Latest News
7 ਕਿਸਾਨਾਂ ਦੇ ਪਰਵਾਰਾਂ ਨੂੰ ਦੇਵਾਂਗੇ ਇੱਕ-ਇੱਕ ਲੱਖ ਰੁਪਏ : ਬੀਬੀ ਜਗੀਰ ਕੌਰ

Published on 04 Dec, 2020 10:25 AM.

ਅੰਮ੍ਰਿਤਸਰ (ਜਸਬੀਰ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8:00 ਤੋਂ 9:00 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਸ਼ੁੱਕਰਵਾਰ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਉਕਤ ਫੈਸਲੇ ਲੈਂਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਾਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਇਹ ਸਮਾਗਮ ਸਵੇਰੇ 8:00 ਤੋਂ 9:00 ਵਜੇ ਤੱਕ ਹੋਣਗੇ, ਜਿਨ੍ਹਾਂ ਵਿਚ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਨ੍ਹਾ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ ਇਸ ਦਿਨ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਹਰ ਰਾਜਸੀ, ਧਾਰਮਿਕ, ਸਮਾਜਿਕ ਆਗੂ ਅਤੇ ਖਿਡਾਰੀਆਂ ਵੱਲੋਂ ਕਿਸਾਨਾਂ ਨਾਲ ਖੜ੍ਹਦਿਆਂ ਭਾਰਤੀ ਸਨਮਾਨ ਵਾਪਸ ਕਰਨ ਦੇ ਫੈਸਲੇ ਨੂੰ ਸਹੀ ਕਰਾਰ ਦਿੰਦਿਆਂ ਸਲਾਹਿਆ ਹੈ। ਉਨ੍ਹਾ ਭਾਰਤ ਸਰਕਾਰ ਦੀ ਕਰੜੀ ਨਿੰਦਾ ਅਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੰਗਨਾ ਰਾਣੌਤ ਵੱਲੋਂ ਬਜ਼ੁਰਗ ਮਾਤਾਵਾਂ ਖਿਲਾਫ਼ ਕੀਤੀ ਟਿੱਪਣੀ ਦੀ ਵੀ ਨਿੰਦਾ ਕੀਤੀ ਗਈ।
ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਲਈ ਇਕ ਸਮੀਖਿਆ ਕਮੇਟੀ ਗਠਿਤ ਕੀਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਸਬੰਧੀ ਮਰਯਾਦਾ, ਪਬਲੀਕੇਸ਼ਨ ਵਿਭਾਗ ਦੇ ਹਾਲਾਤ ਅਤੇ ਕਾਰਗੁਜ਼ਾਰੀ ਨੂੰ ਦੇਖਣ ਲਈ ਇਹ ਕਮੇਟੀ ਕੰਮ ਕਰੇਗੀ। ਉਨ੍ਹਾ ਕਿਹਾ ਕਿ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਬਾਰੇ ਵੀ ਇਹ ਕਮੇਟੀ ਸਮੀਖਿਆ ਕਰੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਅੰਦਰ ਤਰੱਕੀਆਂ ਅਤੇ ਨਿਯੁਕਤੀਆਂ ਸਬੰਧੀ ਵੀ ਇਕ ਰੀਵਿਊ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਸਿਹਤ ਸੰਸਥਾਵਾਂ ਅਤੇ ਧਰਮ ਪ੍ਰਚਾਰ ਦੇ ਪ੍ਰਬੰਧ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਲਈ ਵੀ ਵਿਚਾਰਾਂ ਕੀਤੀਆਂ ਹਨ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਬੁਲਾ ਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਮੁਲਾਜ਼ਮਾਂ 'ਤੇ ਡਰੈੱਸ ਕੋਡ ਵੀ ਲਾਗੂ ਹੋਵੇਗਾ। ਉਨ੍ਹਾ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅੰਦਰ ਸਨਮਾਨ ਸਮੇਂ ਵਰਤੀਆਂ ਜਾਂਦੀਆਂ ਲੋਈਆਂ 'ਤੇ ਰੋਕ ਲਗਾਈ ਜਾਵੇਗੀ ਅਤੇ ਸਨਮਾਨ ਕੇਵਲ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਕੀਤਾ ਜਾਵੇਗਾ।
ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆ ਰਹੀਆਂ ਸ਼ਤਾਬਦੀਆਂ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਸਿੱਖ ਵਿਦਵਾਨਾਂ, ਬੁੱਧੀਜੀਵੀਆਂ, ਮਹਾਂਪੁਰਖਾਂ ਅਤੇ ਪ੍ਰਚਾਰਕਾਂ ਦੀਆਂ ਕਮੇਟੀਆਂ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸੌ ਸਾਲਾ ਅਤੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ ਪ੍ਰੋਗਰਾਮ ਉਲੀਕਣ ਲਈ ਜਲਦ ਹੀ ਕਮੇਟੀਆਂ ਗਠਤ ਕਰਕੇ ਇਕੱਤਰਤਾਵਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਬਣਾਈ ਜਾ ਰਹੀ ਹੈ।
ਰਾਜਸਥਾਨ ਦੇ ਇਕ ਪਿੰਡ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਤਿਕਾਰ ਬਹਾਲੀ ਲਈ ਗਏ ਸਿੱਖਾਂ ਉੱਪਰ ਪਰਚੇ ਦਰਜ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਇਹ ਕੇਸ ਤੁਰੰਤ ਰੱਦ ਕਰਨ ਦੀ ਸਥਾਨਕ ਸਰਕਾਰ ਪਾਸੋਂ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸਮੁੱਚੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ ਅਤੇ ਬਰਤਨਾਂ ਦੀ ਸੇਵਾ ਵੀ ਕੀਤੀ।

185 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper