Latest News
ਅਕਾਲੀ ਸਾਂਝਾ ਸਮਾਗਮ ਮਨਾਉਣ ਦੀਆਂ ਕੋਸ਼ਿਸ਼ਾਂ 'ਚ ਅੜਿੱਕੇ ਡਾਹ ਰਹੇ : ਕੈਪਟਨ

Published on 31 Oct, 2019 11:28 AM.


ਡੇਰਾ ਬਾਬਾ ਨਾਨਕ/ਸੁਲਤਾਨਪੁਰ ਲੋਧੀ
(ਰਮੇਸ਼ ਸ਼ਰਮਾ, ਹਨੀ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਾ ਸਿਆਸੀਕਰਨ ਲਈ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਤੌਰ 'ਤੇ ਮਨਾਉਣ ਦੇ ਯਤਨਾਂ ਵਿੱਚ ਅਕਾਲੀਆਂ ਵੱਲੋਂ ਅੜਿੱਕੇ ਡਾਹੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾ ਪੰਜਾਬ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਸਤੇ ਇਜਾਜ਼ਤ/ ਵੀਜ਼ਾ ਦੇਣ ਤੋਂ ਇਨਕਾਰ ਕਰਨ ਦੀ ਸਖ਼ਤ ਆਲੋਚਨਾ ਕੀਤੀ। ਵੀਰਵਾਰ ਯਾਦਗਾਰੀ ਸਮਾਗਮਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਦਿਹਾੜੇ ਨੂੰ ਉਨ੍ਹਾ ਦੀ ਸਰਕਾਰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਤੌਰ 'ਤੇ ਮਨਾਉਣਾ ਚਾਹੁੰਦੀ ਹੈ। ਉਨ੍ਹਾ ਕਿਹਾ ਕਿ ਇਹ ਸਮਾਗਮ ਸਾਂਝੇ ਰੂਪ ਵਿੱਚ ਮਨਾਉਣ ਲਈ ਸੂਬਾ ਸਰਕਾਰ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਹਰ ਹੱਥਕੰਡਾ ਵਰਤ ਕੇ ਇਨ੍ਹਾਂ ਕੋਸ਼ਿਸ਼ਾਂ ਨੂੰ ਲੀਹੋਂ ਲਾਹੁਣ ਦੀਆਂ ਘਟੀਆ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਖਾਸ ਤੌਰ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਘਟੀਆ ਪੱਧਰ ਦੀ ਸਿਆਸਤ ਕਰ ਰਹੇ ਹਨ।
ਕੈਪਟਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਉਨ੍ਹਾ ਦੀ ਸਰਕਾਰ ਨੇ 550 ਕਰੋੜ ਰੁਪਏ ਖਰਚੇ ਹਨ, ਜਦਕਿ ਅਕਾਲੀ ਦਲ ਅਤੇ ਉਸ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਪਵਿੱਤਰ ਮੌਕੇ ਨੂੰ ਸਿਆਸੀ ਡਰਾਮੇ ਦਾ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਅਤੇ ਪੰਜਾਬ ਦੇ ਹੋਰ ਨੁਮਾਇੰਦਿਆਂ ਨੂੰ ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਲਈ ਵੀਜ਼ਾ ਦੇਣ ਤੋਂ ਇਨਕਾਰ ਕਰਨ ਨੂੰ ਬਹੁਤ ਹੀ ਮੰਦਭਾਗਾ ਦੱਸਿਆ।
ਉਨ੍ਹਾ ਕਿਹਾ ਕਿ ਧਾਰਮਿਕ ਸਮਾਗਮਾਂ ਮੌਕੇ ਸਿਆਸਤ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਤੈਅ ਕੀਤੀ 20 ਡਾਲਰ ਫੀਸ ਨੂੰ ਵਾਪਸ ਲੈਣ ਤੋਂ ਇਨਕਾਰ ਕਰਨ 'ਤੇ ਪਾਕਿਸਤਾਨ ਵਿਰੁੱਧ ਮੁੜ ਰੋਸ ਜ਼ਾਹਰ ਕੀਤਾ। ਉਨ੍ਹਾ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਨੂੰ ਸਿੱਖ ਭਾਵਨਾਵਾਂ ਤੇ ਰਵਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਫਰਾਖਦਿਲੀ ਦਿਖਾਉਣ ਲਈ ਆਖਿਆ। ਇਹ ਪੁੱਛੇ ਜਾਣ 'ਤੇ ਕਿ ਸ਼ਰਧਾਲੂਆਂ ਵੱਲੋਂ ਸੂਬਾ ਸਰਕਾਰ ਇਹ ਫੀਸ ਅਦਾ ਕਰਨ ਲਈ ਤਿਆਰ ਹੈ ਤਾਂ ਉਹਨਾ ਕਿਹਾ ਕਿ ਉਹ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਕਿਸੇ ਵੀ ਤਰ੍ਹਾਂ ਦੀ ਫੀਸ ਪਾਕਿਸਤਾਨ ਨੂੰ ਦੇਣ ਦੇ ਸਿਧਾਂਤਕ ਤੌਰ 'ਤੇ ਖਿਲਾਫ਼ ਹਨ। ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਦਿੱਤੇ ਜਾਣ ਬਾਰੇ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਇਸ ਸੰਬੰਧ ਵਿੱਚ ਆਪਣੇ ਸਾਬਕਾ ਕੈਬਨਿਟ ਸਾਥੀ ਤੋਂ ਪੁੱਛਣ ਲਈ ਆਖਿਆ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਕਾਸ ਪ੍ਰੋਜੈਕਟਾਂ ਵਿੱਚੋਂ ਬਹੁਤਿਆਂ ਲਈ ਫੰਡ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਦਾਅਵਿਆਂ ਨੂੰ ਬਕਵਾਸ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾ ਕਿਹਾ ਕਿ ਕੇਂਦਰ ਨੇ ਸਿਰਫ਼ ਦੋ ਪ੍ਰੋਜੈਕਟਾਂ ਲਈ ਪੈਸਾ ਦਿੱਤਾ ਹੈ, ਜਿਨ੍ਹਾਂ ਵਿੱਚੋਂ ਇਕ ਲਈ ਕੁਝ ਫੰਡ ਅਸ਼ੰਕ ਤੌਰ 'ਤੇ ਦਿੱਤੇ ਗਏ ਹਨ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ 550 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਬਾਕੀ ਸਮਾਗਮਾਂ ਲਈ ਹੋਰ ਫੰਡ ਖਰਚੇ ਜਾਣਗੇ।
ਹਰਸਿਮਰਤ ਵੱਲੋਂ ਉਠਾਏ ਮੁੱਦੇ ਦੀ ਸਿਆਸਤਬਾਜ਼ੀ ਵਿੱਚ ਪੈਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜਦੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜਥਾ ਗੁਜ਼ਰ ਰਿਹਾ ਹੋਵੇਗਾ ਤਾਂ ਉਸ ਵੇਲੇ ਦੇਸ਼ ਦੇ ਉਪ ਰਾਸ਼ਟਰਪਤੀ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹੋਣਗੇ। ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ ਉੱਪਰ ਕਰਤਾਰਪੁਰ ਲਾਂਘੇ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ, ਜੋ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੁੱਲ੍ਹ ਰਿਹਾ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸਾਰੇ ਕੰਮ ਮੁਕੰਮਲ ਕਰ ਲਏ ਗਏ ਹਨ।

255 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper