Latest News
ਪਾਣੀ ਦੇ ਸੰਕਟ ਨਾਲ ਨਜਿੱਠਣ ਦੀ ਰਣਨੀਤੀ ਘੜਨ ਲਈ 23 ਨੂੰ ਸਰਬ ਪਾਰਟੀ ਮੀਟਿੰਗ

Published on 17 Jan, 2020 11:18 AM.


ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਤੇਜ਼ੀ ਨਾਲ ਘਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਪਾਣੀ ਦੀ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ 23 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ।
ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਸਦਨ ਦੇ ਦੋ-ਦਿਨਾਂ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਆਪਣੀ ਸਰਕਾਰ ਵੱਲੋਂ ਪੇਸ਼ ਕੀਤੇ 'ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ ਵਿਨਿਯਮ) ਬਿਲ-2020' ਉਪਰ ਹੋਈ ਵਿਚਾਰ-ਚਰਚਾ ਵਿੱਚ ਹਿੱਸਾ ਲੈ ਰਹੇ ਸਨ। ਉਹਨਾਂ ਦੱਸਿਆ ਕਿ ਮੀਟਿੰਗ ਦਾ ਸੱਦਾ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿੱਚ ਐੱਸ.ਵਾਈ.ਐੱਲ. ਮੁੱਦਾ, ਉਦਯੋਗਿਕ ਅਤੇ ਘਰੇਲੂ ਰਹਿੰਦ-ਖੂੰਹਦ ਕਾਰਨ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਵਿੱਚ ਆਈ ਕਮੀ ਅਤੇ ਪ੍ਰਦੂਸ਼ਣ ਵਰਗੇ ਪਾਣੀ ਨਾਲ ਸਬੰਧਤ ਸਾਰੇ ਸੂਬਾਈ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਵਿਚਾਰਾ-ਵਟਾਂਦਰਾ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਇਕ ਵਿਸਥਾਰਤ ਰਣਨੀਤੀ ਤਿਆਰ ਕਰਨ ਸੰਬੰਧੀ ਸਹਿਮਤੀ ਪ੍ਰਾਪਤ ਕਰਨ ਲਈ ਕੀਤਾ ਜਾਵੇਗਾ।
ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਨੂੰ ਬਾਅਦ ਵਿੱਚ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ, ਜਿਸ ਨਾਲ ਪੰਜਾਬ ਵਿੱਚ ਪਾਣੀ ਦੇ ਗੰਭੀਰ ਸਰੋਤਾਂ ਦੇ ਪ੍ਰਬੰਧਨ ਲਈ 'ਪੰਜਾਬ ਜਲ ਨੇਮਬੰਦੀ ਅਤੇ ਵਿਕਾਸ ਅਥਾਰਟੀ' ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੇ ਇਸ ਬਿਲ ਦਾ ਸਮਰਥਨ ਕਰਦਿਆਂ ਸੂਬੇ ਵਿੱਚ ਪਾਣੀ ਦੇ ਸਰੋਤਾਂ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਉਠਾਏ ਗਏ ਕੁਝ ਮੁੱਦਿਆਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਆਪਣੀ ਸਰਕਾਰ ਦੀ ਨਿਰੰਤਰ ਆਲੋਚਨਾ ਕਰਨ ਲਈ ਵਿਰੋਧੀ ਧਿਰ ਦੀ ਕਰੜੀ ਨਿੰਦਾ ਕੀਤੀ, ਕਿਉਂ ਜੋ ਵਿਰੋਧੀ ਧਿਰ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦਾ ਯੋਗਦਾਨ ਪਾਉਣ ਵਿੱਚ ਅਸਫਲ ਰਹੀ ਹੈ। ਉਹਨਾਂ ਦੱਸਿਆ ਕਿ ਉਹ ਅਤੇ ਉਹਨਾਂ ਦੇ ਸਾਥੀ ਪਹਿਲਾਂ ਹੀ ਖੇਤੀ ਟਿਊਬਵੈੱਲਾਂ 'ਤੇ ਸਬਸਿਡੀ ਛੱਡ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਵਿੱਚੋਂ ਕਿਸ ਨੇ ਉਹਨਾਂ ਦੀ ਇਸ ਅਪੀਲ ਨੂੰ ਮੰਨ ਕੇ ਟਿਊਬਵੈੱਲਾਂ ਲਈ ਬਿਜਲੀ ਸਬਸਿਡੀ ਛੱਡੀ ਹੈ। ਉਹਨਾਂ ਕਿਹਾ ਕਿ ਇਸ ਅਪੀਲ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਪਾਣੀ ਦੀ ਬੱਚਤ ਦੀ ਆਦਤ ਪੈਦਾ ਕਰਨਾ ਸੀ।

149 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper