ਪਾਤੜਾਂ (ਭੁਪਿੰਦਰਜੀਤ ਮੌਲਵੀਵਾਲਾ)
ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪਰਿਯੋਜਨਾ ਤਹਿਤ ਬਣਾਏ ਜਾ ਰਹੇ ਦਿੱਲੀ ਅੰਮ੍ਰਿਤਸਰ ਕੱਟੜਾ ਐਕਸਪ੍ਰੈੱਸ ਵੇਅ ਲਈ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਗਿਆਰਾਂ ਪਿੰਡਾਂ ਦੀ ਪ੍ਰਸਤਾਵਤ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਮਾਲਕ ਕਿਸਾਨਾਂ ਨੇ ਮੀਟਿੰਗ ਕਰਕੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਕਿਸਾਨਾਂ ਨੇ ਮੀਟਿੰਗ ਵਿੱਚ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਨਾ ਹੋਣ ਤੱਕ ਐਕਸਪ੍ਰੈੱਸ ਵੇਅ ਲਈ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀਆਂ ਸਾਰੀਆਂ ਕਾਰਵਾਈਆਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਇਸੇ ਦੌਰਾਨ ਕਿਸਾਨਾਂ ਨੇ ਸ਼ਹੀਦ ਊਧਮ ਸਿੰਘ ਨਗਰ ਗਲੋਲੀ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਥਾਪ ਕੇ ਆਉਣ ਵਾਲੇ ਦਿਨਾਂ ਅੰਦਰ ਪ੍ਰਭਾਵਤ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਲਿਆ ਹੈ।
ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਮਾਲਕ ਕਿਸਾਨਾਂ ਸਾਬਕਾ ਸਰਪੰਚ ਜਗਜੀਤ ਸਿੰਘ, ਬਲਾਕ ਸੰਮਤੀ ਸੰਗਰੂਰ ਦੇ ਚੇਅਰਮੈਨ ਡਿੱਕੀ, ਜਗਤਾਰ ਸਿੰਘ ਬਰਾਸ, ਸਤਨਾਮ ਸਿੰਘ, ਗੁਰਭੇਜ ਸਿੰਘ ਦੁਤਾਲ, ਜਤਿੰਦਰ ਸਿੰਘ ਦੁਗਾਲ, ਬਲਵੰਤ ਸਿੰਘ ਅਤਾਲਾਂ ਤੇ ਨਿਰੰਕਾਰ ਸਿੰਘ ਸ਼ੁਤਰਾਣਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਮਾਰੂ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਉਜਾੜਨ ਦੇ ਰਾਹ ਤੁਰੀ ਹੋਈ ਹੈ।ਭਾਰਤ ਇੱਕ ਲੋਕਤੰਤਰਿਕ ਦੇਸ਼ ਹੈ ਅਤੇ ਇਸ ਵਿਚ ਹਰ ਇੱਕ ਨਾਗਰਿਕ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ, ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਹੈ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਕਿਸਾਨ ਜਦੋਂ ਦਿੱਲੀ ਪਹੁੰਚੇ ਹਨ ਤਾਂ ਉਨ੍ਹਾਂ ਨੂੰ ਕੌਮੀ ਮੁੱਖ ਮਾਰਗਾਂ ਉੱਤੇ ਵੀ ਰੋਸ ਪ੍ਰਦਰਸ਼ਨ ਕਰਨ ਤੋਂ ਜਬਰੀ ਰੋਕੇ ਜਾਣ ਦੇ ਵਿਰੋਧ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈ ਨਾ ਲਏ ਜਾਣ ਤੱਕ ਪ੍ਰਸਤਾਵਿਤ ਐਕਸਪ੍ਰੈਸਵੇਅ ਲਈ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਕਿਸੇ ਵੀ ਕਾਰਵਾਈ ਨੂੰ ਅਮਲੀ ਜਾਮਾ ਨਹੀਂ ਪਹਿਨਾਉਣ ਦੇਣਗੇ।ਉਨ੍ਹਾਂ ਦੱਸਿਆ ਹੈ ਕਿ ਮਾਮਲੇ ਸਬੰਧੀ ਕਿਸਾਨਾਂ ਨੂੰ ਲਾਮਬੰਦ ਕਰਨ ਲਈ 30 ਨਵੰਬਰ ਨੂੰ ਪਿੰਡ ਗਲੋਲੀ, ਗੁਲਜਾਰਪੁਰ ਠਰੂਆ, ਤੇਈਪੁਰ ਅਤੇ ਸ਼ੁਤਰਾਣਾ 1 ਦਸੰਬਰ ਨੂੰ ਦੁਤਾਲ ਬਣਵਾਲਾ ਤੰਬੂਵਾਲਾ, ਅਤਾਲਾਂ ਤੇ 2 ਦਸੰਬਰ ਨੂੰ ਘੱਗਾ ਬਰਾਸ ਅਤੇ ਲਾਲਵਾ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।