Latest News
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਘੋਲ ਹੋਰ ਤਿੱਖਾ

Published on 17 Oct, 2020 11:19 AM.


ਚੰਡੀਗੜ੍ਹ : ਕਿਸਾਨ ਅੰਦੋਲਨ ਦੇ 17ਵੇਂ ਦਿਨ ਵੀ ਕਿਸਾਨ ਜਥੇਬੰਦੀਆਂ ਨੇ ਰੇਲਵੇ-ਲਾਈਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਲਾਏ ਮੋਰਚਿਆਂ ਨੂੰ ਜੋਸ਼ੋ-ਖਰੋਸ਼ ਨਾਲ ਮਘਾਈ ਰੱਖਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਨੂੰ ਸੱਦਣ ਉਪਰੰਤ ਅਣਗੌਲਿਆ ਕਰਨ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਹਜ਼ਾਰਾਂ ਥਾਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਵੱਖ-ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਅਰਥੀ-ਫੂਕ ਮੁਜ਼ਾਹਰਿਆਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜਥੇਬੰਦੀਆਂ ਨੂੰ ਦਿੱਲੀ ਬੁਲਾ ਕੇ ਅਣਗੌਲਿਆ ਕੀਤਾ, ਇੱਕ ਪਾਸੇ ਕੇਂਦਰ ਸਰਕਾਰ ਆਪਣੇ ਮੰਤਰੀਆਂ ਨੂੰ ਪੰਜਾਬ ਭੇਜ ਰਹੀ ਹੈ, ਦੂਜੇ ਪਾਸੇ ਦਿੱਲੀ ਗਏ ਪੰਜਾਬ ਦੇ ਕਿਸਾਨ ਆਗੂਆਂ ਲਈ ਖੇਤੀਬਾੜੀ ਮੰਤਰੀ ਸਮਾਂ ਵੀ ਨਹੀਂ ਦੇ ਸਕੇ। ਕੇਂਦਰ ਸਰਕਾਰ ਇਸ ਭੁਲੇਖੇ 'ਚ ਨਾ ਰਹੇ ਕਿਸਾਨਾਂ ਨੂੰ ਅਣਗੌਲਿਆ ਕਰਨ ਨਾਲ ਕਿਸਾਨ-ਸੰਘਰਸ਼ ਮੱਠਾ ਪੈ ਜਾਵੇਗਾ, ਸਗੋਂ ਇਹ ਅੰਦੋਲਨ ਦੇਸ਼ ਭਰ 'ਚ ਮਜ਼ਬੂਤ ਹੁੰਦਿਆਂ ਸਰਕਾਰ ਨੂੰ ਲੋਕ-ਮਾਰੂ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰ ਦੇਵੇਗਾ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਮਹਿਮਦਪੁਰ ਜੱਟਾਂ (ਪਟਿਆਲਾ) ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਪੁੱਤਰ ਸੰਪੂਰਨ ਸਿੰਘ ਮਹਿਮਦਪੁਰ ਜੱਟਾਂ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਦੇ ਲਈ ਹੋਏ ਮੁਜ਼ਾਹਰੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਲਗਾਤਾਰ ਪਿਛਲੇ ਚਾਲੀ ਸਾਲਾਂ ਤੋਂ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰਦੇ ਹੋਏ ਜਥੇਬੰਦੀ ਦੇ ਆਗੂ ਰਹੇ। ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂ ਨੂੰ ਕਿਸਾਨ ਲਹਿਰ ਦਾ ਸ਼ਹੀਦ ਕਰਾਰ ਦਿੱਤਾ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਰਾਜਪੁਰਾ ਵਿਖੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਵਰਚੂਅਲ ਸੈਮੀਨਾਰ ਕੀਤਾ ਜਾਣਾ ਸੀ, ਪਰ ਕਿਸਾਨ ਆਗੂਆਂ ਵੱਲੋਂ ਸਖ਼ਤ ਵਿਰੋਧ ਕਾਰਨ ਰੱਦ ਕਰਵਾਇਆ ਗਿਆ। ਪੰਜਾਬ ਭਰ 'ਚ ਭਾਜਪਾ ਆਗੂਆਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟੋਲ-ਪਲਾਜ਼ਿਆਂ 'ਤੇ ਧਰਨਿਆਂ ਦੌਰਾਨ ਸਾਰੇ ਵਹੀਕਲ ਬਿਨਾਂ ਟੋਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਆਗੂਆਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ-ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦਾ ਹਮਲਾ ਹੈ, ਜਿਹੜਾ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟਾਂ ਤੁਲ ਹੈ। ਉਹਨਾਂ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ, ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਇਸ ਹਮਲੇ ਵਿਰੁੱਧ ਲੰਮੇ ਜਾਨਹੂਲਵੇਂ ਤੇ ਵਿਸ਼ਾਲ ਸੰਘਰਸ਼ਾਂ ਦੀ ਝੜੀ ਲਾ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ। ਉਹਨਾ ਪੰਜਾਬ ਭਰ ਵਿੱਚ ਸਾਰੇ ਕਾਮਿਆਂ, ਕਿਸਾਨਾਂ ਵੱਲੋਂ ਇਸ ਘੋਲ਼ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਦਾ ਧੰਨਵਾਦ ਕੀਤਾ। ਉਹਨਾ ਕੁਝ ਮੌਕਾਪ੍ਰਸਤ ਫਿਰਕੂ ਕਿਸਮ ਦੇ ਸਿਆਸਤਦਾਨਾਂ ਵੱਲੋਂ ਭੜਕਾਊ ਭਾਸ਼ਣਾਂ ਰਾਹੀਂ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ਫਿਰਕਾਪ੍ਰਸਤ ਮਸਲੇ ਉਭਾਰ ਕੇ ਭੜਕਾਊ ਹਿੰਸਕ ਮਾਹੌਲ ਪੈਦਾ ਕਰਨ ਦੇ ਨਾਪਾਕ ਯਤਨਾਂ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ।
ਫਿਰੋਜ਼ਪੁਰ : ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸ਼ਨੀਵਾਰ ਪੂਰੇ ਪੰਜਾਬ ਵਿੱਚ ਮੋਦੀ ਸਰਕਾਰ ਦੇ ਪਿੰਡੋ-ਪਿੰਡ ਪੁਤਲੇ ਫੂਕਣ ਦੇ ਸੱਦੇ ਵਜੋਂ ਪਿੰਡ ਮਹੇਸ਼ਰੀ ਸੰਧੂਆਂ ਵਿਖੇ ਮਜ਼ਦੂਰ, ਕਿਸਾਨ ਅਤੇ ਨੌਜਵਾਨਾਂ ਦੀ ਅਗਵਾਈ ਵਿੱਚ ਮੋਦੀ ਦਾ ਪੁਤਲਾ ਫੂਕਿਆ ਗਿਆ। ਮਜ਼ਦੂਰਾਂ, ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਏ ਆਈ ਐੱਸ ਐੱਫ ਦੇ ਕੌਮੀ ਜਨਰਲ ਸਕੱਤਰ ਵਿੱਕੀ ਮਹੇਸ਼ਰੀ ਨੇ ਕਿਹਾ ਕਿ ਇਹ ਕਾਨੂੰਨ ਜਿੱਥੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਜ਼ਮੀਨਾਂ 'ਤੇ ਕਬਜ਼ਿਆਂ ਦੀ ਖੁੱਲ੍ਹ ਦਿੰਦੇ ਹਨ, ਉੱਥੇ ਲੋਕਾਂ ਕੋਲੋਂ ਅੰਨ ਦਾ ਹੱਕ ਵੀ ਖੋਂਹਦੇ ਹਨ। ਇਹ ਤਿੰਨੇ ਕਾਲੇ ਕਾਨੂੰਨ ਲੋਕਾਂ ਦੇ ਕਿਰਤ ਦੇ ਹੱਕ 'ਤੇ ਬਹੁਤ ਵੱਡਾ ਡਾਕਾ ਸਾਬਿਤ ਹੋਣਗੇ। ਨੌਜਵਾਨ ਆਗੂ ਲਖਵੀਰ ਸਿੰਘ ਤੇ ਜਬਰਜੰਗ ਨੇ ਕਿਹਾ ਕਿ ਸਰਕਾਰੀ ਖ਼ਰੀਦ ਦਾ ਖਾਤਮਾ ਅਤੇ ਮੰਡੀ ਬੋਰਡ ਨੂੰ ਤੋੜ ਕੇ ਸਰਕਾਰ ਜਿੱਥੇ ਫ਼ਸਲਾਂ ਦੇ ਸਹੀ ਭਾਅ ਦੇਣ ਤੋਂ ਭੱਜ ਰਹੀ ਹੈ, ਉੱਥੇ ਸਾਧਾਰਨ ਪਰਵਾਰਾਂ ਤੋਂ ਰੋਟੀ ਦਾ ਹੱਕ ਵੀ ਖੋਹ ਰਹੀ ਹੈ। ਇਸ ਸਮੇਂ ਲੋਕਾਂ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਦੇ ਪੁਤਲੇ ਦੇ ਛਿੱਤਰਾਂ ਦਾ ਹਾਰ ਪਾ ਕੇ ਨਾਅਰੇਬਾਜ਼ੀ ਕੀਤੀ ਅਤੇ ਪਿੰਡ ਦੀ ਫਿਰਨੀ ਤੋਂ ਗੇੜਾ ਕੱਢ ਕੇ ਅਰਥੀ ਨੂੰ ਅੱਗ ਦੇ ਹਵਾਲੇ ਕੀਤਾ। ਇਸ ਮੌਕੇ ਪਿੰਡ ਦੇ ਨੌਜਵਾਨ, ਮਜ਼ਦੂਰ, ਕਿਸਾਨ ਆਗੂਆਂ ਤੋਂ ਇਲਾਵਾ ਐਮਵੀਰ ਸਿੰਘ, ਖੁਸ਼ ਸੰਧੂ, ਆਤਮਾ ਸਿੰਘ, ਸਤਨਾਮ ਸਿੰਘ, ਨਰੇਗਾ ਆਗੂ ਭਰਪੂਰ ਕੌਰ, ਗੋਰਾ ਸਿੰਘ, ਕੰਵਲਜੀਤ ਸਿੰਘ, ਜਗਦੀਸ਼ ਸਿੰਘ, ਜਸਵੰਤ ਸਿੰਘ ਤੇ ਸੁੱਖਾ ਪੇਂਟਰ ਆਦਿ ਹਾਜ਼ਰ ਸਨ।
ਤਰਨ ਤਾਰਨ : ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਅੱਜ ਸੈਂਕੜੇ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਦੇ ਸੱਦੇ ਉੱਪਰ ਨਵਾਂ ਪਿੰਡ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਪੰਜਾਬ ਅੰਦਰ ਚੱਲ ਰਹੇ ਅੰਦੋਲਨ ਸੰਬੰਧੀ ਗੱਲਬਾਤ ਕਰਨ ਲਈ ਕਿਸਾਨ ਆਗੂਆਂ ਨੂੰ ਦਿੱਲੀ ਸੱਦ ਕੇ ਬੇਇਜ਼ਤ ਕਰਨ ਅਤੇ ਗੱਲਬਾਤ ਤੋਂ ਭੱਜਣ ਦੇ ਖਿਲਾਫ ਪ੍ਰਧਾਨ ਮੰਤਰੀ ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰਿਆਂ ਰਾਹੀਂ ਆਵਾਜ਼ ਬੁਲੰਦ ਕੀਤੀ। ਅੱਜ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਲੱਖਬੀਰ ਸਿੰਘ ਨਿਜਾਮਪੁਰ, ਭੁਪਿੰਦਰ ਸਿੰਘ ਤੀਰਥਪੁਰਾ, ਕੁਲਦੀਪ ਸਿੰਘ ਫਤਿਹਪੁਰ, ਤਰਸੇਮ ਸਿੰਘ ਨੰਗਲ, ਧਰਮਿੰਦਰ ਸਿੰਘ ਕਿਲ੍ਹਾ, ਜਸਪਾਲ ਸਿੰਘ ਨਬੀਪੁਰ, ਤਰਸੇਮ ਸਿੰਘ ਨੰਗਲ, ਕਰਨੈਲ ਸਿੰਘ ਨਵਾਂ ਪਿੰਡ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਭਾਂਜ ਦੇਣ ਲਈ ਕਿਸਾਨ ਅੰਦੋਲਨ ਜਿੱਤ ਤੱਕ ਜਾਰੀ ਰੱਖਣ ਦਾ ਪ੍ਰਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਅਤ ਸਿੰਘ ਮੱਖਣਵਿੰਡੀ, ਬਲਦੇਵ ਸਿੰਘ ਅਤੇ ਹਰਜੀਤ ਸਿੰਘ ਨਿਜਾਮਪੁਰ, ਤਰਸੇਮ ਸਿੰਘ, ਪਰਮਜੀਤ ਸਿੰਘ ਫਤਿਹਪੁਰ, ਜਸਵਿੰਦਰ ਸਿੰਘ ਨਬੀਪੁਰ, ਹਰਦੇਵ ਸਿੰਘ ਮਾਲੋਵਾਲ, ਜਗਤਾਰ ਸਿੰਘ ਛਾਪਾ, ਸਵਰਨ ਸਿੰਘ ਕਿਲਾ ਆਦਿ ਹਾਜ਼ਰ ਸਨ।
ਪਾਤੜਾਂ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਮੀਟਿੰਗ ਲਈ ਬੁਲਾ ਕੇ ਅਣਗੌਲਿਆ ਕੀਤੇ ਜਾਣ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਦੇ ਦਿੱਤੇ ਗਏ ਸੱਦੇ ਤਹਿਤ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੁਤਲਾ ਫੂਕਿਆ ਗਿਆ। ਪਿਛਲੇ ਬਾਰਾਂ ਦਿਨਾਂ ਤੋਂ ਪਿੰਡ ਗੋਬਿੰਦਪੁਰਾ ਵਿਖੇ ਟੋਲ ਪਲਾਜ਼ੇ 'ਤੇ ਮੋਰਚਾ ਲਗਾ ਕੇ ਬੈਠੇ ਕਿਸਾਨ ਮਾਰਚ ਕਰਦੇ ਹੋਏ ਰੋਸ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚੇ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਹਿੱਸਾ ਲਿਆ ।ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਅਤੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਅਤਿੰਦਰ ਘੱਗਾ ਨੇ ਕਿਹਾ ਹੈ ਕਿ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ 'ਤੇ ਹਨ। ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਆਪਣੇ ਅੜੀਅਲ ਵਤੀਰੇ ਉੱਤੇ ਅੜੀ ਹੋਈ ਹੈ ਪਰ ਸੂਬੇ ਦੇ ਨੌਜਵਾਨ ਕਿਸਾਨ ਅਤੇ ਮਜ਼ਦੂਰ ਸੰਘਰਸ਼ ਨੂੰ ਆਰ ਪਾਰ ਦੀ ਲੜਾਈ ਬਣਾ ਕੇ ਲੜ ਰਹੇ ਹਨ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ, ਖੇਤ ਮਜ਼ਦੂਰ ਆਗੂ ਕਾਮਰੇਡ ਰਾਮਚੰਦ ਚੁਨਾਗਰਾ, ਸਾਹਿਬ ਸਿੰਘ ਦੁਤਾਲ, ਕਸ਼ਮੀਰ ਸਿੰਘ ਦੁਗਾਲ, ਸੁਖਦੇਵ ਸਿੰਘ ਹਰਿਆਊ, ਸੂਬੇਦਾਰ ਨਰਾਤਾ ਸਿੰਘ ਅਤੇ ਨਸੀਬ ਸਿੰਘ ਆਦਿ ਹਾਜ਼ਰ ਸਨ ।
ਹੁਸ਼ਿਆਰਪੁਰ (ਓ ਪੀ ਰਾਣਾ) : ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸ਼ਨੀਵਾਰ ਹੁਸ਼ਿਆਰਪੁਰ ਵਿਖੇ ਭਾਜਪਾ ਦਫਤਰ ਦੇ ਬਾਹਰ ਅਜ਼ਾਦ ਕਿਸਾਨ ਕਮੇਟੀ ਦੇ ਹਰਪਾਲ ਸਿੰਘ ਸੰਘਾ, ਸਵਰਨ ਸਿੰਘ ਧੁੱਗਾ, ਗੁਰਦੀਪ ਸਿੰਘ ਖੁਣਖੁਣ, ਜਗਤਾਰ ਸਿੰਘ ਭਿੰਡਰ ਅਤੇ ਮਾਸਟਰ ਦਵਿੰਦਰ ਸਿੰਘ ਕੱਕੋ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਖਿਲਾਫ਼ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਸਾਂਝਾ ਫਰੰਟ ਦੇ ਆਗੂਆਂ ਲਾਰੈਂਸ ਚੌਧਰੀ, ਵਿਕਾਸ ਹੰਸ, ਕਰਨੈਲ ਸਿੰਘ ਲਵਲੀ, ਹਰਵਿੰਦਰ ਹੀਰਾ ਅਤੇ ਗੁਰਨਾਮ ਸਿੰਘ ਸਿੰਗੜੀਵਾਲਾ ਆਦਿ ਨੇ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਕੁਲਵੰਤ ਸਿੰਘ ਸੈਣੀ, ਅਮਨਦੀਪ ਸਿੰਘ ਮੋਨਾ ਕਲਾਂ, ਚਰਨਜੀਤ ਸਿੰਘ ਡਿੰਪਾ, ਕੁਲਦੀਪ ਸਿੰਘ ਰਾਜਪੁਰ ਭਾਈਆਂ, ਦਲਵੀਰ ਸਿੰਘ ਕਾਹਰੀ, ਰਘੁਬਿੰਦਰ ਸਿੰਘ, ਨਿਰਮੈਲ ਸਿੰਘ ਸਰਪੰਚ, ਗੁਰਮੀਤ ਸਿੰਘ ਬੱਸੀ ਦੌਲਤ ਖਾਂ, ਮੋਹਿੰਦਰ ਸਿੰਘ ਹੁਕੜਾ ਤੇ ਮਾਸਟਰ ਕੁਲਦੀਪ ਸਿੰਘ ਆਦਿ ਸ਼ਾਮਲ ਹੋਏ।

320 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper