ਇਕ ਵਾਰ ਜਾਰੀ ਕੀਤੇ ਐੱਸ ਸੀ ਸਰਟੀਫਿਕੇਟ ਉਮਰ ਭਰ ਲਈ ਵੈਧ ਹੋਣਗੇ : ਸੁਖਬੀਰ

ਚੰਡੀਗੜ੍ਹ, (ਕ੍ਰਿਸ਼ਨ ਗਰਗ)
ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਲਈ ਇਕ ਦੂਰਅੰਦੇਸ਼ੀ ਸਿੱਟਿਆਂ ਵਾਲੀ ਭਲਾਈ ਸਕੀਮ ਦੀ ਘੁੰਡ ਚੁਕਾਈ ਕਰਦਿਆਂ ਇਹ ਐਲਾਨ ਕੀਤਾ ਕਿ ਪੰਜਾਬ ਵਿਚ ਹੁਣ ਅਨੁਸੂਚਿਤ ਜਾਤੀ ਵਰਗ ਲਈ ਜਾਰੀ ਹੋਏ ਸਰਟੀਫਿਕੇਟ ਤਾ-ਉਮਰ ਲਈ ਵੈਧ ਹੋਣਗੇ ਅਤੇ ਇਸ ਸਕੀਮ ਨੂੰ ਲਾਗੂ ਕਰਨ ਲਈ ਜ਼ਰੂਰੀ ਸੇਵਾ ਸ਼ਰਤਾਂ ਛੇਤੀ ਹੀ ਘੜੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਐਸ.ਸੀ. ਸਰਟੀਫਿਕੇਟ ਜਨਮ ਸਮੇਂ ਹੀ ਬਣਾਇਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਚੱਕਰ ਨਾ ਕੱਢਣੇ ਪੈਣ।
ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਸ਼ਾਸਕੀ ਸੁਧਾਰਾਂ ਦੀ ਦਿਸ਼ਾ ਵਿਚ ਅਗਲੇਰਾ ਕਦਮ ਪੁੱਟਦੇ ਹੋਏ ਸੂਬੇ ਦੇ ਸਮੂਹ ਪੇਂਡੂ ਖੇਤਰਾਂ ਵਿਚ ਸੇਵਾ ਕੇਂਦਰ 11 ਅਗਸਤ ਅਤੇ ਸ਼ਹਿਰੀ ਖੇਤਰਾਂ ਵਿਚ 21 ਜੁਲਾਈ ਤੱਕ ਸੁਚਾਰੂ ਢੰਗ ਨਾਲ ਕੰਮ ਕਰਨਾ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਦੇ ਚਾਲੂ ਹੋਣ ਨਾਲ ਸ਼ਹਿਰੀ ਨਾਗਰਿਕਾਂ ਦੀ ਤਰਜ਼ 'ਤੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਵੀ ਸਮੂਹ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ ਮਿਲਣਗੀਆਂ।
ਵਿਕਾਸ ਮੁਖੀ ਸਕੀਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦਾ ਸ਼ੁਰੂ ਤੋਂ ਹੀ ਟੀਚਾ ਰਿਹਾ ਹੈ ਕਿ ਸੂਬੇ ਦੇ ਨਾਗਰਿਕਾਂ ਨੂੰ ਹੁਨਰ ਵਿਕਾਸ ਦੀ ਦਿਸ਼ਾ ਵਿਚ ਸਿੱਖਿਅਤ ਕੀਤਾ ਜਾਵੇ ਅਤੇ ਸਰਕਾਰ ਨੇ ਇਸ ਮਕਸਦ ਲਈ 2 ਸਤੰਬਰ ਤੱਕ ਸੂਬੇ ਦੇ ਸਮੂਹ ਹੁਨਰ ਵਿਕਾਸ ਕੇਂਦਰਾਂ ਨੂੰ ਮੁਕੰਮਲ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹੇ ਵਿਚ ਬਣ ਰਹੇ ਇਨ੍ਹਾਂ ਹੁਨਰ ਵਿਕਾਸ ਕੇਂਦਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ। ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤੇ ਜਾਣ ਦੇ ਵਿਸ਼ੇ 'ਤੇ ਜ਼ੋਰ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਕਾਰਡ 15 ਜੁਲਾਈ ਤੱਕ ਸਾਰੇ ਲਾਭਪਾਤਰੀਆਂ ਨੂੰ ਵੰਡ ਦਿੱਤੇ ਜਾਣ। ਇਸ ਮੌਕੇ ਸ. ਬਾਦਲ ਨੂੰ ਦੱਸਿਆ ਗਿਆ ਕਿ ਸੂਬੇ ਵਿਚ ਹੁਣ ਤੱਕ 27 ਲੱਖ ਕਾਰਡ ਵੰਡੇ ਜਾ ਚੁੱਕੇ ਹਨ ਅਤੇ ਹਰ ਮਹੀਨੇ 11000 ਹਜ਼ਾਰ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਉਠਾ ਰਹੇ ਹਨ।
ਇਸ ਮੌਕੇ ਉਨ੍ਹਾਂ ਸ਼ਹਿਰੀ ਤੇ ਦਿਹਾਤੀ ਵਿਕਾਸ ਮਿਸ਼ਨ ਦੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਅਲਾਟ ਕੀਤੇ ਟੈਂਡਰਾਂ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾਵੇ। ਪ੍ਰੋਜੈਕਟਾਂ ਵਿਚ ਉੱਚ ਮਿਆਰੀ ਸਾਮਾਨ ਦੀ ਵਰਤੋਂ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਕੰਮ 1 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਸਰਟੀਫਾਈ ਕਰਨਗੇ ਕਿ ਕੀਤਾ ਗਿਆ ਕੰਮ ਪੂਰੀ ਤਰ੍ਹਾਂ ਤਸੱਲੀਬਖਸ਼ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕੰਮ ਨੂੰ ਸਮੇਂ ਸਿਰ ਖਤਮ ਲਈ ਡਿਪਟੀ ਕਮਿਸ਼ਨਰ ਕੋਈ ਵੀ ਫੈਸਲਾ ਲੈਣ ਲਈ ਆਜ਼ਾਦ ਹਨ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਨਵੰਬਰ 2016 ਤੱਕ ਮਗਨਰੇਗਾ ਤਹਿਤ ਪੇਂਡੂ ਮਿਸ਼ਨ ਲਈ 500 ਕਰੋੜ ਦੀ ਰਾਸ਼ੀ ਪੂਰੀ ਤਰ੍ਹਾਂ ਵਰਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫੰਡਾਂ ਦੀ ਵਰਤੋਂ ਸੰਬੰਧੀ ਡੀ ਸੀ ਮਹੀਨਾਵਾਰ ਰਿਪੋਰਟ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜੁਲਾਈ ਮਹੀਨੇ ਦੇ ਅੰਤ ਤੱਕ ਆਟਾ-ਦਾਲ ਲਾਭਪਾਤਰੀਆਂ ਨੂੰ ਕਾਰਡ ਵੰਡੇ ਜਾਣ।
ਸੜਕੀ ਨੈੱਟਵਰਕ ਦੀ ਮਜ਼ਬੂਤੀ 'ਤੇ ਜ਼ੋਰ ਦਿੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਇਕ ਹਫਤੇ ਦੇ ਅੰਦਰ ਖਸਤਾ ਹਾਲ ਸੜਕਾਂ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਇਨ੍ਹਾਂ ਦੀ ਮੁਰੰਮਤ ਸਮੇਂ ਸਿਰ ਕੀਤੀ ਜਾ ਸਕੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਸਰਕਾਰੀ ਦਫਤਰਾਂ ਵਿਚ ਅਨੁਸ਼ਾਸਨ ਕਾਇਮ ਰੱਖਣ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਉਹ ਨਿਰੰਤਰ ਸਰਕਾਰੀ ਦਫਤਰਾਂ ਦਾ ਨਿਰੀਖਣ ਕਰਦੇ ਰਹਿਣ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਸ੍ਰੀ ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ.ਐਸ. ਔਜਲਾ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ ਤੇ ਸ੍ਰੀ ਰਾਹੁਲ ਤਿਵਾੜੀ ਆਦਿ ਹਾਜ਼ਰ ਸਨ।