ਐੱਸ ਏ ਆਰ ਗਿਲਾਨੀ ਨੂੰ ਵੀ ਜ਼ਮਾਨਤ

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਅਤੇ ਦੇਸ਼ ਧ੍ਰੋਹ ਦੇ ਦੋਸ਼ੀ ਐੱਸ ਏ ਆਰ ਗਿਲਾਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦਿੱਤੀ।
ਗਿਲਾਨੀ 'ਤੇ ਦੋਸ਼ ਹੈ ਕਿ ਉਸ ਨੇ ਦਿੱਲੀ ਸਥਿਤ ਪ੍ਰੈੱਸ ਕਲੱਬ ਵਿੱਚ ਪ੍ਰੋਗਰਾਮ ਆਯੋਜਿਤ ਕਰਕੇ ਦੇਸ਼ ਵਿਰੋਧੀ ਨਾਅਰੇਬਾਜ਼ੀ ਕੀਤੀ ਸੀ। ਸੁਣਵਾਈ ਦੌਰਾਨ ਗਿਲਾਨੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਪੁਲਸ ਨੇ ਉਨ੍ਹਾ ਦੇ ਪ੍ਰੋਗਰਾਮ ਨੂੰ ਭਾਰਤ ਦੀ ਆਤਮਾ 'ਤੇ ਹਮਲਾ ਅਤੇ ਅਦਾਲਤ ਦੀ ਮਾਣਹਾਨੀ ਦੱਸਿਆ। ਪੁਲਸ ਨੇ ਕਿਹਾ ਕਿ ਕਸ਼ਮੀਰ ਦੇਸ਼ ਦਾ ਅਨਿੱਖੜਵਾਂ ਅੰਗ ਹੈ, ਪਰ ਗਿਲਾਨੀ ਮਕਬੂਲ ਭੱਟ ਅਤੇ ਅਫਜ਼ਲ ਗੁਰੂ ਦੀ ਹਮਾਇਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸ਼ਹੀਦ ਆਖ ਰਹੇ ਸਨ, ਜਿਸ 'ਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਸੀ। ਬਹਿਸ ਦੌਰਾਨ ਗਿਲਾਨੀ ਦੇ ਵਕੀਲ ਨੇ ਕਿਹਾ ਕਿ ਪੁਲਸ ਕੋਲ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਗਿਲਾਨੀ ਨੇ ਦੇਸ਼ ਵਿਰੋਧੀ ਨਾਅਰੇ ਲਗਾਏ ਸਨ। ਉਨ੍ਹਾ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਦੀ ਨੁਕਤਾਚੀਨੀ ਕਰਨਾ ਅਦਾਲਤ ਦੀ ਮਾਣਹਾਨੀ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਗਿਲਾਨੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। 16 ਫਰਵਰੀ ਨੂੰ ਗ੍ਰਿਫਤਾਰ ਕੀਤੇ ਗਏ ਗਿਲਾਨੀ 'ਤੇ ਪੁਲਸ ਨੇ ਦੋਸ਼ ਲਾਇਆ ਸੀ ਕਿ ਉਸ ਸਰਕਾਰ ਵਿਰੁੱਧ ਨਫਰਤ ਪੈਦਾ ਕਰ ਰਹੇ ਹਨ। ਇਸ ਤੋਂ ਪਹਿਲਾਂ ਪੁਲਸ ਨੇ ਅਦਾਲਤ ਵਿੱਚ ਦੱਸਿਆ ਕਿ 10 ਫਰਵਰੀ ਨੂੰ ਆਯੋਜਿਤ ਪ੍ਰੋਗਰਾਮ ਵਿੱਚ ਜਿਹੜੇ ਬੈਨਰ ਲਾਏ ਗਏ ਸਨ, ਉਨ੍ਹਾ ਵਿੱਚ ਮਕਬੂਲ ਬੱਟ ਅਤੇ ਅਫਜ਼ਲ ਗੁਰੂ ਨੂੰ ਸ਼ਹੀਦ ਆਖਿਆ ਗਿਆ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਗਿਲਾਨੀ ਨੂੰ 2001 ਵਿੱਚ ਸੰਸਦ 'ਤੇ ਹੋਏ ਹਮਲੇ ਦੇ ਸਿਲਸਿਲੇ ਵਿੱਚ ਵੀ ਗ੍ਰਿਫਤਾਰ ਕੀਤਾ ਗਿਆ ਸੀ, ਪਰ ਸਬੂਤਾਂ ਦੀ ਘਾਟ ਕਾਰਨ ਦਿੱਲੀ ਹਾਈ ਕੋਰਟ ਨੇ ਅਕਤੂਬਰ 2003 ਵਿੱਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਅਗਸਤ 2005 'ਚ ਹਾਈ ਕੋਰਟ ਦਾ ਫੈਸਲਾ ਬਰਕਰਾਰ ਰੱਖਿਆ ਸੀ।