Latest News
ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Published on 13 Jun, 2018 11:36 AM.


ਚੰਡੀਗੜ੍ਹ
(ਨਵਾਂÎ ਜ਼ਮਾਨਾ ਸਰਵਿਸ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਵਿੱਚੋਂ ਸੱਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ 400 ਹੋਰ ਖੇਤੀਬਾੜੀ ਵਿਕਾਸ ਅਫਸਰ ਭਰਤੀ ਕਰਨ ਦਾ ਐਲਾਨ ਕੀਤਾ। ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਨਿਵਾਸ 'ਤੇ ਨਵੇਂ ਖੇਤੀਬਾੜੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 400 ਹੋਰ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨ ਲੜਕੇ-ਲੜਕੀਆਂ ਦੇ ਨਵੇਂ ਬੈਚ ਨਾਲ ਖੇਤੀਬਾੜੀ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ, ਜਿਸ ਨਾਲ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿੱਢੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਹੋਰ ਪਾਸਾਰ ਕਰਨ ਵਿੱਚ ਸਹਾਇਤਾ ਮਿਲੇਗੀ।
ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤੱਕ 1.65 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਕਰਨ ਲਈ ਸੁਖਾਵਾਂ ਮਾਹੌਲ ਤੇ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਹਰ ਹੀਲੇ ਪੂਰਾ ਕਰੇਗੀ। ਖੇਤੀਬਾੜੀ ਅਫਸਰਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਧਰਤੀ ਹੇਠਲੇ ਪਾਣੀ ਦੇ ਬਹੁਮੁੱਲੇ ਖਜ਼ਾਨੇ ਨੂੰ ਬਚਾਉਣ ਅਤੇ ਹੋਰ ਖੇਤੀ ਮਸਲਿਆਂ 'ਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗੂਰਕ ਕਰਨ ਲਈ ਸਮਰਪਿਤ ਭਾਵਨਾ ਨਾਲ ਜੁਟ ਜਾਣ ਦਾ ਸੱਦਾ ਦਿੱਤਾ ਹੈ।
ਨਵ-ਨਿਯੁਕਤ ਅਫਸਰਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਿਸਾਨਾਂ ਦੀ ਭਲਾਈ ਲਈ ਪੂਰੀ ਲਗਨ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਵਿੱਚ ਨਵ-ਨਿਯੁਕਤ 139 ਖੇਤੀਬਾੜੀ ਵਿਕਾਸ ਅਫਸਰਾਂ ਵਿੱਚੋਂ 29 ਲੜਕੀਆਂ ਨਿਯੁਕਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੀ ਤਾਇਨਾਤੀ ਕਪਾਹ ਪੱਟੀ, ਪਾਸਾਰ ਸੇਵਾਵਾਂ, ਭੌਂ ਪਰਖ ਲੈਬਾਰਟਰੀਆਂ ਅਤੇ ਅਫਸਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਜਸਬੀਰ ਸਿੰਘ ਬੈਂਸ ਹਾਜ਼ਰ ਸਨ।

399 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper