Latest News
ਸ਼੍ਰੋਮਣੀ ਕਮੇਟੀ ਨੇ ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ

Published on 07 Dec, 2021 10:44 AM.


ਅੰਮਿ੍ਤਸਰ (ਜਸਬੀਰ ਸਿੰਘ ਪੱਟੀ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੰਗਲਵਾਰ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਮਨਜਿੰਦਰ ਸਿੰਘ ਸਿਰਸਾ ਦੀ ਮੈਂਬਰੀ ਰੱਦ ਕਰਨ ਦੇ ਨਾਲ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ | ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਦਿੱਲੀ ਕਮੇਟੀ ਵਿਚ ਲੰਘੀ 23 ਅਗਸਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਦਾ ਨਾਂਅ ਮੈਂਬਰ ਵਜੋਂ ਭੇਜਿਆ ਗਿਆ ਸੀ, ਪਰੰਤੂ ਡਾਇਰੈਕਟਰ ਗੁਰਦੁਆਰਾ ਚੋਣਾਂ ਵੱਲੋਂ ਉਨ੍ਹਾ ਦੀ ਮੈਂਬਰੀ ਰੱਦ ਕਰਨ ਕਰਕੇ ਹੁਣ ਨਵਾਂ ਨਾਂਅ ਮੈਂਬਰ ਵਜੋਂ ਭੇਜਿਆ ਜਾਵੇਗਾ | ਉਨ੍ਹਾ ਦੱਸਿਆ ਕਿ ਇਸ ਸੰਬੰਧ ਵਿਚ ਅੰਤਿ੍ੰਗ ਕਮੇਟੀ ਨੇ ਅਧਿਕਾਰ ਉਨ੍ਹਾ ਨੂੰ ਸੌਂਪ ਦਿੱਤੇ ਹਨ ਅਤੇ ਇਸ ਸੰਬੰਧੀ ਜਲਦ ਹੀ ਨਾਮਜ਼ਦਗੀ ਕੀਤੀ ਜਾਵੇਗੀ | ਵਿਰੋਧੀ ਧਿਰ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹਨਾ ਮੀਟਿੰਗ ਵਿੱਚ ਕਿਹਾ ਸੀ ਕਿ ਮੈਂਬਰ ਸ਼੍ਰੋਮਣੀ ਕਮੇਟੀ ਵਿੱਚੋਂ ਹੀ ਭੇਜਿਆ ਜਾਵੇ ਅਤੇ ਮੈਂਬਰ ਦਾ ਨਾਂਅ ਮੀਟਿੰਗ ਵਿੱਚ ਹੀ ਨਾਮਜ਼ਦ ਕੀਤਾ ਜਾਵੇ, ਪਰ ਬਹੁਸੰਮਤੀ ਨਾਲ ਉਹਨਾਂ ਅਧਿਕਾਰ ਪ੍ਰਧਾਨ ਨੂੰ ਦੇ ਦਿੱਤੇ | ਉਹਨਾ ਕਿਹਾ ਕਿ ਜੇਕਰ ਮੈਬਰ ਨਾਮਜ਼ਦ ਸ਼੍ਰੋਮਣੀ ਕਮੇਟੀ ਨੂੰ ਛੱਡ ਕੇ ਦਿੱਲੀ ਦਾ ਕੋਈ ਦਿੱਤਾ ਜਾਂਦਾ ਹੈ ਤਾਂ ਉਹ ਇਤਰਾਜ਼ ਦਾ ਨੋਟ ਦੇਣਗੇ |
ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤਿ੍ੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਾਪੂਈਾ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ ਤੇ ਬਾਬਾ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ ਦਿੱਲੀ ਦੇ ਰਾਜ ਨਗਰ ਵਿਖੇ 2 ਸਿੱਖਾਂ ਦੇ ਕਤਲ ਦੇ ਸੰਬੰਧ ਵਿਚ ਦੋਸ਼ ਆਇਦ ਹੋਣੇ ਪੀੜਤ ਸਿੱਖ ਪਰਵਾਰਾਂ ਲਈ ਧਰਵਾਸ ਦੀ ਗੱਲ ਹੈ | ਉਨ੍ਹਾ ਕਿਹਾ ਕਿ ਕਾਂਗਰਸ ਦੇ ਇਸ ਆਗੂ ਸੱਜਣ ਕੁਮਾਰ ਤੋਂ ਇਲਾਵਾ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਜਮਾਤ ਸਿੱਖਾਂ ਦੀ ਦੁਸ਼ਮਣ ਜਮਾਤ ਹੈ ਅਤੇ ਵੱਡਾ ਦੁੱਖ ਇਸ ਗੱਲ ਦਾ ਹੈ ਕਿ ਅੱਜ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਸੱਚਖੰਡ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ 'ਤੇ ਲੱਗੀਆਂ ਵਿਸ਼ਾਲ ਸਕਰੀਨਾਂ 'ਤੇ ਚੱਲਦੀਆਂ ਸਰਕਾਰ ਦੀਆਂ ਮਸ਼ਹੂਰੀਆਂ ਦੀ ਸਖ਼ਤ ਆਲੋਚਨਾ ਕੀਤੀ | ਉਨ੍ਹਾ ਕਿਹਾ ਕਿ ਇਸ ਮਾਰਗ 'ਤੇ ਅਕਾਲੀ ਸਰਕਾਰ ਸਮੇਂ ਸਕਰੀਨਾਂ ਗੁਰਬਾਣੀ ਦੇ ਪ੍ਰਸਾਰਨ ਲਈ ਲਗਾਈਆਂ ਗਈਆਂ ਸਨ, ਹੁਣ ਪੰਜਾਬ ਦੀ ਕਾਂਗਰਸ ਸਰਕਾਰ ਇਨ੍ਹਾਂ ਦੀ ਵਰਤੋਂ ਆਪਣੇ ਨਿੱਜੀ ਹਿੱਤਾਂ ਲਈ ਕਰ ਰਹੀ ਹੈ, ਜਿਸ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਪ੍ਰਚਾਰ ਬੰਦ ਕਰਕੇ ਤੁਰੰਤ ਗੁਰਬਾਣੀ ਕੀਰਤਨ ਚਲਾਏ |

218 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper