Latest News
ਸ਼ਰਾਬ ਕਾਂਡ : ਮ੍ਰਿਤਕਾਂ ਦੇ ਵਾਰਸਾਂ ਨੂੰ ਹੁਣ 5-5 ਲੱਖ

Published on 07 Aug, 2020 09:35 AM.

ਚੰਡੀਗੜ੍ਹ/ਤਰਨ ਤਾਰਨ : ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ ਪਰਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਤਰਨ ਤਾਰਨ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਪੀੜਤ ਪਰਵਾਰਾਂ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੰਗੀਨ ਜੁਰਮ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪਰਵਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਤਰਾਸਦੀ ਵਿੱਚ ਜਿਨ੍ਹਾਂ ਪੀੜਤਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ, ਉਨ੍ਹਾਂ ਨੂੰ ਵੀ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ 92 ਪੀੜਤ ਪਰਵਾਰਾਂ ਦੀ ਸਹਾਇਤਾ ਲਈ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ 2.92 ਕਰੋੜ ਰੁਪਏ ਦਾ ਚੈੱਕ ਸੌਂਪਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਬੇਰਹਿਮ ਜੁਰਮ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੇ ਹੀ ਅਸਰ-ਰਸੂਖ ਵਾਲੇ ਕਿਉਂ ਨਾ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਸ ਜਾਂਚ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਤੌਰ 'ਤੇ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਰਹਿਮ ਦੇ ਹੱਕਦਾਰ ਨਹੀਂ ਹਨ, ਕਿਉਂਕਿ ਇਹ ਦੁਖਾਂਤ ਮਨੁੱਖ ਦੀ ਦੇਣ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਇਨ੍ਹਾਂ ਮਾਮਲਿਆਂ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ ਵਾਸਤੇ ਵਿਸ਼ੇਸ਼ ਪੈਰਵੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫੀਯੋਗ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਤਾਂ ਕਿ ਭਵਿੱਖ ਵਿੱਚ ਹੋਰਾਂ ਨੂੰ ਸਬਕ ਮਿਲ ਸਕੇ। ਇਸ ਮੌਕੇ ਸੰਵੇਦਨਸ਼ੀਲ ਮੁੱਦੇ 'ਤੇ ਸਿਆਸਤ ਤੋਂ ਗੁਰੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦੀ ਇਸ ਘੜੀ ਵਿੱਚ ਰੋਜ਼ਗਾਰ ਦੇਣ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਲਾਭ ਮੁਹੱਈਆ ਕਰਵਾ ਕੇ ਪੀੜਤ ਪਰਵਾਰਾਂ ਦੀ ਸਹਾਇਤਾ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ਵਿੱਚ ਸ਼ਰਾਬ ਮਾਫੀਏ ਦੇ ਪੈਰ ਪਸਾਰਨ ਵਿੱਚ ਪੁਸ਼ਤਪਨਾਹੀ ਕੀਤੀ ਅਤੇ ਇਸੇ ਕਰਕੇ ਇਹ ਦੁਖਾਂਤ ਵੱਡੇ ਪੱਧਰ 'ਤੇ ਵਾਪਰਿਆ ਹੈ। ਸ੍ਰੀ ਜਾਖੜ ਨੇ ਕਿਹਾ ਕਿ ਇਹ ਦੁਖਾਂਤ ਅਪਰਾਧਿਕ ਲਾਪਰਵਾਹੀ ਦਾ ਸਿੱਟਾ ਹੈ ਅਤੇ ਇਸ ਜੁਰਮ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲ ਕੇ ਰਹੇਗੀ। ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਸੰਤੋਖ ਸਿੰਘ ਭਲਾਈਪੁਰ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ ਅਤੇ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਸ਼ਾਮਲ ਸਨ।

348 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper