ਖਡੂਰ ਸਾਹਿਬ 'ਚ ਕਿਸਾਨਾਂ-ਮਜ਼ਦੂਰਾਂ ਨੇ ਸ਼ੁਰੂ ਕੀਤਾ ਚਾਰ ਰੋਜ਼ਾ ਮੋਰਚਾ

ਅੰਮ੍ਰਿਤਸਰ (ਜਸਬੀਰ ਸਿੰਘ)
ਖਡੂਰ ਸਾਹਿਬ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਨੇ ਪਹਿਲਾਂ ਹੀ ਐਲਾਨੇ ਪ੍ਰੋਗਰਾਮ ਅਨੁਸਾਰ ਸਰਕਾਰ ਦੀ ਨੀਤੀਆਂ ਖਿਲਾਫ ਖਡੂਰ ਸਾਹਿਬ ਦੇ ਐੱਸ.ਡੀ.ਐੱਮ ਦਫਤਰ ਦੇ ਬਾਹਰ ਹਜ਼ਾਰਾਂÎ ਦੀ ਗਿਣਤੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨੇ ਚਾਰ ਰੋਜ਼ਾ ਮੋਰਚਾ ਸ਼ੁਰੂ ਕਰਦਿਆਂ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਦਾ ਬਾਈਕਾਟ ਕਰਕੇ ਹਰ ਹਾਲਤ ਵਿੱਚ ਸਰਕਾਰ ਦੇ ਉਮੀਦਵਾਰ ਨੂੰ ਮੈਦਾਨ ਵਿੱਚ ਖਦੇੜਨ ਤਾਂ ਕਿ ਸਰਕਾਰ ਨੂੰ ਕਿਸਾਨਾਂ ਦੀ ਸ਼ਕਤੀ ਦਾ ਪਤਾ ਲੱਗ ਸਕੇ।
ਜਾਰੀ ਇੱਕ ਬਿਆਨ ਰਾਹੀਂ ਕਮੇਟੀ ਦੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਪੰਜਾਬ ਭਰ ਵਿਚੋਂ ਕਿਸਾਨ ਮਰਦ ਤੇ ਔਰਤਾਂ ਨੇ ਇਸ ਧਰਨੇ ਵਿੱਚ ਭਾਗ ਲਿਆ। ਉਹਨਾਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰ ਜੱਥੇ ਅੱਜ ਸਵੇਰ ਤੋਂ ਮੋਰਚੇ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ ਅਤੇ ਮੋਰਚੇ ਦੀ ਅਗਵਾਈ ਕਸ਼ਮੀਰ ਸਿੰਘ ਬਾਣੀਆ, ਲਖਵਿੰਦਰ ਸਿੰਘ ਪਲਾਸੌਰ, ਕੁਲਵੰਤ ਸਿੰਘ ਭੈਲ, ਜਸਵੰਤ ਸਿੰਘ ਪੱਖੋਪੁਰ, ਮਿਹਰ ਸਿੰਘ ਤਲਵੰਡੀ 'ਤੇ ਅਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਸਟੇਜ ਦੀ ਕਾਰਵਾਈ ਸੂਬਾ ਆਗੂ ਸੁਖਜਿੰਦਰ ਸਿੰਘ ਸਭਰਾਂ ਨੇ ਨਿਭਾਈ।
ਮੋਰਚੇ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਸਵਿੰਦਰ ਸਿੰਘ ਚੁਤਾਲਾ, ਸਰਵਣ ਸਿੰਘ ਪੰਧੇਰ, ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਵਿਰੋਧੀ ਅਕਾਲੀ-ਭਾਜਪਾ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਵੀ ਲਾਗੂ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਮਾਲਵਾ ਖੇਤਰ ਵਿੱਚ ਜਥੇਦਾਰ ਤੋਤਾ ਸਿੰਘ ਜਿਥੇ ਨਕਲੀ ਕੀਟਨਾਸ਼ਕ ਦਵਾਈਆਂ ਨਾਲ ਕਿਸਾਨਾਂ ਦੀ ਨਰਮੇ ਦੀ ਫਸਲ ਵੱਡੀ ਪੱਧਰ 'ਤੇ ਬਰਬਾਦ ਕਰ ਗਿਆ, ਉਥੇ ਕਿਸਾਨ ਇਹ ਤਰਾਸਦੀ ਨਾ ਸਹਾਰਦੇ ਹੋਏ ਖੁਦਕੁਸ਼ੀਆਂ ਵੱਲ ਵਧ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਸੂਬੇ ਵਿੱਚ ਰੇਤ, ਬੱਜਰੀ, ਕੇਬਲ, ਟਰਾਂਸਪੋਰਟ, ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਦੇ ਮਾਫੀਆ ਆਦਿ ਦਾ ਪੂਰੀ ਤਰ੍ਹਾਂ ਕਬਜ਼ਾ ਹੈ ਅਤੇ ਨੌਜਵਾਨ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਹਨ। ਉਹਨਾਂ ਕਿਹਾ ਕਿ ਅੱਜ ਖਡੂਰ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਦਾ ਭਾਰੀ ਇਕੱਠ ਸਪੱਸ਼ਟ ਕਰਦਾ ਹੈ ਕਿ ਲੋਕ ਬਾਦਲ ਦੇ ਰਾਜ ਤੋਂ ਸਿਰ ਤੋਂ ਲੈ ਕੇ ਪੈਰਾਂ ਤੱਕ ਦੁਖੀ ਹਨ।
ਕਿਸਾਨਾਂ ਨੇ ਧਰਨੇ ਦੌਰਾਨ ਮੰਗ ਕੀਤੀ ਕਿ 21 ਫਰਵਰੀ 2014 ਨੂੰ ਸਰਕਾਰ ਵੱਲੋਂ ਕੀਤੇ ਲਿਖਤੀ ਸਮਝੌਤੇ ਨੂੰ ਲਾਗੂ ਕੀਤਾ ਜਾਵੇ, ਵੱਖ-ਵੱਖ ਮੋਰਚਿਆਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਵਾਰਾਂ ਨੂੰ ਮੰਨਿਆ ਹੋਇਆ ਮੁਆਵਜ਼ਾ ਦਿੱਤਾ ਜਾਵੇ, ਪਰਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਕਰਜ਼ਾ ਖਤਮ ਕੀਤਾ ਜਾਵੇ, ਪੰਜ ਏਕੜ ਤੱਕ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣ, ਕਿਸਾਨਾਂ 'ਤੇ ਦਰਜ ਕੀਤੇ ਝੂਠੇ ਕੇਸ ਖਾਰਜ ਕੀਤੇ ਜਾਣ, ਮਜ਼ਦੂਰਾਂ ਦੇ ਬਕਾਏ ਬਿੱਲ ਖਤਮ ਕੀਤੇ ਜਾਣ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁੱਖਾ ਸਿੰਘ ਠੱਠਾ, ਹਰਜਿੰਦਰ ਸਿੰਘ ਕੰਗ, ਲਖਬੀਰ ਸਿੰਘ ਵੈਰੋਵਾਲ, ਜਵਾਹਰ ਸਿੰਘ ਟਾਂਡਾ, ਅਮਰੀਕ ਸਿੰਘ ਜੰਡੋਕੇ, ਸੁਖਵਿੰਦਰ ਸਿੰਘ ਦੁਗਲਵਾਲਾ, ਰੇਸ਼ਮ ਸਿੰਘ ਘੁਰਕਵਿੰਡ, ਅਜੀਤ ਸਿੰਘ ਚੰਬਾ, ਭਗਵਾਨ ਸਿੰਘ ਸੰਘਰ, ਨਿਰਮਲ ਸਿੰਘ, ਇਕਬਾਲ ਸਿੰਘ ਵੜਿੰਗ ਆਦਿ ਨੇ ਵੀ ਸੰਬੋਧਨ ਕੀਤਾ।