Latest News
ਸ਼ਰਾਬ ਫੈਕਟਰੀ ਖਿਲਾਫ ਪਾਤੜਾਂ ਬੰਦ

Published on 19 Feb, 2020 11:46 AM.


ਪਾਤੜਾਂ (ਭੁਪਿੰਦਰਜੀਤ ਮੌਲਵੀਵਾਲਾ/ ਰਾਜ ਸਿੰਗਲਾ/ ਨਿਸ਼ਾਨ ਸਿੰਘ ਬਣਵਾਲਾ)
ਪਿਕਾਡਲੀ ਸ਼ਰਾਬ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦੇ ਖਿਲਾਫ ਇਲਾਕੇ ਦੀਆਂ ਦਰਜਨ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਬਣਾਈ ਗਈ 'ਸ਼ਰਾਬ ਫੈਕਟਰੀ ਹਟਾਓ ਸੰਘਰਸ਼ ਕਮੇਟੀ' ਦੇ ਪੰਜ ਆਗੂਆਂ ਵਿਰੁੱਧ ਪਾਤੜਾਂ ਪੁਲਸ ਵੱਲੋਂ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਸਮੇਤ ਸਿਆਸੀ ਪਾਰਟੀਆਂ, ਕਿਸਾਨ, ਮਜ਼ਦੂਰ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ 'ਤੇ ਬੁੱਧਵਾਰ ਅੱਧਾ ਦਿਨ ਪਾਤੜਾਂ ਦੇ ਬਾਜ਼ਾਰ ਬੰਦ ਰਹੇ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਜਾਖ਼ਲ ਰੋਡ ਉੱਤੇ ਗੱਡਾ ਸਟੈਂਡ ਵਿੱਚ ਇਕੱਠੇ ਹੋਣ ਮਗਰੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਡੀ ਐਸ ਪੀ ਦਫ਼ਤਰ ਪਾਤੜਾਂ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਲਗਾਤਾਰ ਤਿੰਨ ਘੰਟੇ ਤੱਕ ਚੱਲੇ ਧਰਨੇ ਮਗਰੋਂ ਤਹਿਸੀਲਦਾਰ ਸੰਧੂਰਾ ਸਿੰਘ ਵੱਲੋਂ ਮੌਕੇ ਉੱਤੇ ਪਹੁੰਚ ਕੇ ਮੰਗ ਪੱਤਰ ਹਾਸਲ ਕਰਨ ਮਗਰੋਂ ਧਰਨਾ ਚੁੱਕਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਨੌਜਵਾਨ ਭਾਰਤ ਸਭਾ ਦੇ ਆਗੂ ਰਮਿੰਦਰ ਸਿੰਘ ਪਟਿਆਲਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੋੜਾਮਾਜਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਸਰਪੰਚ ਗੁਲਾਬ ਸਿੰਘ ਹਰਿਆਊ ਖੁਰਦ ਅਤੇ ਸਰਪੰਚ ਮੋਹਨ ਸਿੰਘ ਸਿੱਧੂ ਨੇ ਕਿਹਾ ਕਿ ਪਿਕਾਡਲੀ ਸ਼ਰਾਬ ਫ਼ੈਕਟਰੀ ਇਲਾਕੇ ਦੇ ਲੋਕਾਂ ਲਈ ਸਰਾਪ ਬਣੀ ਹੋਈ ਹੈ। ਫੈਕਟਰੀ ਵੱਲੋਂ ਲਗਾਤਾਰ ਫੈਲਾਏ ਜਾ ਰਹੇ ਪ੍ਰਦੂਸ਼ਣ ਕਰਕੇ ਇਲਾਕੇ ਦੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਘੇਰ ਰਹੀਆਂ ਹਨ। ਇਸ ਦੇ ਖ਼ਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਬਣਾਈ ਗਈ ਸੰਘਰਸ਼ ਕਮੇਟੀ ਦੇ ਆਗੂਆਂ ਖਿਲਾਫ ਮਿੱਲ ਮੈਨੇਜਮੈਂਟ ਨੇ ਪਾਤੜਾਂ ਪੁਲਸ ਨਾਲ ਮਿਲ ਕੇ ਸੰਘਰਸ਼ ਨੂੰ ਦਬਾਉਣ ਦੇ ਮਕਸਦ ਨਾਲ ਝੂਠਾ ਪਰਚਾ ਦਰਜ ਕਰਾਇਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਪੰਜ ਮਾਰਚ ਤੱਕ ਸੰਘਰਸ਼ ਕਮੇਟੀ ਦੇ ਪੰਜਾਂ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਨੂੰ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਵਿਚ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਮੰਗਤ ਸਿੰਘ, ਸਰੂਪ ਸਿੰਘ ਸੰਧਾ, ਹਰਭਜਨ ਸਿੰਘ ਧੂਹੜ , ਸੀ ਪੀ ਐੱਮ ਆਗੂ ਰੇਸ਼ਮ ਸਿੰਘ, ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਗੁਰਸੇਵਕ ਸਿੰਘ ਧੂਹੜ, ਸਰਪੰਚ ਸੁਖਵਿੰਦਰ ਸਿੰਘ ਬਕਰਾਹਾ, ਵਪਾਰ ਮੰਡਲ ਦੇ ਪ੍ਰਧਾਨ ਕੇਵਲ ਸਿੰਗਲਾ, ਯੂਥ ਆਗੂ ਜੁਗਨ ਸੇਖੋਂ, ਅਮਰੀਕ ਸਿੰਘ ਘੱਗਾ, ਕਾਮਰੇਡ ਰਾਮਚੰਦ ਚੁਨਾਗਰਾ, ਮਾਸਟਰ ਕੁਲਵੰਤ ਸਿੰਘ ਹਾਮਝੇੜੀ ਅਤੇ ਜਗਜੀਤ ਸਿੰਘ ਦੁਗਾਲ ਸਮੇਤ ਤਿੰਨ ਦਰਜਨ ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ ।

167 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper