Latest News
ਸਰਬਸੰਮਤੀ ਨਾਲ ਰੱਦ ਕੀਤੇ ਕਾਲੇ ਖੇਤੀ ਕਾਨੂੰਨ ਕਿਸਾਨ ਅੰਦੋਲਨ ਦੀ ਜਿੱਤ : ਅਰਸ਼ੀ, ਰੁਲਦੂ ਸਿੰਘ

Published on 22 Oct, 2020 11:46 AM.


ਮਾਨਸਾ : ਪਿਛਲੇ ਸਮੇਂ ਤੋਂ ਕਿਸਾਨ ਉਜਾੜੂ ਖੇਤੀ ਵਿਰੋਧੀ ਆਰਡੀਨੈਂਸ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਸੂਬੇ ਦੀ ਕੈਪਟਨ ਸਰਕਾਰ ਵੱਲੋਂ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਅਜਲਾਸ ਬੁਲਾ ਕੇ ਖੇਤੀ ਵਿਰੋਧੀ ਕਾਨੂੰਨ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਗਿਆ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਅੰਦੋਲਨ ਨੂੰ ਵੱਡੀ ਹਮਾਇਤ ਦੇਣੀ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਹੈ।
ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਸਮੇਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਇਸ ਕਿਸਾਨ ਅੰਦੋਲਨ ਦਾ ਪਹਿਲਾ ਹੱਲਾ ਹੈ, ਜਿਸ ਕਾਰਨ ਸੂਬੇ ਦੀਆਂ ਸਿਆਸੀ ਪਾਰਟੀਆਂ ਨੂੰ ਸਰਬਸੰਮਤੀ ਨਾਲ ਇਸ ਕਾਨੂੰਨ ਦੇ ਵਿਰੋਧ ਵਿੱਚ ਇੱਕ ਦੂਸਰੇ ਤੋਂ ਅੱਗੇ ਹੋ ਕੇ ਖੜ੍ਹਨਾ ਪਿਆ। ਉਨ੍ਹਾਂ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੂੰ ਰੱਦ ਕਰਵਾਉਣ ਤੱਕ ਕਿਸਾਨ ਜਥੇਬੰਦੀਆਂ ਦਾ ਸਾਥ ਦਿੱਤਾ ਜਾਵੇ।
ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਦੇ ਫੈਸਲੇ ਮੁਤਾਬਿਕ 4 ਨਵੰਬਰ ਤੱਕ ਮਾਲ ਗੱਡੀਆਂ ਨੂੰ ਛੋਟ ਦਿੱਤੀ ਗਈ ਹੈ ਪਰ 5 ਨਵੰਬਰ ਨੂੰ ਪੂਰੇ ਭਾਰਤ ਅੰਦਰ ਚੱਕਾ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਰਜ਼ 'ਤੇ ਬਾਕੀ ਸੂਬਿਆਂ ਨੂੰ ਇਸ ਕਾਨੂੰਨ ਵਿਰੋਧੀ ਸਰਬਸੰਮਤੀ ਨਾਲ ਬਿੱਲ ਪਾਸ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਸੰਵਿਧਾਨਕ ਤੌਰ 'ਤੇ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾਵੇ।
ਇਸ ਸਮੇਂ ਕੁੱਲ ਹਿੰਦ ਕਿਸਾਨ ਸਭਾ (ਪੁੰਨਾਵਾਲ) ਦੇ ਕੁਲਵਿੰਦਰ ਉੱਡਤ, ਜਮਹੂਰੀ ਕਿਸਾਨ ਸਭਾ ਦੇ ਸੁਖਦੇਵ ਸਿੰਘ ਅਤਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਭਜਨ ਸਿੰਘ ਘੁੰਮਣ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਲੌਰ ਸਿੰਘ ਦੂਲੋਵਾਲ, ਬੀ ਕੇ ਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਬੀ ਕੇ ਯੂ ਡਕੌਂਦਾ ਦੇ ਮਨਜੀਤ ਸਿੰਘ ਉੱਲਕ, ਬੀ ਕੇ ਯੂ ਸਿੱਧੂਪੁਰ ਦੇ ਤਰਸੇਮ ਹੀਰਕੇ, ਬੀ ਕੇ ਯੂ ਕਾਦੀਆਂ ਦੇ ਕੁਲਦੀਪ ਸਿੰਘ ਚੱਕ ਭਾਈਕੇ, ਬੀ ਕੇ ਯੂ ਮਾਨਸਾ ਪੰਜਾਬ ਦੇ ਗੁਰਚਰਨ ਭੀਖੀ, ਭਰਾਤਰੀ ਜਥੇਬੰਦੀ ਦੇ ਭਗਵੰਤ ਸਮਾਉਂ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਡਾ. ਧੰਨਾ ਮੱਲ ਗੋਇਲ ਨੇ ਸੰਬੋਧਨ ਕੀਤਾ।
ਇਸ ਸਮੇਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਲਗਾਤਾਰ ਮੁਫਤ ਮੈਫੀਕਲ ਸੇਵਾਵਾਂ ਦਾ ਕੈਂਪ ਕਿਸਾਨ ਅੰਦੋਲਨ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਸਟੇਜ ਸਕੱਤਰ ਦੀ ਭੂਮਿਕਾ ਤਰਸੇਮ ਹੀਰਕੇ ਅਤੇ ਗੁਰਮੇਲ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ ਅਤੇ ਸਟੇਜ ਸੰਚਾਲਕ ਦੀ ਭੂਮਿਕਾ ਕੁਲਵਿੰਦਰ ਉੱਡਤ ਅਤੇ ਜਸਵੀਰ ਕੌਰ ਨੱਤ ਵੱਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ।

204 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper