Latest News
ਪੰਜਾਬ ਅਸੰਬਲੀ 'ਚ ਸੀ ਏ ਏ ਖਿਲਾਫ਼ ਮਤਾ ਪਾਸ

Published on 17 Jan, 2020 11:22 AM.


ਚੰਡੀਗੜ੍ਹ (ਗੁਰਜੀਤ ਬਿੱਲਾ)
ਵਿਵਾਦਗ੍ਰਸਤ ਨਾਗਰਿਕਤਾ ਸੋਧ ਐਕਟ (ਸੀ ਏ ਏ) ਨੂੰ ਪੂਰੀ ਤਰ੍ਹਾਂ ਪੱਖਪਾਤੀ ਅਤੇ ਭਾਰਤੀ ਸੰਵਿਧਾਨ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਹਿਸ-ਨਹਿਸ ਕਰ ਦੇਣ ਵਾਲਾ ਕਾਨੂੰਨ ਦੱਸਦਿਆਂ ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਜ਼ੁਬਾਨੀ ਵੋਟਾਂ ਨਾਲ ਸਖ਼ਤ ਸ਼ਬਦਾਂ ਵਾਲਾ ਮਤਾ ਪਾਸ ਕਰਕੇ ਗੈਰ-ਸੰਵਿਧਾਨਕ ਕਾਨੂੰਨ ਨੂੰ ਮਨਸੂਖ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਨੂੰਨ ਦੀ ਤੁਲਨਾ ਜਰਮਨੀ ਵਿੱਚ ਹਿਟਲਰ ਵੱਲੋਂ ਖਾਸ ਫਿਰਕੇ ਦੇ ਲੋਕਾਂ ਦੇ ਕੀਤੇ ਸਫਾਏ ਨਾਲ ਕੀਤੀ।
ਆਮ ਆਦਮੀ ਪਾਰਟੀ ਨੇ ਮਤੇ ਦੀ ਹਮਾਇਤ ਕੀਤੀ, ਜਦਕਿ ਅਕਾਲੀ ਦਲ ਨੇ ਵਿਰੋਧ ਕੀਤਾ। ਤਾਂ ਵੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇ ਲੋਕਾਂ ਨੂੰ ਲਾਈਨਾਂ 'ਚ ਲੱਗਣਾ ਪਵੇਗਾ ਤੇ ਦੱਸਣਾ ਪਵੇਗਾ ਕਿ ਕਿੱਥੇ ਜਨਮ ਲਿਆ ਤਾਂ ਉਹ ਅਜਿਹੇ ਕਿਸੇ ਵੀ ਕਾਨੂੰਨ ਦਾ ਵਿਰੋਧ ਕਰਨਗੇ।
ਸਦਨ ਵਿੱਚ ਮਤੇ 'ਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਤਿੱਖੇ ਤੇਵਰ ਅਪਣਾਉਂਦਿਆਂ ਆਖਿਆ ਕਿ ਸਪੱਸ਼ਟ ਤੌਰ 'ਤੇ ਇਤਿਹਾਸ ਤੋਂ ਕੋਈ ਸਬਕ ਨਹੀਂ ਸਿੱਖਿਆ। ਉਨ੍ਹਾ ਕੇਂਦਰ ਸਰਕਾਰ ਨੂੰ ਕੌਮੀ ਆਬਾਦੀ ਰਜਿਸਟਰ (ਐੱਨ ਪੀ.ਆਰ.) ਨਾਲ ਸਬੰਧਤ ਫਾਰਮਾਂ/ਦਸਤਾਵੇਜ਼ਾਂ ਵਿੱਚ ਢੁਕਵੀਂ ਸੋਧ ਕੀਤੇ ਜਾਣ ਤੱਕ ਇਸ ਦਾ ਕੰਮ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਕਿ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਕੌਮੀ ਨਾਗਰਿਕ ਰਜਿਸਟਰ ਦਾ ਮੁੱਢ ਹੈ ਅਤੇ ਇਕ ਵਰਗ ਨੂੰ ਭਾਰਤੀ ਨਾਗਰਿਕਤਾ ਤੋਂ ਵਿਰਵਾ ਕਰ ਦੇਣ ਅਤੇ ਸੀ ਏ ਏ ਨੂੰ ਅਮਲ ਵਿੱਚ ਲਿਆਉਣ ਲਈ ਇਸ ਨੂੰ ਤਿਆਰ ਕੀਤਾ ਗਿਆ ਹੈ।
ਇਸ ਮਤੇ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਪੇਸ਼ ਕੀਤਾ, ਜਿਸ ਨੂੰ ਸੰਵਿਧਾਨ ਦੀ ਧਾਰਾ 14 ਦੀ ਉਲੰਘਣਾ ਅਤੇ ਫੁੱਟਪਾਊ ਕਰਾਰ ਦਿੱਤਾ ਗਿਆ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਵੋਟਾਂ ਲਈ ਪੇਸ਼ ਕਰਨ ਤੋਂ ਪਹਿਲਾਂ ਇਸ ਉਪਰ ਸਦਨ ਵਿੱਚ ਡੂੰਘੀ ਵਿਚਾਰ-ਚਰਚਾ ਕੀਤੀ ਗਈ।
ਮਤੇ ਵਿੱਚ ਕਿਹਾ ਗਿਆ ਕਿ ਮੁਸਲਮਾਨਾਂ ਅਤੇ ਯਹੂਦੀਆਂ ਵਰਗੇ ਹੋਰ ਭਾਈਚਾਰਿਆਂ ਨੂੰ ਸੀ ਏ ਏ ਤਹਿਤ ਨਾਗਰਿਕਤਾ ਦੇਣ ਦੀ ਵਿਵਸਥਾ ਨਹੀਂ ਹੈ। ਮਤੇ ਰਾਹੀਂ ਧਾਰਮਕ ਆਧਾਰ 'ਤੇ ਨਾਗਰਿਕਤਾ ਦੇਣ ਵਿੱਚ ਪੱਖਪਾਤ ਨੂੰ ਤਿਆਗਣ ਅਤੇ ਭਾਰਤ ਵਿੱਚ ਸਾਰੇ ਧਾਰਮਿਕ ਸਮੂਹਾਂ ਨੂੰ ਕਾਨੂੰਨ ਸਾਹਮਣੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਇਸ ਐਕਟ ਨੂੰ ਰੱਦ ਕਰਨ ਲਈ ਆਖਿਆ ਗਿਆ।
ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੀ.ਏ.ਏ. ਨੂੰ ਪੰਜਾਬ ਜਾਂ ਇਸ ਦੀ ਮੁਖਾਲਫ਼ਤ ਕਰ ਰਹੇ ਹੋਰ ਸੂਬਿਆਂ ਵਿੱਚ ਲਾਗੂ ਕੀਤਾ ਜਾਣਾ ਹੈ ਤਾਂ ਕੇਂਦਰ ਸਰਕਾਰ ਨੂੰ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨੀਆਂ ਹੋਣਗੀਆਂ। ਉਨ੍ਹਾ ਕਿਹਾ ਕਿ ਕੇਰਲਾ ਵਾਂਗ ਉਨ੍ਹਾ ਦੀ ਸਰਕਾਰ ਵੀ ਇਸ ਮੁੱਦੇ 'ਤੇ ਸੁਪਰੀਮ ਕੋਰਟ ਵੱਲ ਰੁਖ ਕਰੇਗੀ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵੱਲੋਂ ਮਰਦਮਸ਼ੁਮਾਰੀ ਪੁਰਾਣੇ ਮਾਪਦੰਡਾਂ 'ਤੇ ਹੀ ਕੀਤੀ ਜਾਵੇਗੀ ਅਤੇ ਕੇਂਦਰ ਵੱਲੋਂ ਐਨ.ਪੀ.ਆਰ ਲਈ ਜੋੜੇ ਗਏ ਨਵੇਂ ਭਾਗ ਸ਼ਾਮਲ ਨਹੀਂ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਸਦਨ ਵਿੱਚ ਆਪਣੇ ਦਿਲ ਦੀ ਭਾਵਨਾ ਨੂੰ ਫਰੋਲਦਿਆਂ ਮੁੱਖ ਮੰਤਰੀ ਨੇ ਇਸ ਫੁੱਟਪਾਊ ਐਕਟ ਨੂੰ ਦੁਖਾਂਤ ਦੱਸਿਆ ਅਤੇ ਆਖਿਆ ਕਿ ਇਹ ਉਨ੍ਹਾ ਦੀ ਬਦਕਿਸਮਤੀ ਹੈ ਕਿ ਆਪਣੇ ਜੀਵਨ ਵਿੱਚ ਅਜਿਹਾ ਦੇਖਣਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ,' ਸਾਲ 1930 ਵਿੱਚ ਜੋ ਕੁਝ ਹਿਟਲਰ ਦੀ ਅਗਵਾਈ ਵਿੱਚ ਜਰਮਨੀ ਵਿੱਚ ਵਾਪਰਿਆ ਸੀ, ਉਹੀ ਕੁਝ ਹੁਣ ਭਾਰਤ ਵਿੱਚ ਵਾਪਰ ਰਿਹਾ ਹੈ।' ਕੈਪਟਨ ਨੇ ਕਿਹਾ ਕਿ ਉਸ ਵੇਲੇ ਜਰਮਨੀ ਬੋਲੇ ਨਹੀਂ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪਛਤਾਵਾ ਹੋਇਆ ਸੀ, ਪਰ ਸਾਨੂੰ ਹੁਣ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਕਿ ਬਾਅਦ ਵਿੱਚ ਪਛਤਾਉਣਾ ਨਾ ਪਵੇ। ਉਨ੍ਹਾ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਅਡੋਲਫ ਹਿਟਲਰ ਦੀ 'ਮੇਨ ਕੈਂਫ' ਨੂੰ ਪੜ੍ਹਣ ਦੀ ਅਪੀਲ ਕੀਤੀ, ਤਾਂ ਕਿ ਸੀ ਏ ਏ ਦੇ ਖਤਰਿਆਂ ਨੂੰ ਸਮਝਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕਿਤਾਬ ਦਾ ਉਲੱਥਾ ਕਰਵਾ ਕੇ ਵੰਡਣਗੇ ਤਾਂ ਕਿ ਉਹ ਸਾਰੇ ਹਿਟਲਰ ਵੱਲੋਂ ਕੀਤੀਆਂ ਇਤਿਹਾਸਕ ਭੁੱਲਾਂ ਬਾਰੇ ਜਾਣ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਭਾਰਤ ਵਿੱਚ ਜੋ ਹੋ ਰਿਹਾ ਹੈ, ਉਹ ਦੇਸ਼ ਲਈ ਠੀਕ ਨਹੀਂ ਹੈ।' ਉਨ੍ਹਾ ਕਿਹਾ ਕਿ ਲੋਕ ਦੇਖ ਅਤੇ ਸਮਝ ਸਕਦੇ ਹਨ ਅਤੇ ਬਿਨਾਂ ਕਿਸੇ ਭੜਕਾਹਟ ਦੇ ਆਪੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਕਾਲੀਆਂ ਨੂੰ ਰਾਜਨੀਤੀ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਆਪਣੇ ਦੇਸ਼ ਬਾਰੇ ਸੋਚ ਲੈਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਉਹ ਕਦੇ ਇਸ ਗੱਲ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿ ਭਾਰਤ ਜਿਹੇ ਧਰਮ-ਨਿਰਪੱਖ ਦੇਸ਼ ਵਿੱਚ ਅਜਿਹਾ ਦੁਖਾਂਤ ਵਾਪਰੇਗਾ, ਜਿੱਥੇ ਮੁਸਲਮਾਨਾਂ ਦੀ ਗਿਣਤੀ ਪਾਕਿਸਤਾਨ ਤੋਂ ਵੱਧ ਹੈ। ਮੁੱਖ ਮੰਤਰੀ ਨੇ ਕਿਹਾ, 'ਉਹ ਲੋਕ ਕਿੱਥੇ ਜਾਣਗੇ, ਜਿਨ੍ਹਾਂ ਨੂੰ ਤੁਸੀਂ ਗੈਰ-ਨਾਗਰਿਕ ਮੰਨਦੇ ਹੋ? ਆਸਾਮ ਵਿੱਚ ਗੈਰ-ਕਾਨੂੰਨੀ ਐਲਾਨੇ 18 ਲੱਖ ਲੋਕ ਕਿੱਥੇ ਜਾਣਗੇ, ਜੇ ਉਨ੍ਹਾਂ ਨੂੰ ਕਿਸੇ ਹੋਰ ਮੁਲਕ ਨੇ ਪਨਾਹ ਦੇਣ ਤੋਂ ਨਾਂਹ ਕਰ ਦਿੱਤੀ? ਕੀ ਇਸ ਬਾਰੇ ਕਿਸੇ ਨੇ ਸੋਚਿਆ ਹੈ? ਕੀ ਗ੍ਰਹਿ ਮੰਤਰੀ ਨੇ ਕਦੇ ਸੋਚਿਆ ਹੈ ਕਿ ਅਖੌਤੀ ਗੈਰ-ਕਾਨੂੰਨੀ ਲੋਕਾਂ ਨਾਲ ਕੀ ਕਰਨਾ ਹੈ? ਗਰੀਬ ਲੋਕ ਜਨਮ ਸਰਟੀਫਿਕੇਟ ਕਿੱਥੋਂ ਲੈਣਗੇ? ਉਨ੍ਹਾ ਕਿਹਾ ਕਿ ਸਾਰਿਆਂ ਨੂੰ ਆਪਣੇ ਹਿੱਤ ਲਈ ਧਰਮ ਨਿਰਪੱਖ ਭਾਰਤ ਦੇ ਨਾਗਰਿਕਾਂ ਵਜੋਂ ਇਕੱਠੇ ਰਹਿਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਇਸ ਦੇਸ਼ ਵਿੱਚ ਸਾਲਾਂ ਤੋਂ ਇਕਜੁੱਟ ਹੋ ਕੇ ਰਹਿ ਰਹੇ ਹਨ ਅਤੇ ਮੁਸਲਮਾਨਾਂ ਨੇ ਇਸ ਦੇਸ਼ ਲਈ ਆਪਣਾ ਜਾਨਾਂ ਵਾਰੀਆਂ ਹਨ। ਉਨ੍ਹਾਂ ਨੇ ਹੋਰਨਾਂ ਸਣੇ ਭਾਰਤੀ ਫੌਜ ਦੇ ਸਿਪਾਹੀ ਅਬਦੁਲ ਹਮੀਦ ਦੀ ਮਿਸਾਲ ਦਿੱਤੀ ਜਿਸ ਨੂੰ 1965 ਵਿੱਚ ਭਾਰਤ-ਪਾਕਿਸਤਾਨ ਜੰਗ ਵਿੱਚ ਦਿਖਾਈ ਬਹਾਦਰੀ ਬਦਲੇ ਮਰਨ ਉਪਰੰਤ ਪਰਮ ਵੀਰ ਚੱਕਰ ਨਾਲ ਸਨਮਾਨਿਆ ਗਿਆ। ਉਨ੍ਹਾਂ ਕਿਹਾ ਕਿ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿੱਚ ਮੁਸਲਮਾਨਾਂ ਦੀ ਵੱਡੀ ਗਿਣਤੀ ਸੀ। ਕੈਪਟਨ ਨੇ ਕਿਹਾ, 'ਮੁਸਲਮਾਨਾਂ ਨੂੰ ਕਿਉਂ ਬਾਹਰ ਰੱਖਿਆ ਗਿਆ? ' ਕੇਂਦਰ ਨੇ ਸੀ ਏ ਏ. ਵਿੱਚੋਂ ਯਹੂਦੀਆਂ ਨੂੰ ਕਿਉਂ ਨਹੀਂ ਸ਼ਾਮਲ ਕੀਤਾ? ਉਨ੍ਹਾਂ ਕਿਹਾ ਕਿ ਭਾਰਤ ਵਿੱਚ ਜਨਰਲ ਜੈਕਬ ਵਜੋਂ ਇਕ ਯਹੂਦੀ ਰਾਜਪਾਲ ਰਹੇ ਹਨ ਜਿਨ੍ਹਾ ਦੇਸ਼ ਲਈ 1971 ਦੀ ਜੰਗ ਲੜੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਿਤੀ ਲਈ ਜ਼ਿੰਮੇਵਾਰ ਲੋਕਾਂ ਨੂੰ ਆਪਣੇ ਆਪ ਉੱਤੇ ਸ਼ਰਮਿੰਦਾ ਹੋਣਾ ਚਾਹੀਦਾ ਹੈ। ਉਨ੍ਹਾਂ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਸੰਸਦ ਵਿੱਚ ਤਾਂ ਇਸ ਬਿੱਲ ਦੀ ਹਮਾਇਤ ਕਰ ਦਿੱਤੀ ਅਤੇ ਫੇਰ ਆਪਣੇ ਰਾਜਸੀ ਏਜੰਡੇ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਵਿਚਾਰ ਪ੍ਰਗਟਾਉਣ ਲੱਗ ਗਏ। ਕੈਪਟਨ ਨੇ ਹਾਲ ਹੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ 550ਵੇਂ ਪ੍ਰਕਾਸ਼ ਪੁਰਬ ਦਾ ਜ਼ਿਕਰ ਕਰਦਿਆਂ ਕਿਹਾ ਗੁਰੂ ਸਾਹਿਬ ਨੇ ਵੀ ਇਹੋ ਸੰਦੇਸ਼ ਦਿੱਤਾ ਸੀ ਕਿ ਸਭ ਮਨੁੱਖ ਇਕ ਹਨ। ਉਨ੍ਹਾਂ ਅਕਾਲੀਆਂ ਨੂੰ ਕਿਹਾ ਕਿ ਕੀ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਭੁੱਲ ਗਏ? ਉਨ੍ਹਾ ਕਿਹਾ, 'ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਤੁਸੀਂ ਇਕ ਦਿਨ ਪਛਤਾਓਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਬੋਲੀ ਬੋਲਦਿਆਂ ਉਨ੍ਹਾ ਨੂੰ ਵੀ ਬੁਰਾ ਮਹਿਸੂਸ ਹੋ ਰਿਹਾ ਹੈ, ਪਰ ਹਾਲਾਤ ਹੀ ਅਜਿਹੇ ਬਣ ਗਏ ਕਿ ਇਹ ਕਹਿਣਾ ਜ਼ਰੂਰੀ ਹੋ ਗਿਆ।'

319 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper