Latest News
ਕੈਪਟਨ ਨੇ ਭਗਵੰਤ ਮਾਨ ਨੂੰ ਕਾਂਗਰਸ 'ਚ ਸ਼ਾਮਲ ਕਰਨ ਬਾਰੇ ਬਿੱਟੂ ਦੇ ਸੁਝਾਅ 'ਤੇ ਹੈਰਾਨੀ ਪ੍ਰਗਟਾਈ

Published on 12 Jun, 2018 11:39 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਦਿੱਤੇ ਸੁਝਾਅ 'ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਕਰਨ ਤੋਂ ਸੰਜਮ ਵਰਤਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਪਾਰਟੀ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਸਲਿਆਂ ਨਾਲ ਸੰਬੰਧਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ। ਸ੍ਰੀ ਬਿੱਟੂ ਵੱਲੋਂ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਦਿੱਤੇ ਬਿਆਨ 'ਤੇ ਹੈਰਾਨੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਆਪਣੇ ਵਿਚਾਰ ਜਾਂ ਤਾਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੋਲ ਜਾਂ ਫਿਰ ਉਨ੍ਹਾਂ (ਮੁੱਖ ਮੰਤਰੀ) ਕੋਲ ਜ਼ਾਹਰ ਕਰਨੇ ਚਾਹੀਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾ ਹੋਣ ਦੇ ਨਾਤੇ ਕਾਂਗਰਸ ਪਾਰਟੀ ਬਿੱਟੂ ਦੀ ਸਲਾਹ 'ਤੇ ਅੰਦਰੂਨੀ ਪੱਧਰ 'ਤੇ ਵਿਚਾਰ ਕਰ ਸਕਦੀ ਹੈ ਅਤੇ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿਯਮਾਂ ਮੁਤਾਬਕ ਕਿਸੇ ਸੰਸਦ ਮੈਂਬਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੁੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਿੱਟੂ ਪਾਰਟੀ ਦੇ ਸੀਨੀਅਰ ਨੇਤਾ ਹੋਣ ਦੇ ਨਾਤੇ ਪਾਰਟੀ ਦੀ ਕਾਰਜ ਪ੍ਰਣਾਲੀ ਤੋਂ ਭਲੀਭਾਂਤ ਜਾਣੂੰ ਹਨ, ਜਿਸ ਕਰਕੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਪ੍ਰਕਿਰਿਆ ਅਪਣਾਉਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਸੰਬੰਧਤ ਮਾਮਲਿਆਂ ਨੂੰ ਜਨਤਕ ਤੌਰ 'ਤੇ ਉਠਾਉਣਾ ਪਾਰਟੀ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ਨੂੰ ਉਠਾਉਣ ਜਾਂ ਵਿਚਾਰਨ ਲਈ ਮੀਡੀਆ ਢੁੱਕਵਾਂ ਮੰਚ ਨਹੀਂ ਹੈ ਅਤੇ ਉਨ੍ਹਾਂ ਨੇ ਸਾਰੇ ਕਾਂਗਰਸੀ ਲੀਡਰਾਂ ਨੂੰ ਅਜਿਹੇ ਮਾਮਲਿਆਂ 'ਤੇ ਅਨੁਸ਼ਾਸਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਕਿਆਸੀਰਾਈਆਂ ਨੂੰ ਤੂਲ ਦੇ ਸਕਦੀ ਹੈ, ਜੋ ਆਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਲਈ ਘਾਤਕ ਸਾਬਤ ਜੋ ਸਕਦੀ ਹੈ।

72 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper