ਭਾਜਪਾ ਨੇ ਦਿੱਤੀ ਫ਼ੈਸਲਾਕੁਨ ਸਰਕਾਰ


ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਮੋਦੀ ਸਰਕਾਰ ਦੇ ਦੋ ਸਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਨੂੰ ਇੱਕ ਫ਼ੈਸਲਾਕੁਨ ਸਰਕਾਰ ਦੇਣ ਦਾ ਸਿਹਰਾ ਦਿੱਤਾ ਅਤੇ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦੇ ਬਾਕੀ ਰਹਿੰਦੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੂਰੇ ਕਰ ਦਿੱਤੇ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਿਤ ਸ਼ਾਹ ਨੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਅਰਥਚਾਰੇ ਨੂੰ ਵਧਾਉਣ ਦੇ ਖੇਤਰ 'ਚ ਪਿਛਲੇ ਦੋ ਸਾਲਾਂ ਦੌਰਾਨ ਮੋਦੀ ਸਰਕਾਰ ਦੀਆਂ ਤਰਜੀਹਾਂ ਬਾਰੇ ਵਿਸਥਾਰ 'ਚ ਚਰਚਾ ਕੀਤੀ। ਭਾਜਪਾ ਪ੍ਰਧਾਨ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਆਲੋਚਨਾ ਕਰਦਿਆਂ ਕਿਹਾ ਕਿ ਯੂ ਪੀ ਏ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਵੱਡੇ-ਵੱਡੇ ਘੁਟਾਲੇ ਅਤੇ ਸਕੈਂਡਲ ਹੋਏ ਅਤੇ ਸਰਕਾਰੀ ਨੀਤੀਆਂ ਨੂੰ ਲਕਵਾ ਮਾਰ ਗਿਆ। ਸ਼ਾਹ ਨੇ ਪਿਛਲੀਆਂ ਯੂ ਪੀ ਏ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹਨਾ ਸਰਕਾਰਾਂ ਨੇ ਖ਼ਜ਼ਾਨਾ ਖਾਲੀ ਕਰ ਦਿੱਤਾ ਅਤੇ ਲੋਕਾਂ 'ਚ ਭਾਰੀ ਮਾਯੂਸੀ ਸੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ 'ਚ ਆਉਂਦਿਆਂ ਹੀ ਲੋਕਾਂ ਨੂੰ ਆਸ ਦੀ ਕਿਰਨ ਦਿਖਾਈ ਅਤੇ ਲੋਕਾਂ ਦੀਆਂ ਖ਼ਾਹਸ਼ਾਂ ਅਤੇ ਉਮੰਗਾਂ ਨੂੰ ਪੂਰਾ ਕੀਤਾ।
ਸ਼ਾਹ ਨੇ ਕਿਹਾ ਕਿ ਆਉਂਦੇ ਤਿੰਨ ਸਾਲਾਂ ਅੰਦਰ ਮੋਦੀ ਸਰਕਾਰ ਦੇਸ਼ ਨੂੰ ਬੁਲੰਦੀਆਂ 'ਤੇ ਪਹੁੰਚਾ ਦੇਵੇਗੀ। ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਜਪਾ ਨੇ ਦੇਸ਼ ਨੂੰ ਇੱਕ ਫ਼ੈਸਲਾਕੁਨ ਸਰਕਾਰ ਦਿੱਤੀ ਹੈ।
ਸ਼ਾਹ ਨੇ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਯੂ ਪੀ ਏ ਸਰਕਾਰ ਵਿਕਾਸ ਦੀ ਗੱਡੀ ਨੂੰ ਲੀਹੋਂ ਲਾਹ ਦਿੱਤਾ ਸੀ।
ਭਾਜਪਾ ਪ੍ਰਧਾਨ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਨੇ ਸੱਤਾ 'ਚ ਆਉਂਦਿਆਂ ਹੀ ਦੇਸ਼ ਨੂੰ ਖੁਸ਼ਹਾਲੀ ਦੀਆਂ ਲੀਹਾਂ ਉੱਪਰ ਤੋਰਿਆ।
ਉਨ੍ਹਾ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਦੁਨੀਆ ਦੇ ਨਕਸ਼ੇ 'ਤੇ ਮੁੜ ਉਭਾਰਿਆ ਹੈ ਅਤੇ ਮੋਦੀ ਦੇ ਵਿਦੇਸ਼ ਦੌਰਿਆਂ ਨਾਲ ਭਾਰਤ ਦੇ ਅਰਥਚਾਰੇ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾ ਕਿਹਾ ਕਿ ਵਿਦੇਸ਼ੀ ਕੰਪਨੀਆਂ ਭਾਰਤ 'ਚ ਪੂੰਜੀ ਲਾਉਣ ਲਈ ਦਿਲਚਸਪੀ ਲੈ ਰਹੀਆਂ ਹਨ। ਰੋਜ਼ਗਾਰ ਪੈਦਾ ਕਰਨ ਦੇ ਮੁੱਦੇ 'ਤੇ ਕਾਂਗਰਸ ਦੀ ਲਗਾਤਾਰ ਆਲੋਚਨਾ ਕਰ ਰਹੇ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਟੈਂਡ ਅੱਪ, ਸਟਾਰਟ ਅੱਪ ਅਤੇ ਸਕਿਲ ਇੰਡੀਆ ਵਰਗੀਆ ਸਕੀਮਾਂ ਸ਼ੁਰੂ ਕੀਤੀਆਂ, ਜਿਸ ਨਾਲ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।