ਸੰਗਰੂਰ (ਪ੍ਰਵੀਨ ਸਿੰਘ)
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਵਿਰੁੱਧ ਰੋਸ ਵਜੋਂ ਵੀਰਵਾਰ ਪਦਮ ਭੂਸ਼ਣ ਦਾ ਖਿਤਾਬ ਵਾਪਸ ਕਰ ਦਿੱਤਾ। ਇਹ ਖਿਤਾਬ ਉਨ੍ਹਾ ਨੂੰ ਮਾਰਚ 2019 ਵਿਚ ਮਿਲਿਆ ਸੀ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਦੋ ਮਹੀਨਿਆਂ ਤੋਂ ਧਰਨੇ ਦੇ ਰਹੇ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਜਦੋਂ ਭਾਜਪਾ ਸਰਕਾਰ ਬਜ਼ੁਰਗਾਂ ਨੂੰ ਵੀ ਨਜ਼ਰਅੰਦਾਜ਼ ਕਰ ਰਹੀ ਹੈ ਤਾਂ ਉਨ੍ਹਾ ਲਈ ਪਦਮ ਭੂਸ਼ਣ ਖਿਤਾਬ ਦਾ ਕੋਈ ਤੁਕ ਨਹੀਂ ਰਹਿ ਜਾਂਦਾ। ਉਨ੍ਹਾ ਕਿਹਾ ਕਿ ਉਨ੍ਹਾ ਦੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ ਤੇ ਉਨ੍ਹਾ ਵਰਕਰਾਂ ਨੂੰ ਕਿਹਾ ਹੈ ਕਿ ਪ੍ਰੋਟੈਸਟ ਦੌਰਾਨ ਪਾਰਟੀ ਸਿਆਸਤ ਦੀਆਂ ਗੱਲਾਂ ਨਾ ਕਰਨ। ਉਨ੍ਹਾ ਕਿਹਾ ਕਿ ਉਨ੍ਹਾ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਪ੍ਰੋਟੈਸਟਾਂ ਵਿਚ ਹਿੱਸਾ ਲਿਆ ਤੇ ਜੇ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਉਹ ਅੰਦੋਲਨ ਨੂੰ ਤੇਜ਼ ਕਰਨਗੇ।