Latest News
ਸ਼੍ਰੋਮਣੀ ਕਮੇਟੀ ਦਾ ਬਜਟ ਅਜਲਾਸ ਮੁਲਤਵੀ

Published on 26 Mar, 2020 10:05 AM.


ਅੰਮ੍ਰਿਤਸਰ (ਜਸਬੀਰ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬਜਟ ਸੰਬੰਧੀ ਹੋਈ ਇਕੱਤਰਤਾ ਦੌਰਾਨ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਨਰਲ ਹਾਊਸ ਦੀ ਪ੍ਰਵਾਨਗੀ ਦੇ ਅਧਾਰ 'ਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਇਨ੍ਹਾਂ ਨਾਲ ਸੰਬੰਧਤ ਅਦਾਰਿਆਂ ਤੇ ਸ਼ਾਖਾਵਾਂ, ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਸੰਸਥਾਵਾਂ ਦੇ ਕੰਮ-ਕਾਜ ਨੂੰ ਚਲਾਉਣ ਲਈ ਫਿਲਹਾਲ 90 ਦਿਨਾਂ ਦੇ ਖਰਚਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਸੰਬੰਧ ਵਿਚ ਪੇਸ਼ ਕੀਤੇ ਗਏ ਮਤੇ ਨੂੰ ਹਾਜ਼ਰ ਮੈਂਬਰਾਂ ਨੇ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਕਰਫਿਊ ਵਾਲੇ ਹਾਲਾਤ ਦੇ ਮੱਦੇਨਜ਼ਰ ਬਜਟ ਸੰਬੰਧੀ ਜਨਰਲ ਅਜਲਾਸ ਹਾਲਾਤ ਸੁਖਾਵੇਂ ਹੋਣ ਉਪਰੰਤ ਹੀ ਸੱਦਿਆ ਜਾਵੇਗਾ। ਇਸ ਦੌਰਾਨ ਕੋਰੋਨਾ ਵਾਇਰਸ ਦੀ ਮਹਾਂਮਾਰੀ ਸੰਬੰਧੀ ਵਿਸ਼ੇਸ਼ ਉਪਰਾਲੇ ਕਰਨ ਲਈ ਹੋਣ ਵਾਲੇ ਖਰਚ ਵੀ ਪ੍ਰਵਾਨ ਕੀਤੇ ਗਏ। ਇਕੱਤਰਤਾ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਬਜਟ ਅਜਲਾਸ ਕਰਨਾ ਸੰਭਵ ਨਹੀਂ, ਇਸ ਲਈ ਹਾਲ ਦੀ ਘੜੀ ਜਨਰਲ ਹਾਊਸ ਦੀ ਪ੍ਰਵਾਨਗੀ ਦੇ ਅਧਾਰ 'ਤੇ 90 ਦਿਨਾਂ ਦੇ ਖਰਚਿਆਂ ਨੂੰ ਪ੍ਰਵਾਨ ਕੀਤਾ ਗਿਆ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖਮਈ ਘੜੀ ਸਮੇਂ ਮਨੁੱਖਤਾ ਨਾਲ ਹਮਦਰਦੀ ਰੱਖਦੀ ਹੈ ਅਤੇ ਗੁਰੂ ਸਾਹਿਬ ਦੇ ਫਲਸਫੇ ਅਤੇ ਸਿੱਖ ਪ੍ਰੰਪਰਾ ਅਨੁਸਾਰ ਲੋੜਵੰਦਾਂ ਅਤੇ ਪੀੜਤਾਂ ਦੀ ਸਹਾਇਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾ ਲੋਕਾਂ ਦੀ ਸੇਵਾ ਵਿਚ ਲੱਗੇ ਸਿਹਤ ਕਰਮੀਆਂ, ਪ੍ਰਸ਼ਾਸਨ, ਮੀਡੀਆ ਕਰਮੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਸੇਵਾ ਵਿਚ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।

117 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
ਖ਼ਾਸ ਖ਼ਾਸ ਖ਼ਬਰਾਂ
e-Paper