ਡੀਜ਼ਲ ਪੈਟਰੋਲ ਮਗਰੋਂ ਰਸੋਈ ਗੈਸ ਤੇ ਜਹਾਜ਼ ਈਂਧਨ ਵੀ ਮਹਿੰਗਾ

ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਮਗਰੋਂ ਅੱਜ ਤੋਂ ਬਿਨਾਂ ਸਬਸਿਡੀ ਵਾਲਾ ਗੈਸ ਸਲੰਡਰ ਅਤੇ ਜਹਾਜ਼ ਈਂਧਨ ਵੀ ਮਹਿੰਗਾ ਕਰ ਦਿੱਤਾ ਗਿਆ, ਜਿਸ ਨਾਲ ਹਵਾਈ ਸਫ਼ਰ ਵੀ ਮਹਿੰਗਾ ਹੋ ਸਕਦਾ ਹੈ।
ਬਿਨਾਂ ਸਬਸਿਡੀ ਵਾਲੇ ਐਲ ਪੀ ਜੀ ਗੈਸ ਸਲੰਡਰ ਦੀ ਕੀਮਤ 'ਚ 21 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਦਕਿ ਜਹਾਜ਼ ਈਂਧਨ (ਏ ਟੀ ਐਫ਼) ਦੀ ਕੀਮਤ 'ਚ 9.2 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਮਾਹਿਰਾਂ ਅਨੁਸਾਰ ਇਸ ਫ਼ੈਸਲੇ ਦਾ ਹਵਾਈ ਟਿਕਟਾਂ ਦੀਆਂ ਕੀਮਤਾਂ 'ਤੇ ਵੀ ਅਸਰ ਪਵੇਗਾ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 'ਚ 2.58 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 2.26 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਵੀਰਵਾਰ ਰਾਤ 7 ਮਹੀਨਿਆਂ 'ਚ ਪਹਿਲੀ ਵਾਰ ਕੱਚੇ ਤੇਲ ਦੀ ਕੀਮਤ 50 ਡਾਲਰ ਪ੍ਰਤੀ ਬੈਰਲ ਦੇ ਨੇੜੇ ਪੁੱਜ ਗਈ ਸੀ, ਜਿਸ ਮਗਰੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਵਾਧੇ ਦੀ ਸ਼ੰਕਾ ਪ੍ਰਗਟਾਈ ਜਾ ਰਹੀ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਭਵਿੱਖ 'ਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਹੋਰ ਵਾਧੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।