Latest News
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

Published on 22 Oct, 2019 11:23 AM.


ਅੰਮ੍ਰਿਤਸਰ
(ਜਸਬੀਰ ਸਿੰਘ ਪੱਟੀ)
ਦਿੱਲੀ ਸਥਿਤ ਵੱਖ-ਵੱਖ ਦੂਤਘਰਾਂ ਦੇ 84 ਰਾਜਦੂਤਾਂ ਨੇ ਮੰਗਲਵਾਰ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਥੇ ਪੁੱਜਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਕੀਤੀ ਗਈ, ਜਦ ਕਿ ਆਈ ਸੀ ਸੀ ਆਰ ਦੇ ਮੁਖੀ ਵਿਨੇ ਸਹਸਰਬੁੱਧੇ ਵੀ ਉਨ੍ਹ ਦੇ ਨਾਲ ਸਨ।
ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਵਾਰ ਵੱਡੀ ਗਿਣਤੀ ਵਿਚ ਪੁੱਜੇ ਰਾਜਦੂਤਾਂ ਦੀ ਇਹ ਫੇਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ। ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਾਜਦੂਤਾਂ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤਾਂ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਤਹਿਤ ਮੁਲਾਜ਼ਮਾਂ ਵੱਲੋਂ ਪਰਕਰਮ ਅੰਦਰ ਕਤਾਰਾਂ ਵਿੱਚ ਖਲੋ ਕੇ ਸਵਾਗਤ ਕੀਤਾ ਗਿਆ।  ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ  ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਵਿਸ਼ੇਸ਼ ਪੰਡਾਲ ਤਿਆਰ ਕਰਕੇ ਰਾਜਦੂਤਾਂ ਦਾ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਇਹ ਬੇਹੱਦ ਖ਼ਾਸ ਮੌਕਾ ਹੈ, ਜਦੋਂ ਪੂਰੀ ਦੁਨੀਆ ਦੇ ਪ੍ਰਮੁੱਖ ਦੇਸ਼ਾਂ ਦੇ ਰਾਜਦੂਤ ਸੱਚਖੰਡ  ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਇਸ ਨਾਲ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਇਕ ਸੁਨੇਹਾ ਪੂਰੀ ਦੁਨੀਆ ਅੰਦਰ ਫੈਲੇਗਾ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਰਾਜਦੂਤਾਂ ਨੂੰ ਲਿਆਉਣ ਦਾ ਮੰਤਵ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਸੰਦੇਸ਼ ਅਤੇ ਵਿਸ਼ਵ ਸ਼ਾਂਤੀ ਦੇ ਸਰੋਕਾਰਾਂ ਨੂੰ ਉਭਾਰਨਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਆਦਿ ਮੌਜੂਦ ਸਨ।

255 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper