ਬਾਦਲ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਵਾਰ ਨਾਲ ਕੀਤਾ ਦੁੱਖ ਸਾਂਝਾ


ਪਾਇਲ (ਲੁਧਿਆਣਾ) (ਧਰਮ ਪਾਲ ਮੈਨਰਾ)
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕੋਟਲੀ ਪਰਵਾਰ ਦੇ ਗ੍ਰਹਿ ਪਿੰਡ ਕੋਟਲੀ ਨੇੜੇ ਪਾਇਲ ਵਿਖੇ ਪੁੱਜ ਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਦੇ ਬਹੁਤ ਹੀ ਹੋਣਹਾਰ ਸਪੁੱਤਰ ਹਰਕੀਰਤ ਸਿੰਘ (41) ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪਰਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ ਅਤੇ ਉਹਨਾਂ ਪਰਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਹਨਾਂ ਨਾਲ ਖੜੀ ਹੈ। ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।
ਸਵ. ਹਰਕੀਰਤ ਸਿੰਘ ਦੀ ਬੀਤੀ 30 ਮਈ ਨੂੰ ਅਣ-ਸੁਖਾਵੇਂ ਹਾਲਾਤਾਂ ਵਿੱਚ ਮੌਤ ਹੋ ਗਈ ਸੀ ਅਤੇ ਉਹਨਾਂ ਦੇ ਛੋਟੇ ਭਰਾ ਗੁਰਕੀਰਤ ਸਿੰਘ ਕੋਟਲੀ ਖੰਨਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਹਨ। ਉਹ ਪਿੰਡ ਕੋਟਲੀ ਦੇ ਸਰਪੰਚ ਵੀ ਸਨ ਅਤੇ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਹੋਰ ਪਰਵਾਰਕ ਮੈਂਬਰਾਂ ਨੂੰ ਛੱਡ ਗਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਮਲਕੀਤ ਸਿੰਘ ਦਾਖਾ, ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਡੀ.ਆਈ.ਜੀ. ਸ੍ਰੀ ਐੱਸ.ਕੇ.ਕਾਲੀਆ, ਐੱਸ.ਐੱਸ.ਪੀ.ਖੰਨਾ, ਸਤਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।