Latest News
ਹੜ੍ਹ ਪ੍ਰਭਾਵਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

Published on 19 Aug, 2019 11:47 AM.

ਰੂਪਨਗਰ (ਗੁਰਮੀਤ ਸਿੰਘ ਖੰਗੂੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਫੌਰੀ ਤੌਰ 'ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ-ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ, ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ੍ਹ ਪ੍ਰਭਾਵਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨਜ਼ ਵਿਭਾਗ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ, ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ, ਜੋ ਮੌਜੂਦਾ ਸਮੇਂ 1681.23 ਫੁੱਟ 'ਤੇ ਵਹਿ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਡੀਗੜ੍ਹ ਤੋਂ ਰੂਪਨਗਰ ਤੱਕ ਸੜਕ ਰਸਤੇ ਗਏ ਅਤੇ ਉਨ੍ਹਾ ਸਥਿਤੀ ਨੂੰ ਗੰਭੀਰ ਦੱਸਦਿਆਂ ਅਤੇ ਸਥਾਨਕ ਵਾਸੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾÀਣ ਦਾ ਭਰੋਸਾ ਦਿੱਤਾ। ਉਨ੍ਹਾ ਨੂੰ ਸਥਾਨਕ ਅਧਿਕਾਰੀਆਂ ਨੇ ਭਾਖੜਾ ਡੈਮ ਦੇ ਨਾਲ ਲੱਗਦੇ ਇਲਾਕੇ ਤੋਂ ਪਾਣੀ ਦੇ ਤੇਜ਼ ਵਹਾਅ ਨਾਲ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਜਾਇਦਾਦਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ। ਆਈ ਆਈ ਟੀ ਰੂਪਨਗਰ ਦੇ ਵਿਦਿਆਰਥੀਆਂ, ਜਿਨ੍ਹਾਂ ਨੂੰ ਭਾਰੀ ਹੜ੍ਹਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨ੍ਹਾਂ ਦੇ ਮੁੜ ਕੈਂਪਸ ਜਾਣ ਤੱਕ ਇਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਆਈ ਆਈ ਟੀ ਦੀ ਡਾਇਰੈਕਟਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਸਾਂਝੇ ਤੌਰ 'ਤੇ ਇਕ ਯੋਜਨਾ ਬਣਾਉਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਹੜ੍ਹਾਂ ਨਾਲ ਇਸ ਕੈਂਪਸ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਨੂੰ ਟਾਲਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਡਰੇਨੇਜ ਸਿਸਟਮ ਯਕੀਨੀ ਬਣਾਇਆ ਜਾ ਸਕੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੌਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਵਾਰਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਆਖਿਆ। ਉਨ੍ਹਾ ਡਿਪਟੀ ਕਮਿਸ਼ਨਰ ਨੂੰ ਸਥਿਤੀ ਆਮ ਵਾਂਗ ਹੋਣ ਤੱਕ ਹਾਲਾਤ ਉੱਪਰ ਨਜ਼ਰ ਰੱਖਣ ਲਈ ਵੀ ਕਿਹਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸਿਹਤ ਜਾਂਚ ਕੈਂਪ ਵੀ ਲਾਵੇਗਾ, ਤਾਂ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਹਮਲੇ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਲੋੜਵੰਦਾਂ ਨੂੰ ਪਸ਼ੂਆਂ ਲਈ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਤੋਂ ਇਲਾਵਾ ਉਨ੍ਹਾਂ ਵਾਸਤੇ ਚਾਰੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਖੈਰਾਬਾਦ ਪਿੰਡ ਵਿਖੇ ਹੜ੍ਹਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਲੋਕਾਂ ਨਾਲ ਘੁਲਮਿਲ ਗਏ ਅਤੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣਿਆ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਦੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾ ਨੂੰ ਦੱਸਿਆ ਕਿ ਮੋਹਲੇਧਾਰ ਮੀਂਹ ਕਾਰਨ ਬੀਤੇ ਦਿਨੀਂ ਰੋਪੜ ਹੈੱਡ ਵਰਕਸ ਤੋਂ 2,50,000 ਕਿਊਸਿਕ ਪਾਣੀ ਛੱਡਿਆ ਗਿਆ ਅਤੇ ਇਸ ਤੋਂ ਇਲਾਵਾ ਨਦੀਆਂ-ਨਾਲਿਆਂ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵਧ ਗਿਆ ਸੀ। ਸਵਾਂ ਨਦੀ (90,000 ਕਿਊਸਿਕ), ਸਿਰਸਾ ਨਦੀ (60,000 ਕਿਊਸਿਕ), ਬੁੱਧਕੀ ਨਦੀ (20,000 ਕਿਊਸਿਕ) ਦਰਜ ਕੀਤਾ ਗਿਆ। ਉਨ੍ਹਾ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਸ, ਕੌਮੀ ਆਫ਼ਤ ਰਾਹਤ ਫੋਰਸ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ 45 ਪਿੰਡਾਂ 'ਚੋਂ 600 ਤੋਂ ਵੱਧ ਪਰਵਾਰਾਂ ਨੂੰ ਸੁਰੱਖਿਅਤ ਬਚਾਇਆ ਹੈ। ਉਨ੍ਹਾ ਦੱਸਿਆ ਕਿ ਇਸ ਹਾਲਾਤ ਵਿੱਚ ਜਾਨੀ ਨੁਕਸਾਨ ਦੀ ਭਾਵੇਂ ਕੋਈ ਰਿਪੋਰਟ ਨਹੀਂ, ਪਰ ਫਸਲਾਂ ਅਤੇ ਪਸ਼ੂਧਨ ਦਾ ਬਹੁਤ ਨੁਕਸਾਨ ਹੋਇਆ, ਜਿਸ ਦਾ ਅਨੁਮਾਨ ਲਾਇਆ ਜਾ ਰਿਹਾ ਹੈ।

218 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper