Latest News
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਤੋਂ ਫਰਾਖ਼ਦਿਲੀ ਨਾਲ ਵਿੱਤੀ ਪੈਕੇਜ ਦੀ ਮੰਗ

Published on 11 Aug, 2020 10:49 AM.


ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿੱਚ ਕੋਵਿਡ ਕੇਸਾਂ ਵਿੱਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮਹਾਂਮਾਰੀ ਨਾਲ ਮਾਲੀਏ ਦੀ ਉਗਰਾਹੀ ਦੇ ਪਏ ਪਾੜੇ ਨੂੰ ਪੂਰਨ ਲਈ ਸੂਬਿਆਂ ਨੂੰ ਉਦਾਰ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚੋਂ ਖਰਚਿਆਂ ਲਈ ਕੋਵਿਡ ਨਾਲ ਸਬੰਧਤ ਸ਼ਰਤਾਂ ਵੀ ਨਰਮ ਕਰਨ ਦੀ ਮੰਗ ਰੱਖੀ।
ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੋਵਿਡ ਨਾਲ ਸਬੰਧਤ ਖਰਚਿਆਂ ਲਈ ਐਸ.ਡੀ.ਆਰ.ਐਫ. ਵਿੱਚੋਂ ਇਸ ਵੇਲੇ 35 ਫੀਸਦੀ ਤੱਕ ਫੰਡ ਵਰਤਣ ਦੀ ਸ਼ਰਤ ਹੈ ਜਦਕਿ ਮੌਜੂਦਾ ਲੋੜਾਂ ਦੀ ਪੂਰਤੀ ਲਈ ਇਹ ਕਾਫੀ ਨਹੀਂ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਮੀਟਿੰਗ ਵਿੱਚ ਹਾਜ਼ਰ ਸਨ। ਮੁੱਖ ਮੰਤਰੀ ਨੇ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਦੀ ਸਥਾਪਨਾ ਕਰਨ ਲਈ ਪੰਜਾਬ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ 'ਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਨੂੰ ਇੰਸਟੀਚਿਊਟ ਲਈ ਛੇਤੀ ਹੀ 25 ਏਕੜ ਜ਼ਮੀਨ ਸੌਂਪ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ ਦੇ ਮਾਮਲੇ ਵਧ ਰਹੇ ਹਨ ਜੋ ਹੁਣ ਤੱਕ 24891 ਤੱਕ ਪਹੁੰਚ ਗਏ ਹਨ ਅਤੇ 604 ਮੌਤਾਂ ਹੋਈਆਂ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯੂ.ਜੀ.ਸੀ. ਦੇ 30 ਸਤੰਬਰ ਤੱਕ ਫਾਈਨਲ ਇਮਤਿਹਾਨ ਲਾਜ਼ਮੀ ਤੌਰ 'ਤੇ ਕਰਵਾਉਣ ਦੇ ਫੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਦੀ ਸਥਿਤੀ ਵਿੱਚ ਨਹੀਂ ਹੋਵੇਗਾ ਕਿਉਂ ਜੋ ਉਸ ਸਮੇਂ ਸੂਬੇ ਨੂੰ ਕੋਵਿਡ ਦੇ ਸਿਖਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਅਤੇ ਅੰਦਰੂਨੀ ਮੁਲਾਂਕਣ ਦੇ ਆਧਾਰ 'ਤੇ ਅਗਲੀਆਂ ਕਲਾਸਾਂ ਵਿੱਚ ਭੇਜਿਆ ਜਾ ਸਕਦਾ ਹੈ ਅਤੇ ਜਿਹੜੇ ਵਿਦਿਆਰਥੀ ਆਪਣੇ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣਾ ਚਾਹੁੰਦੇ ਹਨ, ਉਨ੍ਹਾਂ ਦੇ ਬਾਅਦ ਵਿੱਚ ਇਮਤਿਹਾਨ ਲੈਣ ਦੀ ਖੁੱਲ੍ਹ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਆਨਲਾਈਨ ਸਕੂਲ ਸਿੱਖਿਆ ਖਾਸ ਕਰਕੇ 11ਵੀਂ ਅਤੇ 12ਵੀਂ ਜਮਾਤ ਦੇ ਗਰੀਬ ਵਿਦਿਆਰਥੀਆਂ ਲਈ ਸਹਾਇਤਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਲਈ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਹੋਰ ਫੰਡਾਂ ਦੀ ਲੋੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਪੰਜਾਬ ਕੋਵਿਡ ਲਈ 10 ਲੱਖ (ਇਕ ਮਿਲੀਅਨ) ਪਿੱਛੇ 23,000 ਟੈਸਟ ਕਰ ਰਿਹਾ ਹੈ ਜੋ ਕੌਮੀ ਔਸਤ ਨਾਲੋਂ ਵੱਧ ਹੈ ਅਤੇ ਅਗਲੇ 15 ਦਿਨਾਂ ਵਿੱਚ ਆਰ.ਟੀ.-ਪੀ.ਸੀ.ਆਰ. ਟੈਸਟ 12000 ਤੋਂ ਵਧਾ ਕੇ 20000 ਕਰਨ ਦੀ ਯੋਜਨਾ ਹੈ। ਇਹ ਟੈਸਟਿੰਗ ਸਮਰਥਾ ਹੋਰ ਵਧਾਉਣ ਦੀ ਲੋੜ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚੰਡੀਗੜ੍ਹ ਅਤੇ ਪੰਜਾਬ ਵਿੱਚ ਸਥਿਤ ਭਾਰਤ ਸਰਕਾਰ ਦੀਆਂ ਸੰਸਥਾਵਾਂ ਨੂੰ ਟੈਸਟਿੰਗ ਸਮਰਥਾ ਵਧਾਉਣ ਦੀ ਅਪੀਲ ਕੀਤੀ ਅਤੇ ਇਸ ਬਾਰੇ ਉਹ ਪਹਿਲਾਂ ਵੀ ਉਨ੍ਹਾਂ ਨੂੰ ਪੱਤਰ ਲਿਖ ਚੁੱਕੇ ਹਨ।
ਸੂਬੇ ਦੀ 2.4 ਫੀਸਦੀ ਮੌਤ ਦਰ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਭਾਵੇਂ ਸਾਰੇ ਭਾਰਤ ਵਿੱਚ ਇਕ ਮਿਲੀਅਨ ਪਿੱਛੇ ਹੁੰਦੀਆਂ ਮੌਤਾਂ ਨਾਲੋਂ ਇਹ ਘੱਟ ਹੈ ਅਤੇ ਮੌਤਾਂ ਦੇ 91 ਫੀਸਦੀ ਮਾਮਲੇ ਸਹਿ-ਬਿਮਾਰੀਆਂ ਨਾਲ ਸਬੰਧਤ ਹਨ ਪਰ ਇਹ ਅਜੇ ਵੀ ਗੁਆਂਢੀ ਸੂਬੇ ਹਰਿਆਣਾ ਨਾਲੋਂ ਵੱਧ ਹਨ। ਉਨ੍ਹਾਂ ਕਿਹਾ ਕਿ ਮਰੀਜ਼ ਇਲਾਜ ਲਈ ਹਸਪਤਾਲਾਂ ਵਿੱਚ ਦੇਰੀ ਨਾਲ ਆ ਰਹੇ ਹਨ ਅਤੇ 86 ਫੀਸਦੀ ਮੌਤਾਂ ਟਰਸ਼ਰੀ ਹਸਪਤਾਲਾਂ ਵਿੱਚ ਵੀ ਹੋ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿਖੇ ਸਥਿਤ ਏਮਜ਼ ਵਿਖੇ ਕੋਵਿਡ ਟੈਸਟਿੰਗ ਅਤੇ ਇਲਾਜ ਤੁਰੰਤ ਸ਼ੁਰੂ ਕਰਨ ਦੀ ਅਪੀਲ ਕੀਤੀ ਜਦਕਿ ਇਸ ਸੰਸਥਾ ਵਿੱਚ ਓ.ਪੀ.ਡੀ. ਪਹਿਲਾਂ ਹੀ ਕਾਰਜਸ਼ੀਲ ਹੈ।
ਕੈਪਟਨ ਨੇ ਕਿਹਾ ਕਿ ਪਹਿਲਾਂ ਹੀ ਮਨਜ਼ੂਰ ਕੀਤੇ ਤਿੰਨ ਮੈਡੀਕਲ ਕਾਲਜਾਂ ਵਿੱਚੋਂ ਮੋਹਾਲੀ ਦੇ ਮੈਡੀਕਲ ਕਾਲਜ ਵਿੱਚ ਕਲਾਸਾਂ ਇਸ ਸਾਲ ਤੋਂ ਸ਼ੁਰੂ ਹੋਣ ਜਾਣਗੀਆਂ ਪਰ ਅਜਿਹੀਆਂ ਹੋਰ ਸੰਸਥਾਵਾਂ ਦੀ ਲੋੜ ਹੈ। ਉਨ੍ਹਾਂ ਨੇ ਲੋੜ ਅਧਾਰਿਤ ਜ਼ਿਲ੍ਹਿਆਂ ਗੁਰਦਸਾਪੁਰ, ਸੰਗਰੂਰ/ਮਲੇਰਕੋਟਲਾ ਦੇ ਨਾਲ-ਨਾਲ ਮੋਗਾ ਵਿੱਚ ਨਵੇਂ ਕਾਲਜ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਨੇ ਇਹ ਦਰਸਾ ਦਿੱਤਾ ਹੈ ਕਿ ਸਾਨੂੰ ਸਿਹਤ ਖੇਤਰ ਵਿੱਚ ਸਿਹਤ ਸਹੂਲਤਾਂ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

267 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper