Latest News
ਦਿੱਲੀ-ਮੋਰਚਾ ਇਤਿਹਾਸਕ ਬਣੇਗਾ, ਪੰਜਾਬ ਦੀ ਹੋਵੇਗੀ ਅਹਿਮ ਭੂਮਿਕਾ : ਬੁਰਜਗਿੱਲ

Published on 20 Nov, 2020 11:16 AM.

ਚੰਡੀਗੜ੍ਹ (ਗੁਰਜੀਤ ਬਿੱਲਾ)
'500 ਕਿਸਾਨ ਜਥੇਬੰਦੀਆਂ ਦਾ ਸਾਂਝਾ ਦਿੱਲੀ-ਮੋਰਚਾ ਇਤਿਹਾਸਕ ਹੋਵੇਗਾ, ਜੋ ਮੋਦੀ ਸਰਕਾਰ ਨੂੰ 3 ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਵਾਪਸ ਲੈਣ ਲਈ ਮਜਬੂਰ ਕਰ ਦੇਵੇਗਾ। ਇਸ ਮੋਰਚੇ 'ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ।' ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਤਰਕਸ਼ੀਲ ਭਵਨ, ਬਰਨਾਲਾ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕੀਤਾ। ਉਹਨਾ ਕਿਹਾ ਕਿ ਪੰਜਾਬ ਭਰ 'ਚ 30 ਕਿਸਾਨ ਜਥੇਬੰਦੀਆਂ ਵੱਲੋਂ ਟੋਲ-ਪਲਾਜ਼ਿਆਂ, ਰੇਲਵੇ-ਸਟੇਸ਼ਨ ਾਰਕਾਂ, ਅੰਬਾਨੀ ਦੇ ਰਿਲਾਇੰਸ-ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਜੋਸ਼ੋ-ਖ਼ਰੋਸ਼ ਨਾਲ ਜਾਰੀ ਹਨ ਅਤੇ ਲੋਕ ਦਿੱਲੀ ਜਾਣ ਲਈ ਉਤਾਵਲੇ ਹਨ। ਜਥੇਬੰਦੀਆਂ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਮੋਰਚਿਆਂ ਨੂੰ ਵੀ ਜਾਰੀ ਰੱਖਣਗੀਆਂ। ਜਥੇਬੰਦੀਆਂ ਦੀ ਮੀਟਿੰਗ ਦੌਰਾਨ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ 'ਤੇ ਚੱਲਦਿਆਂ 1991 'ਚ ਨਰਸਿਮ੍ਹਾ-ਮਨਮੋਹਨ ਜੋੜੀ ਵੱਲੋਂ ਦੇਸ਼ 'ਚ ਵਿਸ਼ਵੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕੀਤੀਆਂ ਗਈਆਂ, ਜਿਹਨਾਂ ਨੀਤੀਆਂ ਨੇ ਦੇਸ਼ ਦੇ ਜਨਤਕ ਖੇਤਰ ਨੂੰ ਬੁਰੀ ਤਰ੍ਹਾਂ ਬਰਬਾਦ ਕੀਤਾ ਅਤੇ ਨਿੱਜੀ-ਖੇਤਰ ਨੂੰ ਲੋਕਾਂ ਦੀ ਅੰਨ੍ਹੇਵਾਹ ਲੁੱਟ ਕਰਨ ਲਈ ਖੁੱਲ੍ਹਾ ਛੱਡ ਦਿੱਤਾ। ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲ਼ੀ ਭਾਜਪਾ ਸਰਕਾਰ ਨੇ ਉਹਨਾਂ ਨੀਤੀਆਂ ਨੂੰ ਹੋਰ ਜਿਆਦਾ ਜ਼ੋਰ ਨਾਲ ਲਾਗੂ ਕੀਤਾ ਹੈ। ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਮੰਗ ਕਰ ਰਹੇ ਹਨ ਕਿ ਖੇਤੀ ਵਿਰੋਧੀ ਕਾਨੂੰਨ ਵਾਪਸ ਲਏ ਜਾਣ, ਪਰ ਮੋਦੀ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਕਿਸਾਨਾਂ 'ਤੇ ਇਹ ਕਾਲ਼ੇ ਕਾਨੂੰਨ ਮੜ੍ਹ ਰਹੀ ਹੈ, ਪਰ ਦੇਸ਼ ਭਰ ਦੀਆਂ 500 ਕਿਸਾਨ ਜਥੇਬੰਦੀਆਂ ਨੇ ਇਹ ਦਰਸਾ ਦਿੱਤਾ ਹੈ ਕਿ ਕਿਸਾਨ ਕਿਸੇ ਵੀ ਕੀਮਤ 'ਤੇ ਇਹਨਾਂ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ।
ਮੀਟਿੰਗ ਦੌਰਾਨ ਸੂਬੇ ਭਰ ਤੋਂ ਆਏ ਜ਼ਿਲ੍ਹਾਪ੍ਰਧਾਨਾਂ ਅਤੇ ਸਕੱਤਰਾਂ ਨੂੰ ਝੰਡੇ, ਬੈਜ ਅਤੇ ਹੋਰ ਜਥੇਬੰਦਕ ਡਿਊਟੀਆਂ ਸੌਂਪੀਆਂ ਗਈਆਂ।
ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਖਜ਼ਾਨਚੀ ਰਾਮ ਸਿੰਘ ਮਟੋਰੜਾ, ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ 'ਚ ਘਰ-ਘਰ ਰਾਸ਼ਨ ਇਕੱਠਾ ਕਰਦਿਆਂ, ਸਵੇਰ-ਸ਼ਾਮ ਮੀਟਿੰਗਾਂ ਕਰਦਿਆਂ ਦਿੱਲੀ ਜਾਣ ਲਈ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਦਾ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਮੋਦੀ ਸਰਕਾਰ ਖ਼ਿਲਾਫ਼ ਫੈਸਲਾਕੁੰਨ ਸੰਘਰਸ਼ ਦੇ ਰੌਂਅ 'ਚ ਹਨ।

113 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper