ਕੈਪਟਨ ਤੇ ਕੇਜਰੀਵਾਲ ਜ਼ਿੰਮੇਵਾਰੀਆਂ ਨਿਭਾਉਣ 'ਚ ਅਸਫਲ ਸਿੱਧ ਹੋਏ : ਬਾਦਲ

ਮਾਹਿਲਪੁਰ (ਸ਼ਿਵ ਕੁਮਾਰ ਬਾਵਾ)
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਬਿੰਜੋਂ ਵਿਖੇ ਸਵੇਰੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਨੂੰ ਤੀਸਰੀ ਵਾਰ ਵੀ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਬਲਾਕ ਮਾਹਿਲਪੁਰ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਲਈ ਗ੍ਰਾਂਟ ਚੈਕ ਵੀ ਤਕਸੀਮ ਕੀਤੇ। ਇਸ ਮੌਕੇ ਉਹਨਾਂ ਆਪਣੇ ਨਿਵੇਕਲੇ ਅੰਦਾਜ ਵਿਚ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਲੋਕਾਂ ਵੱਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨਿਭਾਅ ਸਕਣ ਵਿੱਚ ਫੇਲ੍ਹ ਸਾਬਤ ਹੋਏ ਹਨ ਅਤੇ ਹੁਣ ਉਹ ਹਵਾਈ ਕਿਲ੍ਹੇ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਇੱਥੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਜਦੋਂ ਲੋਕਾਂ ਨੇ ਕੋਈ ਜ਼ਿੰਮੇਵਾਰੀ ਸੌਂਪੀ ਹੈ ਤਾਂ ਇਹ ਦੋਵੇਂ ਆਗੂ ਬੁਰੀ ਤਰ੍ਹਾਂ ਨਾਲ ਅਸਫਲ ਸਿੱਧ ਹੋਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਕਾਰਜਕਾਲ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਨੂੰ ਨਾ ਮਿਲਣ ਕਾਰਨ ਹੀ ਯਾਦ ਕੀਤਾ ਜਾਂਦਾ ਹੈ।
ਉਨ੍ਹਾ ਕਿਹਾ ਕਿ ਸੂਬੇ ਦੀ ਸੱਤਾ ਹਾਸਲ ਕਰਨ ਦੇ ਸੁਪਨੇ ਦੇਖ ਰਹੇ ਇਹ ਦੋਵੇਂ ਆਗੂ ਲੋਕਾਂ ਨੂੰ ਭਰਮਾਉਣ ਲਈ ਵੱਡੇ-ਵੱਡੇ ਵਾਅਦੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਦੋਵੇਂ ਆਗੂ ਲੋਕ ਭਲਾਈ ਲਈ ਕੁਝ ਵੀ ਨਹੀਂ ਕਰ ਸਕਦੇ ਹਨ ਅਤੇ ਸਿਰਫ ਉਨ੍ਹਾਂ ਦੀਆਂ ਵੋਟਾਂ ਖਾਤਰ ਦਰ-ਦਰ 'ਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਣੇ ਲੋਕ ਇਨ੍ਹਾਂ ਆਗੂਆਂ ਨੂੰ ਕਿਸੇ ਵੀ ਕੀਮਤ 'ਤੇ ਮੂੰਹ ਨਹੀਂ ਲਗਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਐੱਸ ਵਾਈ ਐੱਲ ਮੁਦੇ 'ਤੇ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਗਏ ਹਲਫੀਆ ਬਿਆਨ ਨੇ ਆਮ ਆਦਮੀ ਪਾਰਟੀ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਅਤੇ ਕਾਂਗਰਸ ਸਿਰਫ ਪੰਜਾਬ ਦੇ ਲੋਕਾਂ ਨੂੰ ਲੁੱਟਣਾ ਚਾਹੁੰਦੀਆਂ ਹਨ, ਜਦ ਕਿ ਅਕਾਲੀ ਭਾਜਪਾ ਗਠਜੋੜ ਸੂਬੇ ਦੇ ਵਿਕਾਸ ਲਈ ਵੱਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦਾ ਹਮੇਸ਼ਾ ਨੁਕਸਾਨ ਕੀਤਾ ਹੈ ਅਤੇ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ਬਰਬਾਦ ਹੋ ਗਿਆ ਹੈ, ਪਰ ਉਨ੍ਹਾਂ ਕਿਹਾ ਕਿ ਹੁਣ ਦੇਸ਼ ਵਿੱਚ ਐੱਨ.ਡੀ.ਏ. ਸਰਕਾਰ ਬਣਨ ਉਪਰੰਤ ਪੰਜਾਬ ਦੇ ਵਿਕਾਸ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ।
ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੀਆਂ ਗਈਆਂ ਲਾਮਿਸਾਲ ਪਹਿਲਕਦਮੀਆਂ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਅੱਜ ਪੰਜਾਬ ਦੇਸ਼ ਦਾ ਇਕੋ-ਇਕ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 5000 ਕਰੋੜ ਰੁਪਏ ਖਰਚ ਕੇ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ 50 ਹਜ਼ਾਰ ਰੁਪਏ ਦਾ ਵਿਆਜ ਮੁਕਤ ਫਸਲੀ ਕਰਜ਼ਾ ਵੀ ਸ਼ੁਰੂ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੈਨਸ਼ਨਾਂ, ਆਟਾ-ਦਾਲ, ਮਾਈ ਭਾਗੋ ਵਿਦਿਆ ਸਕੀਮ ਅਤੇ ਅਜਿਹੀਆਂ ਹੋਰ ਕਈ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਇੱਕ ਵਿਕਸਤ ਅਤੇ ਸ਼ਾਂਤੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਅੱਜ ਪੰਜਾਬ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਿਹਾ ਹੈ।
ਇਸ ਤੋਂ ਪਹਿਲਾਂ ਪਿੰਡ ਬਿੰਜੋਂ, ਅਕਾਲਗੜ੍ਹ ਅਤੇ ਗੜ੍ਹਸ਼ੰਕਰ ਵਿਖੇ ਉਨ੍ਹਾਂ ਕਿਹਾ ਕਿ ਦੇਸ਼ ਦਾ ਕੋਈ ਵੀ ਹੋਰ ਮੁੱਖ ਮੰਤਰੀ ਪਿੰਡ-ਪਿੰਡ ਜਾ ਕੇ ਅਜਿਹੇ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਦਾ ਹੱਲ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਪ੍ਰੋਗਰਾਮ ਸਿਰਫ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੇ ਕਾਰਜਕਾਲ ਵਿੱਚ ਹੀ ਕੀਤਾ ਜਾਂਦਾ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨੰਦਿਤਾ ਮਿਤਰਾ, ਐੱਸ ਐੱਸ ਪੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਪਤਵੰਤੇ ਹਾਜ਼ਰ ਸਨ।