ਮਾਨਸਾ (ਪਰਮਦੀਪ ਰਾਣਾ)-ਪਿਛਲੇ ਸਮੇਂ ਤੋਂ ਆਰ. ਐੱਸ ਐੱਸ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਨਾਂ ਹੇਠ ਚੱਲ ਰਹੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਵਿਰੋਧੀ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਿਹਾ ਅੰਦੋਲਨ ਪੂਰੀ ਦੁਨੀਆਂ ਵਿੱਚ ਚਰਚਾ ਅਤੇ ਸਹਿਯੋਗ ਦਾ ਪਾਤਰ ਬਣਿਆ ਹੋਇਆ ਹੈ | ਜਿਸ ਦੀ ਮਿਸਾਲ ਪੂਰੀਆਂ ਦੁਨੀਆਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਅਤੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਅਤੇ ਅੰਬਾਨੀਆਂ-ਅਡਾਨੀਆਂ ਨੂੰ ਦੇਸ਼ ਲੁਟਾਉਣ ਦੀ ਚਾਰੇ ਪਾਸੋਂ ਨਿੰਦਿਆਂ ਸੁਣਨ ਨੂੰ ਮਿਲ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਸੀਨੀਅਰ ਆਗੂ ਅਤੇ ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕੀਤਾ | ਇਸ ਸਮੇਂ ਉਨਾਂ ਕਿਹਾ ਕਿ ਅੰਬਾਨੀਆਂ-ਅਡਾਨੀਆਂ ਨੂੰ ਦੇਸ਼ ਦੀਆਂ ਜਾਇਦਾਦਾਂ ਕੌਡੀਆਂ ਦੇ ਭਾਅ ਦੇ ਕੇ ਮੋਦੀ ਸਰਕਾਰ ਲੋਕਤੰਤਰੀ ਢਾਂਚੇ ਨੂੰ ਸ਼ਰਮਸਾਰ ਕਰ ਰਹੀ ਹੈ ਅਤੇ ਕਾਲੇ ਕਾਨੂੰਨ ਗੈਰ ਸੰਵਿਧਾਨਿਕ ਤਰੀਕੇ ਨਾਲ ਲਾਗੂ ਕਰ ਰਹੀ ਹੈ ਜਿਸ ਨੂੰ ਰੱਦ ਕਰਵਾਉਣ ਲਈ ਅੰਦੋਲਨ ਵਿੱਚ ਬੱਚਾ-ਬੱਚਾ ਝੋਕਿਆ ਜਾਵੇਗਾ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵਾਂਗੇ | ਸਾਥੀ ਚੌਹਾਨ ਨੇ ਕਿਹਾ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਰਕਾਰ ਵੱਲੋਂ ਕਮਜ਼ੋਰ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਕਿਸਾਨ ਅੰਦੋਲਨ ਹਰ ਦਿਨ ਹੋਰ ਮਜ਼ਬੂਤ ਹੋ ਰਿਹਾ ਹੈ ਅਤੇ ਜਿੱਤ ਲਈ ਦਿ੍ੜ ਹਨ | ਇਸ ਸਮੇਂ ਉਨਾਂ ਕਿਹਾ ਕਿ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸਾਥੀਆਂ ਦੀ ਸ਼ਮੂਲੀਅਤ ਲਈ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ 24 ਫਰਵਰੀ ਨੂੰ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਵੇਗੀ |
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਇਸ ਸਮੇਂ ਉਨਾਂ ਸਾਥੀਆਂ ਨੂੰ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ |