Latest News
ਬਿਜਲੀ ਕਾਮੇ 27 ਦੇ ਭਾਰਤ ਬੰਦ 'ਚ ਵਧ-ਚੜ੍ਹ ਕੇ ਹਿੱਸਾ ਲੈਣਗੇ

Published on 20 Sep, 2021 11:40 AM.


ਪਟਿਆਲਾ. ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਹੈੱਡ ਆਫਿਸ ਇੰਪਲਾਈਜ਼ ਫੈਡਰੇਸ਼ਨ, ਥਰਮਲਜ਼ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਅਤੇ ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਾਥੀ ਕਰਮ ਚੰਦ ਭਾਰਦਵਾਜ ਨੇ ਦੱਸਿਆ ਕਿ ਬਿਜਲੀ ਕਾਮੇ ਸੰਯੁਕਤ ਕਿਸਾਨ ਮੋਰਚਾ ਅਤੇ ਕੌਮੀ ਪੱਧਰ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ਬੰਦ ਦਾ ਸਮਰਥਨ ਅਤੇ ਸ਼ਮੂਲੀਅਤ ਕਰਨਗੇ | ਮੀਟਿੰਗ ਵਿੱਚ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਅਤੇ ਲੋਕ ਵਿਰੋਧੀ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ | ਕਿਸਾਨਾਂ ਨੂੰ ਖੇਤੀ ਉਪਜ ਦਾ ਲਾਹੇਵੰਦ ਭਾਅ ਦਿੱਤਾ ਜਾਵੇ, ਫਸਲਾਂ ਦੀ ਮਿਨੀਮਮ ਸਪੋਰਟ ਪ੍ਰਾਈਸ ਦਿੱਤੀ ਜਾਵੇ | ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦੇਣ, ਕਿਰਤ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਅਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ, ਜਿਸ ਕਾਰਨ ਬਿਜਲੀ ਮਹਿੰਗੀ ਹੋਵੇਗੀ ਅਤੇ ਆਮ ਖਪਤਕਾਰਾਂ ਦੀ ਪਹੁੰਚ ਤੋਂ ਬਾਹਰ ਹੋਵੇਗੀ | ਸਰਕਾਰੀ ਕਾਰਪੋਰੇਸ਼ਨਾਂ ਦਾ ਨਿੱਜੀਕਰਨ ਹੋਵੇਗਾ | ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ 'ਤੇ ਮਾੜਾ ਅਸਰ ਪਵੇਗਾ | ਕੇਂਦਰ ਸਰਕਾਰ ਇਹ ਸਾਰਾ ਕੁੱਝ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਕਰ ਰਹੀ ਹੈ | ਦੇਸ਼ ਵਿੱਚ ਬੇਰੁਜ਼ਗਾਰੀ, ਮਹਿੰਗਾਈ, ਗਰੀਬੀ, ਬੇਕਾਰੀ ਤੇ ਭਿ੍ਸ਼ਟਾਚਾਰ ਵਧ ਰਿਹਾ ਹੈ | ਦੇਸ਼ ਨੂੰ ਵੰਡਣ ਵਾਲੀਆਂ ਸ਼ਕਤੀਆਂ ਤੇ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਵਿਸਾਰ ਕੇ ਟੈਕਸਾਂ ਦਾ ਵੱਧ ਤੋਂ ਵੱਧ ਭਾਰ ਪਾਇਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ, ਆਮ ਲੋਕਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਮੱਧ ਵਰਗੀ ਜਨਤਾ ਬੇਹਾਲ ਹੋ ਰਹੀ ਹੈ, ਪੈਟਰੋਲ, ਡੀਜ਼ਲ, ਦਾਲਾਂ, ਫਲਾਂ, ਸਬਜ਼ੀਆਂ ਦੇ ਰੇਟ ਪਹੁੰਚ ਤੋਂ ਬਾਹਰ ਹੋ ਰਹੇ ਹਨ | ਵਿਦੇਸ਼ਾਂ ਵਿੱਚ ਜਮ੍ਹਾਂ ਕਾਲਾ ਧਨ ਵਾਪਸ ਦੇਸ਼ ਵਿੱਚ ਲਿਆਉਣ, ਪਬਲਿਕ ਸੈਕਟਰ ਨੂੰ ਮਜ਼ਬੂਤ ਕਰਨ ਦੀ ਥਾਂ ਨਿੱਜੀਕਰਨ ਕਰਨ, ਜਨਤਾ ਲਈ ਅੱਛੇ ਦਿਨ ਲਿਆਉਣ ਦੀ ਥਾਂ ਲੁੱਟ-ਖਸੁੱਟ ਹੋ ਰਹੀ ਹੈ, ਜਿਸ ਕਾਰਨ ਆਮ ਜਨਤਾ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ ਵਿਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਖਤ ਰੋਸ ਤੇ ਬੇਚੈਨੀ ਹੈ, ਜਿਸ ਕਾਰਨ ਉਹ ਭਾਰਤ ਬੰਦ ਵਿਚ ਸ਼ਾਮਲ ਹੋ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ | ਇਸ ਤੋਂ ਇਲਾਵਾ ਬਿਜਲੀ ਕਾਮੇ ਪਾਵਰ ਮੈਨੇਜਮੈਂਟ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਹੈੱਡ ਆਫਿਸ ਪਟਿਆਲਾ ਵਿਖੇ ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ 29 ਸਤੰਬਰ ਨੂੰ ਧਰਨੇ ਤੇ ਰੋਸ ਵਿਖਾਵੇ ਵਿੱਚ ਸ਼ਾਮਲ ਹੋਣਗੇ | ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ 2 ਅਕਤੂਬਰ ਤੋਂ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ | ਇਸ ਸਮੇਂ ਹੋਰਨਾਂ ਤੋਂ ਇਲਾਵਾ ਸਰਬ ਸਾਥੀ ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਸਿਕੰਦਰ ਨਾਥ, ਸੁਖਵਿੰਦਰ ਸਿੰਘ ਦੁਮਨਾਂ, ਰਾਮ ਲੁਭਾਇਆ, ਹਰਜੀਤ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਬਿ੍ਜ ਲਾਲ, ਪ੍ਰੀਤਮ ਸਿੰਘ ਪਿੰਡੀ, ਕਰਮ ਚੰਦ ਖੰਨਾ, ਕੌਰ ਸਿੰਘ ਸੋਹੀ ਅਤੇ ਹਰਪਾਲ ਸਿੰਘ ਆਦਿ ਸ਼ਾਮਲ ਸਨ |

187 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper