ਨਾਭਾ (ਵਰਿੰਦਰ ਵਰਮਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਪਟਿਆਲਾ ਸੈਸ਼ਨ ਡਵੀਜ਼ਨ ਦੀ ਬਿਲਡਿੰਗ ਕਮੇਟੀ ਦੇ ਚੇਅਰਮੈਨ ਰਾਜਨ ਗੁਪਤਾ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਕਿਤਾਬਾਂ ਦੇ ਮਾਧਿਅਮ ਤੋਂ ਉਦਾਰਹਣ ਦੇ ਤੌਰ 'ਤੇ ਕੇਸ ਦੇਖੇ ਜਾਣੇ ਬਹੁਤ ਮੁਸ਼ਕਲ ਹੁੰਦੇ ਜਾ ਰਹੇ ਹਨ। ਅਜਿਹੇ 'ਚ ਈ ਲਾਇਬ੍ਰੇਰੀ ਵਕੀਲਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਰਾਜਨ ਗੁਪਤਾ ਜੁਡੀਸ਼ੀਅਲ ਕੰਪਲੈਕਸ ਵਿਖੇ ਈ ਲਾਇਬਰੇਰੀ ਦਾ ਉਦਘਾਟਨ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਦਾਲਤਾਂ ਦਾ ਢਾਂਚਾ ਦੇਸ਼ ਦੀਆਂ ਅਦਾਲਤਾਂ ਵਿੱਚੋਂ ਸਭ ਤੋਂ ਵਧੀਆ ਹੈ। ਇਸ ਲਈ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਸ਼੍ਰੀ ਗੁਪਤਾ ਨੇ ਕਿਹਾ ਕਿ ਨਿਆਂ ਵਿਵਸਥਾ 'ਚ ਲੋਕਾਂ ਦਾ ਵਿਸ਼ਵਾਸ ਵਧ ਰਿਹਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਰਾਜਨ ਗੁਪਤਾ ਨੇ ਕਿਹਾ ਕਿ ਪੰਜਾਬ 'ਚ ਬਲਾਤਕਾਰ ਵਰਗੇ ਘਿਨਾਉਣੇ ਮਾਮਲਿਆਂ ਦੀ ਸੁਣਵਾਈ ਫਾਸਟ ਟਰੈਕ ਕੋਰਟ ਰਾਹੀਂ ਹੋ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੁਡੀਸ਼ੀਅਲ ਕੰਪਲੈਕਸ ਸੁਵਿਧਾਵਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਨੂੰ ਸੰਬੋਧਨ ਕਰਦੇ ਉਨ੍ਹਾਂ ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀ ਜੀਵਨ ਦੇ ਦਿਨਾਂ ਨੂੰ ਵੀ ਯਾਦ ਕੀਤਾ ਅਤੇ ਬਾਰ ਕਾਊਂਸਲ ਦੇ ਮੈਂਬਰਾਂ ਨਾਲ ਕੁਝ ਕਾਨੂੰਨੀ ਨੁਕਤਿਆਂ ਬਾਰੇ ਵੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਲੋਕ ਹੇਠਲੇ ਪੱਧਰ ਦੀ ਅਦਾਲਤ ਵਿੱਚ ਜਾਣ ਦੀ ਬਜਾਏ ਸਿੱਧੇ ਹਾਈਕੋਰਟ ਜਾਂ ਉੱਚ ਪੱਧਰੀ ਅਦਾਲਤ ਵਿੱਚ ਕਿਉਂ ਜਾਂਦੇ ਹਨ। ਵਕੀਲਾਂ ਦੇ ਚੈਂਬਰਾਂ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਤਰ੍ਹਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਰਾਜਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ, ਐਸ.ਪੀ. ਟਰੈਫਿਕ ਪਲਵਿੰਦਰ ਸਿੰਘ ਚੀਮਾ, ਡੀ ਐਸ ਪੀ ਪੁਨੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਸੂਬਾ ਸਿੰਘ, ਜੁਡੀਸ਼ੀਅਲ ਮੈਜਿਸਟ੍ਰੇਟ ਪਮੇਲਪ੍ਰੀਤ ਕੌਰ ਗਰੇਵਾਲ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਮੂੰਗੋਂ ਸਮੇਤ ਬਾਰ ਐਸੋਸੀਏਸ਼ਨ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।