ਸੁਲਤਾਨਪੁਰ ਲੋਧੀ (ਹਨੀ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਵੱਲੋਂ 550ਵੇਂ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ 200 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਅੱਜ ਕਰਨਗੇ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਅਕਤੂਬਰ ਨੂੰ ਦੁਪਹਿਰ 12 ਵਜੇ ਤਲਵੰਡੀ ਚੌਧਰੀਆਂ ਰੋਡ ਉੱਪਰ ਪੁੱਡਾ ਕਾਲੋਨੀ ਵਿੱਚ ਬਣਾਏ ਗਏ ਪੰਡਾਲ ਵਿਖੇ ਸੰਗਤ ਨੂੰ ਸੰਬੋਧਨ ਵੀ ਕਰਨਗੇ। ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸਾਲ 2018 ਦੌਰਾਨ ਸੁਲਤਾਨਪੁਰ ਲੋਧੀ ਲਈ ਅਨੇਕਾਂ ਵਿਕਾਸ ਪ੍ਰਾਜੈਕਟਾਂ ਦੇ ਨੀਹ ਪੱਥਰ ਰੱਖੇ ਗਏ ਸਨ, ਜੋ ਕਿ ਹੁਣ ਮੁਕੰਮਲ ਹੋ ਚੁੱਕੇ ਹਨ। ਤਲਵੰਡੀ ਚੌਧਰੀਆਂ ਰੋਡ ਅਤੇ ਮਾਛੀਜੋਵਾ ਰੋਡ ਉੱਪਰ ਦੋ ਪੁਲ, ਪਵਿੱਤਰ ਵੇਈਂ ਉੱਪਰ ਦੋ ਹਾਈ ਲੈਵਲ ਪੁਲ, ਦੋ ਪਲਟੂਨ ਪੁਲ, ਨਵੇਂ ਬੱਸ ਅੱਡੇ ਅਤੇ ਲੋਕ ਨਿਰਮਾਣ ਵਿਭਾਗ ਦੇ ਵਿਸ਼ਰਾਮ ਘਰ ਦੇ ਉਦਘਾਟਨ ਮੁੱਖ ਮੰਤਰੀ ਵੱਲੋਂ ਕੀਤਾ ਜਾਵੇਗਾ। ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੇ ਗਵਾਹ ਬਣਨ।