Latest News
ਕਰਤਾਰਪੁਰ ਸਾਹਿਬ ਜਾਣ ਵਾਲਿਆਂ 'ਤੇ ਸਰਵਿਸ ਚਾਰਜ ਹਟਾਉਣ ਲਈ ਕੇਂਦਰ ਪਾਕਿ 'ਤੇ ਜ਼ੋਰ ਪਾਵੇ : ਕੈਪਟਨ

Published on 19 Sep, 2019 10:00 AM.

ਡੇਰਾ ਬਾਬਾ ਨਾਨਕ (ਰਮੇਸ਼ ਸ਼ਰਮਾ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਵੱਲੋਂ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ 'ਤੇ ਸਰਵਿਸ ਚਾਰਜ ਲਾਉਣ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਮੰਗ ਦੁਹਰਾਉਂਦਿਆਂ ਇਸ ਦੀ ਤੁਲਨਾ ਮੁਗਲ ਕਾਲ ਦੌਰਾਨ ਮੁਸਲਿਸ ਦੇਸ਼ਾਂ ਵਿੱਚ ਗੈਰ-ਮੁਸਲਿਮਾਂ ਉਤੇ ਲਾਏ ਜਾਂਦੇ ਜਜ਼ੀਆ ਟੈਕਸ ਨਾਲ ਕੀਤੀ।
ਮੁੱਖ ਮੰਤਰੀ ਨੇ ਬਾਦਸ਼ਾਹ ਅਕਬਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਵਾਦਿਤ ਟੈਕਸ ਨੂੰ ਖਤਮ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਉਤੇ 20 ਡਾਲਰ ਸਰਵਿਸ ਚਾਰਜ ਲਾਉਣ ਦਾ ਪ੍ਰਸਤਾਵ ਸਿੱਖ ਫਲਸਫੇ ਦੀ ਮੂਲ ਭਾਵਨਾ ਦੇ ਖਿਲਾਫ ਹੈ, ਜਿਸ ਵਿੱਚ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਕੀਤੀ ਜਾਂਦੀ ਹੈ।
ਡੇਰਾ ਬਾਬਾ ਨਾਨਕ, ਜਿੱਥੇ ਉਹ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਸਨ, ਵਿਖੇ ਮੀਡੀਆ ਕਰਮੀਆਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕਰ ਚੁੱਕੇ ਹਨ ਕਿ ਉਹ ਪਾਕਿਸਤਾਨ ਉਤੇ ਇਸ ਪ੍ਰਸਤਾਵਿਤ ਸਰਵਿਸ ਚਾਰਜ ਨੂੰ ਵਾਪਸ ਲੈਣ ਲਈ ਦਬਾਅ ਪਾਉਣ। ਕੈਪਟਨ ਨੇ ਕਿਹਾ ਕਿ ਉਨ੍ਹਾ ਨੇ ਸੁਝਾਅ ਦਿੱਤਾ ਸੀ ਕਿ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਸ ਦੇ ਜਲਦ ਹੱਲ ਦਾ ਮਾਮਲਾ ਚੁੱਕੇ।
ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾ ਪਾਕਿਸਤਾਨ ਵਾਲੇ ਪਾਸੇ ਵਿਕਾਸ ਦੀ ਗਤੀ 'ਤੇ ਚਿੰਤਾ ਜ਼ਾਹਰ ਕੀਤੀ। ਲਾਂਘੇ ਨਾਲ ਸੁਰੱਖਿਆ ਚੁਣੌਤੀ ਪੈਦਾ ਹੋਣ ਬਾਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਬੰਧੀ ਨਿਰੰਤਰ ਚੌਕਸੀ ਰੱਖਣ ਦੀ ਲੋੜ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਖਰੇਵਿਆਂ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਮਸਲਿਆਂ ਨੂੰ ਸੁਖਾਵੇਂ ਢੰਗ ਨਾਲ ਸੁਲਝਾਉਣ ਲਈ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਮੰਤਰੀ ਨੇ ਇਕ ਵਾਰ ਫੇਰ ਇਸ ਇਤਿਹਾਸਕ ਦਿਹਾੜੇ ਦੀ ਅਹਿਮੀਅਤ ਨੂੰ ਸਨਮੁਖ ਰੱਖਦਿਆਂ ਸੌੜੇ ਸਿਆਸੀ ਹਿੱਤ ਲਾਂਭੇ ਰੱਖ ਕੇ ਇਸ ਨੂੰ ਸਾਂਝੇ ਤੌਰ 'ਤੇ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਪਾਣੀ ਅਤੇ ਹਵਾ ਦੀ ਸੰਭਾਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਦੀ ਵੀ ਅਪੀਲ ਕੀਤੀ। ਡੇਰਾ ਬਾਬਾ ਨਾਨਕ ਦੀ ਫੇਰੀ ਨੂੰ ਵਿਸ਼ੇਸ਼ ਮੌਕਾ ਦੱਸਦਿਆਂ ਮੁੱਖ ਮੰਤਰੀ ਨੇ ਸਾਲ 1965 ਦੀ ਭਾਰਤ-ਪਾਕਿ ਜੰਗ ਦੌਰਾਨ ਸਰਹੱਦੀ ਇਲਾਕੇ 'ਚ ਫੌਜ ਵਿੱਚ ਨਿਭਾਈ ਸੇਵਾ ਨੂੰ ਵੀ ਚੇਤੇ ਕੀਤਾ। ਉਨ੍ਹਾ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਬਹਾਦਰ ਸੈਨਿਕ ਬਾਹਰੀ ਅਤੇ ਅੰਦਰੂਨੀ ਹਮਲਿਆਂ ਤੋਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਲਗਾਤਾਰ ਕੁਰਬਾਨੀਆਂ ਨਾਲ ਬਹੁਤ ਪੀੜਾ ਤੇ ਬੇਚੈਨੀ ਹੁੰਦੀ ਹੈ। ਅੱਜ ਦੀ ਜਾਇਜ਼ਾ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਤਰੀ ਮੰਡਲ ਦੀ ਜਾਇਜ਼ਾ ਮੀਟਿੰਗ ਹੈ ਅਤੇ ਸ੍ਰੀ ਸਿੱਧੂ ਹੁਣ ਮੰਤਰੀ ਮੰਡਲ ਦਾ ਹਿੱਸਾ ਨਹੀਂ ਹਨ।
ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦੇ ਸੰਬੰਧ ਵਿੱਚ ਕੈਪਟਨ ਨੇ ਮਾਮਲਾ ਅਦਾਲਤ ਅਧੀਨ ਹੋਣ ਕਰਕੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸੋਧੇ ਹੋਏ ਮੋਟਰ ਵਹੀਕਲ ਐਕਟ ਤਹਿਤ ਜੁਰਮਾਨੇ ਵਧਾਉਣ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਤਮ ਫੈਸਲਾ ਸੂਬਿਆਂ ਦੇ ਸਿਰ 'ਤੇ ਛੱਡ ਦਿੱਤਾ ਗਿਆ ਹੈ, ਜਿਸ ਕਰਕੇ ਪੰਜਾਬ ਦੇ ਸੰਬੰਧਤ ਮੰਤਰੀ ਇਸ ਮਾਮਲੇ ਨੂੰ ਘੋਖ ਰਹੇ ਹਨ। ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਚੇਚੇ ਤੌਰ ਉਤੇ ਬੇਰੁਜ਼ਗਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਲਗਾਏ ਚਾਰ ਰੁਜ਼ਗਾਰ ਮੇਲਿਆਂ ਵਿੱਚ 9 ਲੱਖ ਨੌਜਵਾਨਾਂ ਨੂੰ ਨੌਕਰੀਆਂ/ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ ਅਤੇ ਪੰਜਵਾਂ ਰੁਜ਼ਗਾਰ ਮੇਲਾ 30 ਸਤੰਬਰ ਤੱਕ ਵੱਖ-ਵੱਖ ਥਾਂਵਾਂ ਉਤੇ ਲਾਇਆ ਜਾ ਰਿਹਾ ਹੈ, ਜਿਸ ਵਿੱਚ ਦੋ ਲੱਖ ਨੌਕਰੀਆਂ ਦੇ ਮੌਕੇ ਹੋਰ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਨੌਕਰੀਆਂ ਦੀਆਂ 19,000 ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰਨ ਦੇ ਹਾਲ ਹੀ ਵਿੱਚ ਹੁਕਮ ਕੀਤੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਲਈ ਪਹਿਲਾਂ ਹੀ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਮੀਡੀਆ ਕਰਮੀਆਂ ਨਾਲ ਜੁੜੇ ਮਾਮਲੇ ਸੰਬੰਧੀ ਪੁੱਛੇ ਜਾਣ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੇ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਲਾਭ ਦਿੱਤਾ ਹੈ। ਇਸ ਮੌਕੇ ਪੀ ਪੀ ਸੀ ਸੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ, ਓ ਪੀ ਸੋਨੀ, ਗੁਰਪ੍ਰੀਤ ਸਿੰਘ ਕਾਂਗੜ ਅਤੇ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਫਤਿਹਜੰਗ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਵਿਨੀ ਮਹਾਜਨ, ਕਲਪਨਾ ਮਿੱਤਲ ਬਰੂਆ, ਰਵਨੀਤ ਕੌਰ, ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਹੁਸਨ ਲਾਲ, ਕੇ. ਸਿਵਾ ਪ੍ਰਸਾਦ ਅਤੇ ਕੇ ਏ ਪੀ ਸਿਨਹਾ, ਡੀ ਜੀ ਪੀ ਦਿਨਕਰ ਗੁਪਤਾ, ਡਵੀਜ਼ਨਲ ਕਮਿਸ਼ਨਰ ਜਲੰਧਰ ਬੀ. ਪੁਰੂਸ਼ਾਰਥਾ, ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਐੱਸ ਐੱਸ ਪੀ ਗੁਰਦਾਸਪੁਰ ਸਵਰਨਦੀਪ ਸਿੰਘ, ਐੱਸ ਐੱਸ ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ, ਪ੍ਰਾਜੈਕਟ ਡਾਇਰੈਕਟਰ. ਵਾਈ ਪੀ ਐੱਸ ਜੌਰਡਨ, ਲੈਂਡਪੋਰਟ ਅਥਾਰਟੀ ਆਫ ਇੰਡੀਆ ਦੇ ਮੈਂਬਰ ਅਖਿਲ ਸਕਸੈਨਾ ਵੀ ਹਾਜ਼ਰ ਸਨ। ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕਰਨ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਆਪਣੇ ਸਾਥੀ ਵਜ਼ੀਰਾਂ ਸਮੇਤ ਨਤਮਸਤਕ ਹੋਏ।

233 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper