Latest News
ਪਾਣੀ ਦੇ ਬਕਾਇਆ ਬਿੱਲ ਵੀ ਮੁਆਫ, ਅੱਗੇ ਤੋਂ 50 ਰੁਪਏ ਮਹੀਨਾ ਤੈਅ

Published on 18 Oct, 2021 10:50 AM.


ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦਾ ਬਕਾਇਆ ਮੁਆਫ ਕਰਨ ਦਾ ਫੈਸਲਾ ਲਿਆ | ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਏ ਗਏ ਇਸ ਫੈਸਲੇ ਨਾਲ ਸੂਬੇ 'ਤੇ ਕਰੀਬ 1800 ਕਰੋੜ ਰੁਪਏ ਦਾ ਵਾਧੂ ਭਾਰ ਪਵੇਗਾ | ਮੰਤਰੀ ਮੰਡਲ ਵੱਲੋਂ ਪਾਣੀ ਦੀ ਦਰ 50 ਰੁਪਏ ਮਹੀਨਾ ਤੈਅ ਕਰਨ ਦਾ ਫੈਸਲਾ ਵੀ ਲਿਆ ਗਿਆ | ਇਸ ਤੋਂ ਪਹਿਲਾਂ ਸਰਕਾਰ ਨੇ ਬਿਜਲੀ ਬਿੱਲ ਮੁਆਫ ਕਰਨ ਦਾ ਫੈਸਲਾ ਕੀਤਾ ਸੀ |
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਸਾਰੇ ਸ਼ਹਿਰਾਂ ਵਿਚ ਕਰੀਬ 700 ਕਰੋੜ ਰੁਪਏ ਦੇ ਪਾਣੀ ਦੇ ਬਕਾਇਆ ਬਿੱਲ ਮੁਆਫ ਕਰ ਰਹੀ ਹੈ | ਪਿੰਡਾਂ ਵਿਚ ਪੰਚਾਇਤਾਂ ਦੇ ਪਾਣੀ ਦੇ ਪੈਂਡਿੰਗ ਪਏ ਬਿੱਲ ਵੀ ਮੁਆਫ ਕੀਤੇ ਜਾਣਗੇ | ਇਸ ਉੱਪਰ ਕਰੀਬ 1168 ਕਰੋੜ ਰੁਪਏ ਖਰਚ ਹੋਣਗੇ | ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਵਾਲੇ ਟਿਊਬਵੈੱਲਾਂ ਦੇ ਬਿਜਲੀ ਦੇ ਬਿੱਲ ਵੀ ਸੂਬਾ ਸਰਕਾਰ ਭਰੇਗੀ | ਮੰਤਰੀ ਮੰਡਲ ਨੇ ਗਰੁੱਪ ਡੀ ਦੀਆਂ ਆਸਾਮੀਆਂ ਲਈ ਨਿਯਮਤ ਆਧਾਰ ਉੱਤੇ ਨਿਯੁਕਤੀਆਂ ਕਰਨ ਦਾ ਫੈਸਲਾ ਵੀ ਲਿਆ ਹੈ | ਗਰੁੱਪ ਡੀ ਵਿਚ ਚਪੜਾਸੀ ਤੇ ਡਰਾਈਵਰ ਆਦਿ ਆਉਂਦੇ ਹਨ |
ਇਸੇ ਦੌਰਾਨ ਮੰਤਰੀ ਮੰਡਲ ਨੇ ਸੂਬੇ ਵਿਚ ਬੀ ਐੱਸ ਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ | ਮੰਤਰੀ ਮੰਡਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਕਰਨਾ ਸੂਬੇ ਦਾ ਕੰਮ ਹੈ ਅਤੇ ਸੂਬੇ ਦੀ ਪੁਲਸ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਦੇ ਸਮਰੱਥ ਹੈ | ਚੰਨੀ ਨੇ ਕਿਹਾ ਕਿ ਪੁਲਸ ਜੇ ਸੂਬੇ ਵਿੱਚੋਂ ਦਹਿਸ਼ਤਗਰਦੀ ਦਾ ਖਾਤਮਾ ਕਰ ਸਕਦੀ ਹੈ ਤਾਂ ਕਿਸੇ ਵੀ ਘਟਨਾ ਨੂੰ ਰੋਕਣ ਦੇ ਸਮਰੱਥ ਹੈ | ਉਨ੍ਹਾ ਕਿਹਾ ਕਿ ਕੇਂਦਰ ਦਾ ਕਦਮ ਜਾਇਜ਼ ਨਹੀਂ ਹੈ, ਅਜਿਹੇ ਫੈਸਲੇ ਸੂਬਾ ਸਰਕਾਰ ਨਾਲ ਗੱਲ ਕੀਤੇ ਬਿਨਾਂ ਨਹੀਂ ਲੈਣੇ ਚਾਹੀਦੇ | ਇਸ ਮੁੱਦੇ ਉੱਤੇ ਮੰਤਰੀ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਜਾਵੇਗੀ | ਲੋੜ ਪਈ ਤਾਂ ਸਰਬ-ਪਾਰਟੀ ਮੀਟਿੰਗ ਵੀ ਸੱਦੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਉੱਤੇ ਉਹ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਲੋੜ ਪੈਣ ਉੱਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਜਾਵੇਗਾ |
ਬੀ ਐੱਸ ਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ | ਉਨ੍ਹਾ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀ ਐੱਸ ਐੱਫ ਦੇ ਮੁੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ, ਕਿਉਂ ਜੋ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ | ਇਸ ਸੰਬੰਧੀ ਸੁਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੁੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੁੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ, ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸੰਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ | ਉਨ੍ਹਾ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸੰਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾਏ, ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ | ਠੇਕਾ ਅਧਾਰਤ ਮੁਲਾਜ਼ਮਾਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜੋ ਕਿ ਅਜਿਹੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰੇਗੀ |

215 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper