ' ਸਨਮਾਨ ਨਾਲ, ਜਗਤਾਰ ਸਿੰਘ ਨੂੰ 'ਪ੍ਰਵਾਸੀ ਭਾਰਤੀ' ਪੁਰਸਕਾਰ ਨਾਲ, ਰੁਬਾਸ਼ ਸਿੰਘ ਜਾਖ਼ੜ ਨੂੰ 'ਦਲੀਪ ਸਿੰਘ ਧਾਲੀਵਾਲ' ਪੁਰਸਕਾਰ, ਪਰਮਜੀਤ ਕੌਰ ਨੂੰ 'ਜਗਬੀਰ ਕੌਰ ਯਾਦਗਾਰੀ' ਪੁਰਸਕਾਰ ਨਾਲ ਅਤੇ ਜ਼ਿਲਾ ਜਲੰਧਰ ਦੇ ਪਿੰਡ ਹਰੀਪੁਰਾ ਦੀ ਪੰਚਾਇਤ ਨੂੰ ਭਾਈ ਬਾਬੂ ਸਿੰਘ ਬਰਾੜ 'ਸਰਵੋਤਮ ਛੱਪੜ' ਪੁਰਸਕਾਰ ਨਾਲ ਸਨਮਾਨਤ ਕੀਤਾ।