Latest News
ਭਲਕੇ ਮੋਦੀ ਦੇ ਪੁਤਲੇ ਸਾੜੇ ਜਾਣਗੇ

Published on 15 Oct, 2020 11:18 AM.


ਚੰਡੀਗੜ੍ਹ : ਪੰਜਾਬ ਦੀਆਂ 30 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕਰਨ ਉਪਰੰਤ ਕੇਂਦਰ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਨਵੇਂ ਖੇਤੀ-ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰੱਖਣ ਅਤੇ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਹੈ। ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੇਲ-ਰੋਕੋ, ਟੋਲ ਪਲਾਜ਼ਿਆਂ ਅਤੇ ਬੀਜੇਪੀ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ। ਜਥੇਬੰਦੀਆਂ ਵੱਲੋਂ ਰਾਜ ਭਰ ਵਿੱਚ ਚੱਲ ਰਹੇ ਅੰਦੋਲਨ ਦਾ ਰੀਵਿਊ ਕਰਨ ਲਈ 20 ਅਕਤੂਬਰ ਨੂੰ ਮੁੜ ਮੀਟਿੰਗ ਬੁਲਾਈ ਗਈ ਹੈ। ਜਥੇਬੰਦੀਆਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਖਿਲਾਫ਼ 17 ਅਕਤੂਬਰ ਨੂੰ ਰੋਸ-ਮਾਰਚ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਭਰ ਵਿੱਚ ਪੁਤਲੇ ਫੂਕੇ ਜਾਣਗੇ, ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੋਂ ਉਪਰਲੇ ਲੀਡਰਾਂ ਸਮੇਤ ਭਾਜਪਾ ਵੱਲੋਂ ਰਾਜ ਵਿੱਚ ਭੇਜੀ ਜਾਂਦੀ ਕੇਂਦਰੀ ਟੀਮ ਦੇ ਪ੍ਰੋਗਰਾਮਾਂ ਦਾ ਥਾਂ-ਥਾਂ 'ਤੇ ਵਿਰੋਧ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਨੁਮਾਇੰਦਿਆਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਆਸੀ ਸਲਾਹਕਾਰ ਸੰਦੀਪ ਸਿੰਘ ਸੰਧੂ ਵੱਲੋਂ ਮੁਲਾਕਾਤ ਬਾਅਦ, ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਵਾਪਸ ਲੈ ਲਿਆ ਗਿਆ ਹੈ, ਕਿਉਂਕਿ 19 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਵਿਧਾਨ-ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਸਬੰਧੀ ਦਿੱਲੀ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਮਗਰੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕੇਂਦਰ ਸਰਕਾਰ ਪ੍ਰਤੀ ਰੋਹ ਵਧਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਪਹਿਲਾਂ ਨਾਲੋਂ ਤੇਜ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਬੁਲਾਕੇ ਕੇਂਦਰੀ ਮੰਤਰੀਆਂ ਨੂੰ ਨਾ ਭੇਜਕੇ ਅਜਿਹੀ ਗਲਤੀ ਕੀਤੀ ਹੈ, ਜਿਸ ਦਾ ਕਿਸੇ ਸਰਕਾਰ ਤੋਂ ਅੰਨਦਾਤਾ ਨੂੰ ਯਕੀਨ ਨਹੀਂ ਹੋ ਸਕਦਾ ਸੀ।
ਮੀਟਿੰਗ 'ਚ ਇੱਕ ਅਹਿਮ ਫੈਸਲਾ ਵੀ ਕੀਤਾ ਹੈ ਕਿ ਉਹ ਹੁਣ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਦਿੱਲੀ ਨਹੀਂ ਜਾਣਗੇ। ਹਾਲਾਂਕਿ ਆਪਣੀ ਪਲੈਨਿੰਗ ਦੇ ਹਿਸਾਬ ਨਾਲ ਉਹ ਵਿਰੋਧ ਲਈ ਦਿੱਲੀ ਜਾ ਸਕਦੇ ਹਨ। ਕਿਸਾਨਾਂ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਘਰਸ਼ ਅੱਗੇ ਆਏਗਾ, ਉਹ ਉਸ ਦਾ ਜ਼ੋਰਦਾਰ ਵਿਰੋਧ ਕਰਨਗੇ, ਫਿਰ ਚਾਹੇ ਉਹ ਪ੍ਰਧਾਨ ਮੰਤਰੀ ਹੋਣ ਜਾਂ ਫਿਰ ਕੋਈ ਰਾਜਪਾਲ! ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਪਟੜੀ ਤੋਂ ਉਤਾਰਨ ਲਈ ਸਿਆਸੀ ਸਾਜ਼ਿਸ਼ਾਂ ਹੋ ਰਹੀਆਂ ਹਨ, ਪਰ ਉਹ ਪੂਰੀ ਤਰ੍ਹਾਂ ਸੁਚੇਤ ਹਨ। ਹੁਣ ਉਹ ਅੰਦੋਲਨ ਪੂਰੇ ਦੇਸ਼ ਵਿੱਚ ਫੈਲਾਉਣਗੇ ਅਤੇ ਫਿਰ ਦਿੱਲੀ ਨੂੰ ਘੇਰਨ ਦੀ ਯੋਜਨਾ ਬਣਾਉਣਗੇ। ਕਿਸਾਨ ਅੰਦੋਲਨ ਨੇ ਬਹੁਤ ਸਾਰੇ ਸਮੀਕਰਣਾਂ ਨੂੰ ਬਦਲਿਆ ਹੈ। ਅਕਾਲੀ ਦਲ ਨੇ ਖੇਤੀ ਕਾਨੂੰਨਾਂ ਕਾਰਨ ਐੱਨ ਡੀ ਏ ਦਾ ਸਾਥ ਛੱਡ ਦਿੱਤਾ ਅਤੇ ਇਸ ਕਾਰਨ ਹਰਸਿਮਰਤ ਬਾਦਲ ਨੇ ਅਸਤੀਫ਼ਾ ਵੀ ਦੇ ਦਿੱਤਾ ਸੀ। ਅੰਦੋਲਨ ਨੇ ਰਾਜਨੀਤਕ ਸਿਸਟਮ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ।
ਜਥੇਬੰਦਕ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਜਿਸ ਰੂਪ ਵਿੱਚ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਵਿਦਿਆਰਥੀਆਂ, ਮੁਲਾਜ਼ਮਾਂ, ਬੇਰੁਜ਼ਗਾਰਾਂ, ਦੁਕਾਨਦਾਰਾਂ, ਆੜਤੀਆਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਵੱਲੋਂ ਇਸ ਸੰਘਰਸ਼ ਪ੍ਰਤੀ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਜਾਪਦਾ ਹੈ ਕਿ ਮੋਦੀ ਦੇ ਕਾਲੇ-ਕਾਨੂੰਨਾਂ ਖਿਲਾਫ਼ ਛੇਤੀ ਹੀ ਜੰਗ ਜਿੱਤੀ ਜਾਵੇਗੀ।
ਕਿਸਾਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਦੇ ਅਸੈਂਬਲੀ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਇੱਕ ਮਤਾ ਪਾਸ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਲਹਿਰ ਦੇਸ਼ ਦੀ ਲਹਿਰ ਬਣ ਜਾਵੇਗੀ। ਨਵੰਬਰ ਦੇ ਆਖਰੀ ਹਫ਼ਤੇ ਵਿੱਚ ਦਿੱਲੀ ਨੂੰ ਘੇਰਿਆ ਜਾ ਸਕਦਾ ਹੈ। ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਤੋਂ ਬਾਹਰ ਰਹਿ ਕੇ ਉਨ੍ਹਾਂ ਦਾ ਸਮਰਥਨ ਕਰਨ।

195 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper