ਉੱਤਰਾਖੰਡ ਸੰਕਟ; ਕਾਂਗਰਸ ਵੱਲੋਂ ਰਾਸ਼ਟਰਪਤੀ ਰਾਜ ਵਿਰੁੱਧ 4 ਪਟੀਸ਼ਨਾਂ ਦਾਇਰ


ਨਵੀਂ ਦਿੱਲੀ/ਨੈਨੀਤਾਲ (ਨਵਾਂ ਜ਼ਮਾਨਾ ਸਰਵਿਸ)
ਉੱਤਰਾਖੰਡ 'ਚ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਵਿਰੁੱਧ ਕਾਂਗਰਸ ਪਾਰਟੀ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਅੱਜ ਸਵੇਰੇ ਕਾਂਗਰਸ ਦੇ ਸੀਨੀਅਰ ਆਗੂ ਅਭਿਸ਼ੇਕ ਮਨੂੰ ਸਿੰਘਵੀ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਨੈਨੀਤਾਲ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ। ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਹਾਈ ਕੋਰਟ 'ਚ ਕੁਲ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।
ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਸੂਬੇ 'ਚ ਧਾਰਾ 356 ਲਾਗੂ ਕੀਤੇ ਜਾਣ ਨੂੰ ਚੁਣੌਤੀ ਦੇ ਰਹੇ ਹਨ। ਹਾਈ ਕੋਰਟ ਨੇ ਸਿੰਘਵੀ ਵੱਲੋਂ ਦਾਇਰ ਪਟੀਸ਼ਨ ਪ੍ਰਵਾਨ ਕਰ ਲਈ ਹੈ।
ਇਸੇ ਦੌਰਾਨ ਕਾਂਗਰਸ ਵਿਧਾਇਕ ਹੇਮੇਸ਼ ਖਰਕਵਾਲ ਨੇ ਉੱਤਰਾਖੰਡ 'ਚ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਇਸ ਨੂੰ ਸਰਕਾਰ ਦਾ ਗਲਤ ਫ਼ੈਸਲਾ ਦਸਿਆ ਹੈ। ਉਨ੍ਹਾ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਹੁਗਿਣਤੀ ਵਿਧਾਇਕਾਂ ਦੀ ਹਮਾਇਤ ਹਾਸਲ ਹੈ ਅਤੇ ਕਾਂਗਰਸ ਪਾਰਟੀ ਅੱਜ ਵੀ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਸਕਦੀ ਹੈ, ਇਸੇ ਲਈ ਭਾਰਤੀ ਜਨਤਾ ਪਾਰਟੀ ਘਬਰਾਈ ਹੋਈ ਹੈ। ਜ਼ਿਕਰਯੋਗ ਹੈ ਕਿ ਉੱਤਰਾਖੰਡ 'ਚ ਪਿਛਲੇ ਇੱਕ ਹਫ਼ਤੇ ਤੋਂ ਜਾਰੀ ਸਿਆਸੀ ਸੰਕਟ ਦੌਰਾਨ ਐਤਵਾਰ ਨੂੰ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਸੀ। ਕੇਂਦਰ ਸਰਕਾਰ ਨੇ ਰਾਜਪਾਲ ਕੇ ਕੇ ਪਾਲ ਦੀ ਰਿਪੋਰਟ 'ਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦਾ ਫ਼ੈਸਲਾ ਕੀਤਾ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਹਰੀਸ਼ ਰਾਵਤ ਸਰਕਾਰ ਨੇ ਰਾਜਪਾਲ ਦੇ ਹੁਕਮ ਅਨੁਸਾਰ ਸੋਮਵਾਰ ਨੂੰ ਵਿਧਾਨ ਸਭਾ 'ਚ ਭਰੋਸੇ ਦਾ ਵੋਟ ਹਾਸਲ ਕਰਨਾ ਸੀ, ਪਰ ਉਸ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਹੀ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ।