Latest News
ਕੇਂਦਰ ਦੇ ਅਖੌਤੀ ਖੇਤੀ ਸੁਧਾਰ ਸੰਘੀ ਢਾਂਚੇ 'ਤੇ ਹਮਲਾ : ਕੈਪਟਨ

Published on 05 Jun, 2020 09:00 AM.

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਐਲਾਨੇ ਅਖੌਤੀ ਸੁਧਾਰਾਂ ਨੂੰ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ ਢੀਠਤਾ ਵਾਲਾ ਇਕ ਹੋਰ ਯਤਨ ਆਖਦਿਆਂ ਇਸ ਨੂੰ ਰੱਦ ਕੀਤਾ ਹੈ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਨਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਵਿਵਸਥਾ ਦੇ ਖਾਤਮੇ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ। ਭਾਰਤ ਦੇ ਸੰਵਿਧਾਨ ਤਹਿਤ ਸੁਰੱਖਿਅਤ ਸੂਬਿਆਂ ਦੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਖਿਲਾਫ ਲੜੇਗਾ, ਜਿਸ ਨਾਲ ਸੂਬੇ ਦੇ ਮਜ਼ਬੂਤ ਖੇਤੀ ਉਤਪਾਦਨ ਅਤੇ ਮਾਰਕੀਟਿੰਗ ਵਿਵਸਥਾ ਵਿੱਚ ਸਿੱਧਾ ਜਾਂ ਨੁਕਸਾਨਦਾਇਕ ਦਖਲ ਦਿੱਤਾ ਜਾ ਰਿਹਾ ਹੋਵੇ। ਉਨ੍ਹਾ ਚੇਤਾਵਨੀ ਦਿੱਤੀ ਕਿ ਅਜਿਹਾ ਫੈਸਲਾ ਮੁਲਕ ਦੀ ਅੰਨ ਸੁਰੱਖਿਆ, ਜਿਸ ਨੂੰ ਬਹਾਲ ਰੱਖਣ ਲਈ ਹਰੀ ਕ੍ਰਾਂਤੀ ਤੋਂ ਹੀ ਪੰਜਾਬ ਦੇ ਨਿਰਸਵਾਰਥ ਕਿਸਾਨਾਂ ਨੇ ਸਖਤ ਮਿਹਨਤ ਕੀਤੀ ਹੈ, ਨੂੰ ਬੁਰੀ ਤਰ੍ਹਾਂ ਅਤੇ ਨਾਂਹਪੱਖੀ ਢੰਗ ਨਾਲ ਪ੍ਰਭਾਵਤ ਕਰੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿੱਚ ਨਿਰਧਾਰਤ ਕਰਦਾ ਹੈ। ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਪਾਸ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ, ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿੱਠਿਆ ਜਾ ਸਕੇ। ਇਹ ਮਸਲੇ ਸੂਬਿਆਂ ਦੇ ਹਨ, ਜਿਨ੍ਹਾਂ ਨੂੰ ਸੂਬੇ ਨਿੱਜੀ ਪੱਧਰ 'ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ। ਉਨ੍ਹਾ ਕਿਹਾ, 'ਕਿਸਾਨੀ ਪੈਦਾਵਰ, ਵਪਾਰ ਅਤੇ ਵਣਜ (ਉੱਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੀ ਪੱਧਰ 'ਤੇ ਉੱਚ ਦਰਜੇ ਦਾ ਨਾਂਹ-ਪੱਖੀ ਫੈਸਲਾ ਹੈ।'
ਇਸ ਤੱਥ 'ਤੇ ਜ਼ੋਰ ਦਿੰਦਿਆਂ ਕਿ ਇਹ ਫੈਸਲਾ ਪੰਜਾਬ ਨੂੰ ਨੁਕਸਾਨ ਪਹੁੰਚਾਏਗਾ, ਮੁੱਖ ਮੰਤਰੀ ਨੇ ਵੀਡੀਓ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਵਗੈਰ ਇਨ੍ਹਾਂ ਨੂੰ ਸੂਬਿਆਂ 'ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ। ਆਪਣੇ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਕ, ਸਮਾਜਕ, ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ। ਉਨ੍ਹਾ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਕੋਈ ਲਾਭ ਨਹੀਂ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ। ਉਨ੍ਹਾ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸੰਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ 'ਚ ਉਠਾਏ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ। ਇਸ ਕਾਨੂੰਨ ਨੂੰ ਕਿਸਾਨ ਭਾਈਚਾਰੇ, ਜਿਨ੍ਹਾਂ ਦੇ ਹਿੱਤਾਂ ਨੂੰ ਐੱਨ ਡੀ ਏ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਾਤਾਰ ਅਣਗੌਲਿਆ ਕੀਤਾ ਹੈ, ਨਾਲ ਇਕ ਕੋਝਾ ਮਜ਼ਾਕ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਲਈ ਅਤਿ-ਲੋੜੀਂਦੇ ਸੁਧਾਰਾਂ ਦੇ ਯੁੱਗ ਦੀ ਸ਼ੁਰੂਆਤ ਕਰਨ ਤੋਂ ਕੋਹਾਂ ਦੂਰੀ ਵਾਲੇ ਇਨ੍ਹਾਂ ਐਲਾਨਾਂ ਨੂੰ ਇਸ ਖੇਤਰ ਨੂੰ ਇਕਮੁੱਠ ਰੱਖਣ ਵਾਲੀਆਂ ਪ੍ਰਕ੍ਰਿਆਵਾਂ ਅਤੇ ਵਿਵਸਥਾਵਾਂ 'ਤੇ ਡੂੰਘੀ ਸੱਟ ਮਾਰਨ ਵਾਲੀ ਸਪੱਸ਼ਟ ਅਤੇ ਜ਼ਾਹਰਾ ਵਿਉਂਤ ਕਿਹਾ ਹੈ। ਪੰਜਾਬ ਵਿੱਚ ਖੇਤੀ ਦੀ ਉਪਜ ਲਈ ਪ੍ਰਭਾਵਸ਼ਾਲੀ ਮੰਡੀਕਰਨ ਪ੍ਰਣਾਲੀ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਵਸਥਾ ਸੂਬੇ ਦੇ ਹੱਕ ਵਿੱਚ ਭੁਗਤੀ ਹੈ ਅਤੇ 60 ਸਾਲਾਂ ਦੇ ਲੰਮੇ ਸਮੇਂ ਤੱਕ ਇਸ ਨੇ ਹਰ ਪਰਖ ਦੀ ਘੜੀ ਨੂੰ ਪਾਰ ਕੀਤਾ ਹੈ। ਸੂਬੇ ਵਿਚ ਉਪਜ ਦੇ ਖੁੱਲ੍ਹੇ ਮੰਡੀਕਰਨ ਅਤੇ ਖੇਤਾਂ ਤੋਂ ਮੰਡੀਆਂ ਅਤੇ ਗੋਦਾਮਾਂ ਤੱਕ ਨਿਰਵਿਘਨ ਢੋਆ-ਢੁਆਈ ਲਈ ਅਤਿ ਆਧੁਨਿਕ ਢਾਂਚਾ ਵਿਕਸਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀਬਾੜੀ ਉਪਜ ਦਾ ਸਾਰਾ ਵਪਾਰ ਨੋਟੀਫਾਈਡ ਮੰਡੀਆਂ/ ਮੰਡੀ ਯਾਰਡਾਂ ਵਿੱਚ ਪੰਜਾਬ ਖੇਤੀਬਾੜੀ ਉਤਪਾਦ ਮੰਡੀਕਰਨ ਐਕਟ, 1961 (ਏ ਪੀ ਐੱਮ ਸੀ ਐਕਟ) ਤਹਿਤ ਲਾਇਸੰਸਸ਼ੁਦਾ ਪ੍ਰਣਾਲੀ ਜ਼ਰੀਏ ਕੀਤਾ ਜਾਂਦਾ ਹੈ, ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲਿਆਉਣ ਦੀ ਆਗਿਆ ਦਿੰਦਾ ਹੈ, ਜਿੱਥੇ ਫ਼ਸਲ ਦੀ ਖਰੀਦ/ ਵੇਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਂਦੀ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਏ ਪੀ ਐੱਮ ਸੀ ਐਕਟ ਵਿਚ ਲੋੜੀਂਦੀਆਂ ਸੋਧਾਂ ਕਰ ਦਿੱਤੀਆਂ ਹਨ, ਤਾਂ ਜੋ ਖਾਸ ਉਤਪਾਦਾਂ ਲਈ ਨਿੱਜੀ ਖੇਤਰ ਵਿਚ ਵੀ ਨਿਯਮਤ ਮੰਡੀਆਂ ਸਥਾਪਤ ਕੀਤੀਆਂ ਜਾ ਸਕਣ। ਉਨ੍ਹਾ ਕਿਹਾ ਅਸਲ ਵਿੱਚ ਪੰਜਾਬ ਦੇ ਮੰਡੀ ਯਾਰਡਾਂ ਵਿਚ ਸਾਲਾਨਾ 80000 ਕਰੋੜ ਦੀ ਖਰੀਦ/ ਵੇਚ ਹੁੰਦੀ ਹੈ, ਜੋ ਖੇਤੀਬਾੜੀ ਅਤੇ ਖੇਤੀ ਉਤਪਾਦਾਂ 'ਤੇ ਨਿਰਭਰ ਸੂਬੇ ਦੀ 65% ਆਬਾਦੀ ਲਈ ਸਹਾਇਕ ਬਣਦੇ ਹਨ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਪੰਜਾਬ ਵਿਚ ਪਹਿਲਾਂ ਤੋਂ ਚੰਗੀ ਤਰ੍ਹਾਂ ਸਥਾਪਤ ਮਾਰਕੀਟਿੰਗ ਪ੍ਰਣਾਲੀ ਵਿਚ ਦਖਲ ਲਈ ਕਿਸੇ ਕੇਂਦਰੀ ਕਾਨੂੰਨ ਦੀ ਜ਼ਰੂਰਤ ਨਹੀਂ, ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਇਸ ਢੁੱਕਵੀਂ ਤਰ੍ਹਾਂ ਸਥਾਪਤ ਪ੍ਰਣਾਲੀ ਵਿਚ ਦਖ਼ਲ ਵਾਲਾ ਕੋਈ ਵੀ ਕਦਮ ਰਾਜ ਵਿਚ ਬੇਚੈਨੀ ਪੈਦਾ ਕਰ ਸਕਦਾ ਹੈ, ਕਿਉਂ ਜੋ ਇਸ ਨਾਲ ਕਿਸਾਨਾਂ, ਖ਼ਾਸਕਰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬੁਰੀ ਤਰ੍ਹਾਂ ਸੱਟ ਵੱਜੇਗੀ।

286 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
ਖ਼ਾਸ ਖ਼ਾਸ ਖ਼ਬਰਾਂ
e-Paper