ਸਮਰਾਲਾ (ਸੁਰਜੀਤ ਸਿੰਘ)
ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ, ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ), ਪੰਜਾਬ ਰਾਜ ਬਿਜਲੀ ਮਜਦੂਰ ਸੰਘ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ ਹੈੱਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਵਰਕਰਜ਼ ਫੈਡਰੇਸ਼ਨ ਇੰਟਕ 5 ਦਸੰਬਰ (ਸ਼ਨੀਵਾਰ) ਨੂੰ ਸਮੁੱਚੇ ਪੰਜਾਬ ਦੇ ਉਪ ਮੰਡਲ ਅਤੇ ਮੰਡਲ ਦਫਤਰਾਂ ਅੱਗੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਿਰੁੱਧ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਨਗੀਆਂ। ਇਸ ਸੰਬੰਧੀ ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਸਿਕੰਦਰ ਨਾਥ, ਸੁਖਦੇਵ ਸਿੰਘ, ਕੰਵਲਜੀਤ ਸਿੰਘ, ਜਗਜੀਤ ਸਿੰਘ, ਅਸ਼ੋਕ ਕੁਮਾਰ ਸ਼ਰਮਾ, ਰਵੇਲ ਸਿੰਘ ਸਹਾਏਪੁਰ ਅਤੇ ਅਵਤਾਰ ਸਿੰਘ ਕੈਂਥ ਸਮੇਤ ਹੋਰ ਆਗੂਆਂ ਨਾਲ ਵਰਚੁਅਲ ਮੀਟਿੰਗ ਕਰਨ ਉਪਰੰਤ ਜੁਆਇੰਟ ਫੋਰਮ ਦੇ ਸਕੱਤਰ ਕਰਮ ਚੰਦ ਭਾਰਦਵਾਜ ਨੇ ਦੱਸਿਆ ਕਿ ਜਾਇੰਟ ਫੋਰਮ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਮਾੜੇ ਵਿਹਾਰ ਦੀ ਸਖਤ ਨਿੰਦਾ ਕੀਤੀ। ਰੋਸ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡਣ, ਮੇਨ ਜੀ ਟੀ ਰੋਡ 'ਤੇ ਡੂੰਘੇ ਖੱਡੇ ਪੁੱਟਣ, ਪੁਲਸ ਲਾਠੀਚਾਰਜ ਅਤੇ ਵੱਡੇ-ਵੱਡੇ ਪੱਧਰ ਸੜਕ ਤੇ ਰੋਕਾਂ ਅਤੇ ਕੰਡਿਆਲੀ ਤਾਰ ਲਾ ਕੇ ਪੁਰਅਮਨ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਸੁੱਟਣ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕੇਂਦਰ ਸਰਕਾਰ ਪਾਸੋਂ ਕਿਸਾਨ ਆਗੂਆਂ ਨਾਲ ਗੱਲਬਾਤ ਰਾਹੀਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਅਤੇ ਸਮਰਥਨ ਕਰਦਿਆਂ ਸਮੂਹ ਬਿਜਲੀ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੇ ਪੰਜਾਬ ਅੰਦਰ ਅਤੇ ਦਿੱਲੀ ਦੇ ਬਾਰਡਰ 'ਤੇ ਬੈਠੇ ਕਿਸਾਨਾਂ ਦੀ ਹਰ ਪ੍ਰਕਾਰ ਦੀ ਯੋਗ ਮਦਦ ਕਰਨ। ਉਨ੍ਹਾਂ ਹਰਿਆਣਾ ਸਰਕਾਰ ਦੀ ਕਿਸਾਨਾਂ 'ਤੇ ਲਾਠੀਚਾਰਜ ਕਰਨ ਅਤੇ ਪੁਲਸ ਬਲ ਦੀ ਜ਼ਿਆਦਤੀ ਦੀ ਸਖਤ ਨਿੰਦਾ ਕੀਤੀ।