Latest News
ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੇ ਆਸਾਰ
ਪੰਥਕ ਮੁੱਦਿਆਂ ਨੂੰ ਵਿਚਾਰਨ ਲਈ ਸ੍ਰੀ ਅਕਾਲ ਤਖਤ ਸਾਹਿਬ \'ਤੇ ਪੰਜ ਸਿੰਘ ਸਾਹਿਬਾਨ ਦੀ 9 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਜਿਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਪਹਿਲੀ ਵਾਰੀ ਬਤੌਰ ਜਥੇਦਾਰ ਮੀਟਿੰਗ ਵਿੱਚ ਭਾਗ ਲੈਣਗੇ, ਉਥੇ ਇਸ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰਾ ਹੋਣ ਦੇ ਨਾਲ-ਨਾਲ ਇੱਕ ਸਲਾਹਕਾਰ ਕਮੇਟੀ ਦਾ ਵੀ ਗਠਨ ਕੀਤੇ ਜਾਣ ਦੀ ਸੰਭਾਵਨਾ ਹੈ।\r\n ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਦਾ ਉਦਘਾਟਨ 9 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਕਰਨਗੇ, ਉਪਰੰਤ ਨਵੇਂ ਦਫਤਰ ਵਿੱਚ ਹੀ ਜਥੇਦਾਰਾਂ ਦੀ ਪਲੇਠੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਲੋਕਲ ਪੱਧਰ ਦੇ ਮੁੱਦਿਆਂ ਤੋਂ ਇਲਾਵਾ ਨਾਨਕਸ਼ਾਹੀ ਕੈਲੰਡਰ ਸੰਬੰਧੀ ਵਿਚਾਰ-ਚਰਚਾ ਹੋਵੇਗੀ ਤੇ ਇਸ ਮਾਮਲੇ ਦੇ ਹੱਲ ਲਈ ਨਾਨਕਸ਼ਾਹੀ ਕੈਲੰਡਰ ਦੇ ਹੱਕ ਤੇ ਵਿਰੋਧ ਵਿੱਚ ਨਿੱਤਰੇ ਵੱਖ-ਵੱਖ ਵਿਦਵਾਨਾਂ ਦੀ ਇੱਕ ਸਾਂਝੀ ਕਮੇਟੀ ਬਣਾਏ ਜਾਣ ਦੀ ਸੰਭਾਵਨਾ ਹੈ ਤਾਂ ਕਿ ਸੰਗਤੀ ਰੂਪ ਵਿੱਚ ਇਸ ਮਾਮਲੇ ਦਾ ਹੱਲ ਕੱਢਿਆ ਜਾਵੇ। ਕਮੇਟੀ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਬਾਨੀ ਵਿਦਵਾਨ ਪਾਲ ਸਿੰਘ ਪੁਰੇਵਾਲ ਸਮੇਤ ਕੈਲੰਡਰ ਦੀ ਜਾਣਕਾਰੀ ਰੱਖਣ ਵਾਲੇ ਹੋਰ ਵਿਅਕਤੀਆ ਨੂੰ ਸ਼ਾਮਲ ਕਰਨ ਬਾਰੇ ਵਿਚਾਰ-ਚਰਚਾ ਹੋਵੇਗੀ। ਕੈਲੰਡਰ ਨੂੰ ਹੱਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੀਆਂ ਹੀ ਪੰਥਕ ਦਰਦ ਰੱਖਣ ਵਾਲੀਆਂ ਧਿਰਾਂ ਗੰਭੀਰ ਹਨ, ਜਿਸ ਲਈ ਇਸ ਮੁੱਦੇ ਦੇ ਹੱਲ ਵੱਲ ਸ੍ਰੀ ਅਕਾਲ ਤਖਤ ਵੱਧ ਰਿਹਾ ਹੈ।\r\nਇਸੇ ਤਰ੍ਹਾਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਵਿਵਾਦਤ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਬੁਲਾਇਆ ਗਿਆ ਹੈ, ਜਦਕਿ ਸਰਨਾ ਧੜੇ ਨਾਲ ਸੰਬੰਧਤ ਪਹਿਲੀ ਕਮੇਟੀ ਨੇ ਗਿਆਨੀ ਇਕਬਾਲ ਸਿੰਘ ਨੂੰ ਜਥੇਦਾਰੀ ਤਂੋ ਇਸ ਕਰਕੇ ਫਾਰਗ ਕਰ ਦਿੱਤਾ ਸੀ, ਕਿਉਂਕਿ ਉਸ ਨੇ ਤਖਤ ਸਾਹਿਬ ਦੀਆਂ ਪਰੰਪਰਾਵਾਂ, ਮਰਿਆਦਾ ਤੇ ਸਿਧਾਂਤਾਂ ਦੀ ਉਲੰਘਣਾ ਕਰਕੇ ਪਹਿਲਾਂ ਤਖਤ ਸਾਹਿਬ \'ਤੇ ਜਾ ਕੇ ਹੁੱਲੜਬਾਜ਼ੀ ਕੀਤੀ ਤੇ ਫਿਰ ਥਾਣੇ ਜਾ ਕੇ ਮੁਕੱਦਮਾ ਦਰਜ ਕਰਾਉਣ ਦੀ ਬੱਜਰ ਗਲਤੀ ਕੀਤੀ ਸੀ। ਇਸ ਤੋਂ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ \'ਤੇ ਹੋਣ ਵਾਲੀਆਂ ਕਈ ਮੀਟਿੰਗਾਂ ਵਿੱਚ ਉਹਨਾਂ ਨੂੰ ਬੁਲਾਇਆ ਨਹੀਂ ਗਿਆ ਸੀ, ਪਰ ਜਿÀੁਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਨੇ ਪਟਨਾ ਸਾਹਿਬ ਕਮੇਟੀ ਦੀ ਪ੍ਰਧਾਨਗੀ \'ਤੇ ਕਬਜ਼ਾ ਕਰ ਲਿਆ ਤੇ ਸਿਰੋਪਾ ਵੀ ਜਥੇਦਾਰ ਕੋਲੋਂ ਲੈ ਲਿਆ ਤਾਂ ਸ੍ਰੀ ਅਕਾਲ ਤਖਤ ਸਾਹਿਬ \'ਤੇ ਹੋਣ ਵਾਲੀਆਂ ਮੀਟਿੰਗਾਂ ਵਿੱਚ ਉਹਨਾਂ ਨੂੰ ਮੁੜ ਬੁਲਾਉਣ ਦੀ ਜਥੇਦਾਰ ਅਕਾਲ ਤਖਤ ਦੀ ਮਜਬੂਰੀ ਬਣ ਗਈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਗਿਆਨੀ ਇਕਬਾਲ ਸਿੰਘ ਨੂੰ ਸੱਦਾ ਭੇਜ ਦਿੱਤਾ ਗਿਆ ਹੈ। ਸ੍ਰੀ ਮੱਕੜ ਨੇ ਤਾਂ ਕਰੀਬ ਛੇ ਮਹੀਨੇ ਪਹਿਲਾਂ ਗਿਆਨੀ ਇਕਾਬਲ ਸਿੰਘ ਨੂੰ ਅੱਠ ਮੈਂਬਰਾਂ ਦੀ ਵੱਖਰੀ ਮੀਟਿੰਗ ਕਰਕੇ ਮੁੜ ਬਹਾਲ ਕਰਨ ਦਾ ਐਲਾਨ ਵੀ ਕਰ ਦਿੱਤਾ ਸੀ, ਜਦਕਿ ਪਹਿਲੀ ਕਮੇਟੀ ਨੇ ਗਿਆਨੀ ਪਰਤਾਪ ਸਿੰਘ ਨੂੰ ਜਥੇਦਾਰ ਨਿਯੁਕਤ ਕੀਤਾ ਹੈ।\r\nਇਸੇ ਤਰ੍ਹਾ ਤਖਤ ਸ੍ਰੀ ਦਮਾਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਜਿਹਨਾਂ ਕੋਲੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਦਾ ਵੀ ਚਾਰਜ ਹੈ, ਬਤੌਰ ਤਖਤ ਸਾਹਿਬ ਦੇ ਜਥੇਦਾਰ ਪਹਿਲੀ ਵਾਰੀ ਮੀਟਿੰਗ ਵਿੱਚ ਭਾਗ ਲੈਣਗੇ। ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ ਅਤੇ ਉਥੋਂ ਦੀ ਮਰਿਆਦਾ ਮੁਤਾਬਕ ਉਹਨਾਂ ਦਾ ਪਹੁੰਚਣਾ ਸੰਭਵ ਨਹੀਂ ਹੈ ਅਤੇ ਉਹਨਾਂ ਦੀ ਥਾਂ ਤੇ ਉਥੋਂ ਦੇ ਮੀਤ ਜਥੇਦਾਰ ਗਿਆਨੀ ਜੋਤ ਇੰਦਰ ਸਿੰਘ ਦੇ ਪਹੁੰਚਣ ਦੀ ਸੰਭਾਵਨਾ ਹੈ। ਮੀਟਿੰਗ ਸੰਬੰਧੀ ਜਦੋਂ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਨੇ 9 ਮਾਰਚ ਦੀ ਹੋਣ ਵਾਲੀ ਮੀਟਿੰਗ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋਕਲ ਮੁੱਦੇ ਹਨ ਅਤੇ ਨਾਨਕਸ਼ਾਹੀ ਕੈਲੰਡਰ ਬਾਰੇ ਵੀ ਵਿਚਾਰਾਂ ਹੋਣਗੀਆਂ ਤੇ ਅਗਲੀ ਕਾਰਵਾਈ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਸਲਾਹ ਨਾਲ ਹੀ ਕੀਤੀ ਜਾਵੇਗੀ।

1032 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper