ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਧਰਨਾ 10 ਨੂੰ : ਬਹਿਰੂ

ਮੋਗਾ (ਅਮਰਜੀਤ ਬੱਬਰੀ)
ਕਿਸਾਨਾਂ ਦੀਆਂ ਖੁਦਕੁਸ਼ੀਆਂ ਅਤੇ ਖੇਤੀ ਸੰਬੰਧੀ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਨ ਲਈ 13 ਕਿਸਾਨ ਜੱਥੇਬੰਦੀਆਂ ਵੱਲੋਂ ਸਰਬ ਸਾਂਝੇ ਕਿਸਾਨ ਮੰਚ ਦੇ ਬੈਨਰ ਹੇਠ 10 ਮਾਰਚ ਨੂੰ ਜੰਤਰ ਮੰਤਰ ਦਿੱਲੀ ਵਿਖੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਧਰਨਾ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਹੈ। ਇਹ ਐਲਾਨ ਅੱਜ ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਅਤੇ ਹਰਪਾਲ ਸਿੰਘ ਬਰਾੜ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਰਜ਼ੇ ਦੇ ਭਾਰ ਹੇਠ ਦੱਬਦਾ ਜਾ ਰਿਹਾ ਹੈ, ਜਿਸ ਕਾਰਨ ਉਹ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ 'ਤੇ ਕਿਸਾਨ ਵਿਰੋਧੀ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਵੱਲੋਂ ਸੁਪਰੀਮ ਕੋਰਟ ਵਿਚ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਕੀਤੀ ਰਿੱਟ ਦੇ ਖਿਲਾਫ ਹਲਫਨਾਮਾ ਦੇ ਕੇ ਦੇਸ਼ ਦੇ ਕਰੋੜਾਂ ਕਿਸਾਨਾਂ ਨਾਲ ਵਾਅਦਾ-ਖਿਲਾਫੀ ਕੀਤੀ ਹੈ। ਕਿਸਾਨ ਮੰਗਾਂ ਦਾ ਜ਼ਿਕਰ ਕਰਦਿਆਂ ਬਹਿਰੂ ਅਤੇ ਬਰਾੜ ਨੇ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ੇ 'ਤੇ ਲਕੀਰ ਮਾਰੀ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਵੱਖਰੇ ਖੇਤੀ ਬੱਜਟ ਦੀ ਵਿਵਸਥਾ ਕੀਤੀ ਜਾਵੇ, ਕੌਮੀ ਆਫਤਾਂ ਲਈ ਵੱਖਰਾ ਫੰਡ ਕਾਇਮ ਕੀਤਾ ਜਾਵੇ, ਖੇਤੀ 'ਤੇ ਮਿਲਣ ਵਾਲੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤੇ ਵਿਚ ਆਵੇ, 60 ਸਾਲ ਦੀ ਉਮਰ ਤੋਂ ਉਪਰ ਵਾਲੇ ਕਿਸਾਨਾਂ ਨੂੰ 2000 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਬਾਸਮਤੀ ਦੀ ਸਰਕਾਰੀ ਕੀਮਤ ਘੱਟੋ-ਘੱਟ (ਐੱਮ ਐੱਸ ਪੀ) 4000 ਰੁਪਏ ਪ੍ਰਤੀ ਕੁਇੰਟਲ ਮਿੱਥੀ ਜਾਵੇ, ਮੁਲਾਜ਼ਮਾਂ ਦੇ ਪੇ ਕਮਿਸ਼ਨ ਦੀ ਤਰਜ਼ 'ਤੇ ਕਿਸਾਨਾਂ ਲਈ ਵੀ ਕੇਂਦਰ ਸਰਕਾਰ ਆਮਦਨ ਕਮਿਸ਼ਨ ਕਾਇਮ ਕਰੇ। ਉਨ੍ਹਾਂ ਸਮੂਹ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੂੰ 10 ਮਾਰਚ ਨੂੰ ਦਿੱਲੀ ਦਿੱਤੇ ਜਾਣ ਵਾਲੇ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।