Latest News
ਕੈਪਟਨ ਵੱਲੋਂ ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲਸ ਸਹਾਇਤਾ ਦਾ ਐਲਾਨ

Published on 03 Dec, 2019 11:44 AM.


ਚੰਡੀਗੜ੍ਹ (ਗੁਰਜੀਤ ਬਿੱਲਾ)
ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ 'ਤੇ ਮੌਜੂਦ ਹੋਵੇਗੀ, ਜਿਨ੍ਹਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲਸ ਕੰਟਰੋਲ ਰੂਮ (ਪੀ ਸੀ ਆਰ) ਨਾਲ ਜੁੜ ਜਾਵੇਗੀ। ਮੁੱਖ ਮੰਤਰੀ ਨੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਇਹ ਸੁਵਿਧਾ ਸੂਬਾ ਭਰ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਘਰੋਂ ਲਿਜਾਣ ਅਤੇ ਛੱਡਣ ਦੀ ਸੁਵਿਧਾ ਉਨ੍ਹਾਂ ਮਹਿਲਾਵਾਂ ਨੂੰ ਹਾਸਲ ਹੋਵੇਗੀ, ਜਿਨ੍ਹਾਂ ਦੀ ਟੈਕਸੀ ਜਾਂ ਥ੍ਰੀ-ਵ੍ਹੀਲਰ ਵਰਗੇ ਸੁਰੱਖਿਅਤ ਵਾਹਨ ਤੱਕ ਪਹੁੰਚ ਨਾ ਹੋਵੇ। ਔਰਤਾਂ ਲਈ ਸੁਰੱਖਿਆ ਦੀ ਭਾਵਨਾ ਵਜੋਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਆਵਾਜਾਈ ਦੌਰਾਨ ਸੰਬੰਧਤ ਔਰਤ ਨਾਲ ਘੱਟੋ-ਘੱਟ ਇਕ ਮਹਿਲਾ ਪੁਲਸ ਅਫ਼ਸਰ ਜ਼ਰੂਰ ਹੋਣੀ ਚਾਹੀਦੀ ਹੈ।
ਡੀ ਜੀ ਪੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮੁਹਾਲੀ, ਪਟਿਆਲਾ ਅਤੇ ਬਠਿੰਡਾ ਸਮੇਤ ਹੋਰ ਵੱਡੇ ਸ਼ਹਿਰਾਂ ਵਿੱਚ ਪੁਲਸ ਹੈੱਡਕੁਆਟਰਾਂ 'ਤੇ ਸਮਰਪਿਤ ਪੀ ਸੀ ਆਰ ਵਾਹਨ ਮੌਜੂਦ ਹੋਣਗੇ। ਹਰੇਕ ਜ਼ਿਲ੍ਹੇ ਵਿੱਚ ਇਸ ਸਕੀਮ ਨੂੰ ਅਮਲ ਵਿੱਚ ਲਿਆਉਣ ਲਈ ਡੀ ਐੱਸ ਪੀ/ ਏ ਸੀ ਪੀ (ਔਰਤਾਂ ਵਿਰੁੱਧ ਅਪਰਾਧ ਵਿੰਗ) ਨੋਡਲ ਅਫ਼ਸਰ ਵਜੋਂ ਤਾਇਨਾਤ ਹੋਵੇਗੀ। ਇਨ੍ਹਾਂ ਮਹਿਲਾ ਪੁਲਸ ਅਫ਼ਸਰਾਂ ਦੇ ਸੰਪਰਕ ਨੰਬਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੈੱਬਸਾਈਟਾਂ 'ਤੇ ਉਪਲੱਬਧ ਹੋਣਗੇ। ਏ ਡੀ ਜੀ ਪੀ (ਅਪਰਾਧ) ਗੁਰਪ੍ਰੀਤ ਕੌਰ ਦਿਓ ਇਸ ਸੁਵਿਧਾ ਲਈ ਸੂਬਾਈ ਨੋਡਲ ਅਫ਼ਸਰ ਹੋਣਗੇ। ਤੇਲੰਗਾਨਾ ਵਿੱਚ ਇਕ ਵੈਟਰਨਰੀ ਡਾਕਟਰ ਨੂੰ ਦੋਸ਼ੀਆਂ ਵੱਲੋਂ ਅਗਵਾ ਕਰਕੇ ਬਲਾਤਕਾਰ ਕਰਨ ਪਿੱਛੋਂ ਅੱਗ ਲਾ ਕੇ ਸਾੜ ਦੇਣ ਨਾਲ ਕੌਮੀ ਪੱਧਰ 'ਤੇ ਪੈਦਾ ਹੋਏ ਜਨਤਕ ਰੋਸ ਦੇ ਸੰਦਰਭ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤੇਲੰਗਾਨਾ ਦੀ ਘਟਨਾ 'ਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਸੂਬੇ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ ਅਤੇ ਇਸ ਸਬੰਧੀ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਡੀ ਜੀ ਪੀ ਨੇ ਕਿਹਾ ਕਿ ਸੂਬਾ ਪੁਲਸ ਔਰਤਾਂ ਦੀ ਸੁਰੱਖਿਆ ਲਈ ਹੋਰ ਸਕੀਮਾਂ 'ਤੇ ਕੰਮ ਕਰ ਰਹੀ ਹੈ।

137 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper