Latest News
ਕਰਫਿਊ ਦੌਰਾਨ ਫੀਸ ਮੰਗਣ ਵਾਲੇ 22 ਸਕੂਲਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ : ਸਿੰਗਲਾ

Published on 07 Apr, 2020 10:35 AM.


ਸੰਗਰੂਰ (ਪ੍ਰਵੀਨ ਸਿੰਘ)-ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਸਕੂਲ ਕਰਫਿਊ ਦੌਰਾਨ ਦਾਖ਼ਲਾ ਫੀਸ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਉਨ੍ਹਾਂ ਦੀ ਨਿੱਜੀ ਈ-ਮੇਲ 'ਤੇ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਈ-ਮੇਲ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦਕਿ 6 ਸਕੂਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਸ਼੍ਰੀ ਸਿੰਗਲਾ ਨੇ ਦੱਸਿਆ ਕਿ ਦ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੋਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਗਰੀਨ ਲੈਂਡ ਕਾਨਵੈਂਟ ਸਕੂਲ ਲੁਧਿਆਣਾ, ਦੇਹਰਾਦੂਨ ਪਬਲਿਕ ਸਕੂਲ ਪਟਿਆਲਾ, ਸਨਫਲਾਵਰ ਪਬਲਿਕ ਸਕੂਲ ਤ੍ਰਿਪੜੀ ਪਟਿਆਲਾ, ਮਾਈਲਸਟੋਨ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਤੇ ਸਿਪਰੀਆਂ, ਡਲਹੌਜ਼ੀ ਪਬਲਿਕ ਸਕੂਲ ਬਧਾਨੀ ਪਠਾਨਕੋਟ, ਐੱਲ.ਆਰ.ਐੱਸ. ਡੀ.ਏ.ਵੀ. ਸਕੂਲ ਅਬੋਹਰ, ਏ.ਪੀ.ਜੇ. ਪਬਲਿਕ ਸਕੂਲ ਜਲੰਧਰ, ਐੱਮ.ਸੀ.ਐੱਮ. ਪਬਲਿਕ ਸਕੂਲ ਦੁੱਗਰੀ ਲੁਧਿਆਣਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਤੇ ਐੱਸ. ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ੍ਹ ਨੂੰ ਈ-ਮੇਲ 'ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਨੋਟਿਸ ਭੇਜੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਕਾਦਮਿਕ ਵਰ੍ਹੇ 2020-21 ਲਈ ਦਾਖ਼ਲੇ ਦੀ ਸਮਾਂ ਸਾਰਣੀ ਹਾਲਾਤ ਆਮ ਕਾਬੂ ਵਿੱਚ ਆਉਣ ਤੋਂ ਬਾਅਦ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾ ਕਿਹਾ ਕਿ ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਕਾਬੂ 'ਚ ਹੋਣ ਤੋਂ ਬਾਅਦ ਮਾਪਿਆਂ ਨੂੰ ਫੀਸ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ ਅਤੇ ਇਸ ਦੌਰਾਨ ਕਿਸੇ ਤੋਂ ਵੀ ਲੇਟ ਫੀਸ ਜਾਂ ਜੁਰਮਾਨਾ ਨਾ ਵਸੂਲਿਆ ਜਾਵੇ।
ਸ਼੍ਰੀ ਸਿੰਗਲਾ ਨੇ ਦੱਸਿਆ ਕਿ ਕਿਸੇ ਵੀ ਸਕੂਲ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਜੇਕਰ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

173 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper