Latest News
ਚਾਰ ਖੱਬੀਆਂ ਪਾਰਟੀਆਂ ਦੀ ਜਲੰਧਰ 'ਚ ਪ੍ਰਭਾਵਸ਼ਾਲੀ ਕਨਵੈਨਸ਼ਨ , ਕਾਰਪੋਰੇਟ ਪੱਖੀ ਨੀਤੀਆਂ ਤੇ ਮਾਫੀਆ ਰਾਜ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ

Published on 04 Jul, 2016 09:38 AM.

ਜਲੰਧਰ (ਰਾਜੇਸ਼ ਥਾਪਾ)
ਪ੍ਰਾਂਤ ਦੀਆਂ ਚਾਰ ਖੱਬੀਆਂ ਪਾਰਟੀਆਂ-ਸੀ ਪੀ ਆਈ, ਸੀ ਪੀ ਆਈ (ਐੱਮ), ਸੀ ਪੀ ਐੱਮ ਪੰਜਾਬ ਤੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਸਾਂਝੇ ਸੱਦੇ 'ਤੇ ਅੱਜ ਏਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕ ਬਹੁਤ ਹੀ ਪ੍ਰਭਾਵਸ਼ਾਲੀ ਕਨਵੈਨਸ਼ਨ ਕੀਤੀ ਗਈ, ਜਿਸ ਵਿਚ ਮਾਝਾ ਅਤੇ ਦੋਆਬਾ ਖੇਤਰ ਤੋਂ ਪਾਰਟੀਆਂ ਦੇ 2000 ਦੇ ਕਰੀਬ ਸਰਗਰਮ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਸਰਵਸਾਥੀ ਕਰਤਾਰ ਸਿੰਘ ਬੁਆਣੀ, ਰਣਵੀਰ ਸਿੰਘ ਵਿਰਕ, ਕੁਲਵੰਤ ਸਿੰਘ ਸੰਧੂ ਅਤੇ ਗੁਲਜ਼ਾਰ ਸਿੰਘ ਭੁੰਬਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਕਨਵੈਨਸ਼ਨ ਨੂੰ ਚੌਹਾਂ ਪਾਰਟੀਆਂ ਦੇ ਸੂਬਾਈ ਆਗੂਆਂ ਸਰਵਸਾਥੀ ਬੰਤ ਬਰਾੜ, ਚਰਨ ਸਿੰਘ ਵਿਰਦੀ, ਮੰਗਤ ਰਾਮ ਪਾਸਲਾ, ਗੁਰਮੀਤ ਸਿੰਘ ਬਖਤਪੁਰਾ, ਭੁਪਿੰਦਰ ਸਾਂਬਰ, ਵਿਜੇ ਮਿਸ਼ਰਾ, ਰਘੁਨਾਥ ਸਿੰਘ, ਹਰਕੰਵਲ ਸਿੰਘ ਅਤੇ ਸੁਖਦਰਸ਼ਨ ਨੱਤ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੇਸ਼ ਅੰਦਰ ਨਿਰੰਤਰ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਲਈ ਜ਼ੁੰਮੇਵਾਰ ਕੇਂਦਰ ਤੇ ਰਾਜ ਸਰਕਾਰ ਦੀਆਂ ਸਰਮਾਏਦਾਰ ਪੱਖੀ ਨੀਤੀਆਂ ਦੀ ਜੰਮ ਕੇ ਆਲੋਚਨਾ ਕੀਤੀ ਅਤੇ ਪੰਜਾਬ ਅੰਦਰ ਵਧੀ ਹੋਈ ਨਸ਼ਾਖੋਰੀ ਤੇ ਗੁੰਡਾਗਰਦੀ ਲਈ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਵਿਚ ਸਿਆਸਤਦਾਨਾਂ ਦੀ ਮੁਜ਼ਰਮਾਨਾ ਮਿਲੀਭੁਗਤ ਅਤੇ ਪੁਲਸ ਦੇ ਮੁਕੰਮਲ ਰੂਪ ਵਿਚ ਕੀਤੇ ਗਏ ਸਿਆਸੀਕਰਨ ਸਦਕਾ ਪੰਜਾਬ ਦੀ ਜਵਾਨੀ ਵੀ ਤਬਾਹ ਹੋ ਰਹੀ ਹੈ ਅਤੇ ਅਮਨ-ਕਾਨੂੰਨ ਵੀ। ਉਨ੍ਹਾਂ ਇਹ ਵੀ ਕਿਹਾ ਕਿ ਲਗਾਤਾਰ ਡੂੰਘੇ ਹੁੰਦੇ ਜਾ ਰਹੇ ਖੇਤੀ ਸੰਕਟ ਕਾਰਨ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਅਤੇ ਕੰਗਾਲ ਹੋ ਰਹੇ ਮਜ਼ਦੂਰਾਂ ਦੀਆਂ ਵਧ ਰਹੀਆਂ ਖੁਦਕੁਸ਼ੀਆ ਨੂੰ ਰੋਕਣ ਵਿਚ ਰਾਜ ਸਰਕਾਰ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ। ਇਸ ਸਰਕਾਰ ਦੇ ਆਗੂਆਂ ਨੂੰ ਸਿਰਫ ਆਪਣੇ ਪਰਵਾਰਾਂ, ਰਿਸ਼ਤੇਦਾਰਾਂ, ਵੱਡੇ-ਵੱਡੇ ਪੂੰਜੀਵਾਦੀਆਂ ਤੇ ਭੂਮੀਪਤੀਆਂ ਦੀਆਂ ਤਿਜੌਰੀਆਂ ਦੀ ਹੀ ਚਿੰਤਾ ਹੈ, ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਉਕਾ ਹੀ ਕੋਈ ਸਰੋਕਾਰ ਨਹੀਂ। ਇਸੇ ਲਈ ਪੇਂਡੂ ਖੇਤ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ ਤੇ ਵਾਹੀਯੋਗ ਸ਼ਾਮਲਾਤ ਜ਼ਮੀਨ ਦਾ ਤੀਜਾ ਹਿੱਸਾ ਦੇਣ ਅਤੇ ਬੇਘਰੇ ਸ਼ਹਿਰੀ ਮਜ਼ਦੂਰਾਂ ਲਈ ਢੁਕਵੀਆਂ ਰਿਹਾਇਸ਼ੀ ਬਸਤੀਆਂ ਬਣਾਉਣ ਪ੍ਰਤੀ ਸਰਕਾਰ ਘੋਗਲਕੰਨੀ ਹੋਈ ਬੈਠੀ ਹੈ, ਜਦੋਂਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖ ਕੇ ਵੋਟਾਂ ਬਟੋਰਨ ਲਈ ਸੰਗਤ ਦਰਸ਼ਨ ਆਦਿ ਦੀ ਡਰਾਮੇਬਾਜ਼ੀ ਰਾਹੀਂ ਸਰਕਾਰੀ ਖਜ਼ਾਨੇ ਨਾਲ ਸਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ।
ਬੁਲਾਰਿਆਂ ਨੇ ਇਹ ਵੀ ਮੰਗ ਕੀਤੀ ਕਿ ਪ੍ਰਾਂਤ ਅੰਦਰ ਕੁਦਰਤੀ ਪਾਣੀ ਦੀ ਸੰਭਾਲ ਲਈ ਕਾਰਗਰ ਪ੍ਰਬੰਧ ਕੀਤੇ ਜਾਣ ਅਤੇ ਪ੍ਰਾਂਤ ਵਾਸੀਆਂ ਲਈ ਸਰਕਾਰ ਵੱਲੋਂ ਸਸਤੀ ਤੇ ਮਿਆਰੀ ਸਿੱਖਿਆ ਤੇ ਸਿਹਤ ਸੇਵਾਵਾਂ ਦੇ ਵਿਆਪਕ ਪ੍ਰਬੰਧ ਕੀਤੇ ਜਾਣ। ਕਨਵੈਨਸ਼ਨ ਵੱਲੋਂ ਐਲਾਨ ਕੀਤਾ ਗਿਆ ਕਿ ਲੋਕਾਂ ਦੇ ਇਨ੍ਹਾਂ ਸਾਰੇ ਭਖਵੇਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਚੌਹਾਂ ਪਾਰਟੀਆਂ ਵਲੋਂ ਮਿਲ ਕੇ ਚਲਾਏ ਜਾ ਰਹੇ ਜਨਤਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 7 ਤੋਂ 9 ਅਗਸਤ ਤੱਕ ਡੀ ਸੀ ਦਫਤਰਾਂ ਸਾਹਮਣੇ ਦਿਨ-ਰਾਤ ਦੇ ਲਗਾਤਾਰ ਧਰਨੇ ਮਾਰੇ ਜਾਣਗੇ ਅਤੇ ਵਿਸ਼ਾਲ ਮੁਜ਼ਾਹਰੇ ਕੀਤੇ ਜਾਣਗੇ। ਕਨਵੈਨਸ਼ਨ ਨੇ ਪੰਜਾਬ ਵਾਸੀਆਂ ਨੂੰ ਇਹ ਜ਼ੋਰਦਾਰ ਸੱਦਾ ਦਿੱਤਾ ਕਿ ਲੋਕਾਂ ਦੀਆਂ ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਮਾਏਦਾਰ ਪੱਖੀ ਨੀਤੀਆਂ ਦੀਆਂ ਸਮਰਥਕ ਸਾਰੀਆਂ ਹੀ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਾਵੇ ਅਤੇ ਪੰਜਾਬ ਅੰਦਰ ਖੱਬੀਆਂ ਸ਼ਕਤੀਆਂ 'ਤੇ ਅਧਾਰਤ ਲੋਕ-ਪੱਖੀ ਰਾਜਨੀਤਕ ਸੱਤਾ ਸਥਾਪਤ ਕਰਨ ਲਈ ਇਕ ਜ਼ੋਰਦਾਰ ਹੰਭਲਾ ਮਾਰਿਆ ਜਾਵੇ। ਇਸ ਮੰਤਵ ਲਈ ਚੌਹਾਂ ਪਾਰਟੀਆਂ ਵੱਲੋਂ ਮਿਲ ਕੇ ਉਪਰਾਲੇ ਕਰਨ ਦਾ ਐਲਾਨ ਵੀ ਕੀਤਾ ਗਿਆ। ਕਨਵੈਨਸ਼ਨ ਦੌਰਾਨ ਸਟੇਜ 'ਤੇ ਸੀ ਪੀ ਆਈ ਦੀ ਕੌਮੀ ਕੌਂਸਲ ਦੇ ਮੈਂਬਰ ਸਾਥੀ ਹਰਭਜਨ ਸਿੰਘ, ਸੀ ਪੀ ਐੱਮ ਪੰਜਾਬ ਦੇ ਸੂਬਾ ਸਕੱਤਰੇਤ ਮੈਂਬਰ ਸਾਥੀ ਰਘਬੀਰ ਸਿੰਘ ਪਕੀਵਾਂ, ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਸਾਥੀ ਸੁਖਦੇਵ ਸਿੰਘ ਭਾਗੋਕਾਵਾਂ ਵੀ ਹਾਜ਼ਰ ਸਨ। ਸਟੇਜ ਦੀ ਕਾਰਵਾਈ ਸਾਥੀ ਗੁਰਮੇਸ਼ ਸਿੰਘ ਵੱਲੋਂ ਚਲਾਈ ਗਈ।

754 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper